nabaz-e-punjab.com

ਕੈਪਟਨ ਅਮਰਿੰਦਰ ਨੇ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਬਿੱਟੂ ਦੇ ਸੁਝਾਅ ’ਤੇ ਹੈਰਾਨੀ ਜ਼ਾਹਰ ਕੀਤੀ

ਪਾਰਟੀ ਲੀਡਰਾਂ ਨੂੰ ਅਜਿਹੀ ਜਨਤਕ ਬਿਆਨਬਾਜ਼ੀ ਤੋਂ ਸੰਕੋਚ ਕਰਨ ਦੀ ਸਲਾਹ, ਅਜਿਹੇ ਮਾਮਲੇ ਪਾਰਟੀ ’ਚ ਚੁੱਕੇ ਜਾਣ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਜੂਨ:
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਦੇ ਦਿੱਤੇ ਸੁਝਾਅ ’ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪਾਰਟੀ ਲੀਡਰਾਂ ਨੂੰ ਅਜਿਹੀ ਜਨਤਕ ਬਿਆਨਬਾਜ਼ੀ ਕਰਨ ਤੋਂ ਸੰਜਮ ਵਰਤਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਕਾਂਗਰਸ ਪਾਰਟੀ ਵਿੱਚ ਲਿਆਉਣ ਬਾਰੇ ਕੋਈ ਵੀ ਫੈਸਲਾ ਲੈਣਾ ਪਾਰਟੀ ਹਾਈ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਸਲਿਆਂ ਨਾਲ ਸਬੰਧਤ ਵਿਚਾਰ-ਚਰਚਾ ਕਰਨ ਲਈ ਪਾਰਟੀ ਮੰਚ ਹੀ ਸਹੀ ਥਾਂ ਹੁੰਦੀ ਹੈ।
ਸ੍ਰੀ ਬਿੱਟੂ ਵੱਲੋਂ ਸਾਲ 2019 ਦੀਆਂ ਚੋਣਾਂ ਤੋਂ ਪਹਿਲਾਂ ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਦਿੱਤੇ ਬਿਆਨ ’ਤੇ ਹੈਰਾਨੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਦੇ ਸੰਸਦ ਮੈਂਬਰ ਨੂੰ ਆਪਣੇ ਵਿਚਾਰ ਜਾਂ ਤਾਂ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੋਲ ਜਾਂ ਫਿਰ ਉਨ੍ਹਾਂ (ਮੁੱਖ ਮੰਤਰੀ) ਕੋਲ ਜ਼ਾਹਰ ਕਰਨੇ ਚਾਹੀਦੇ ਸਨ। ਮੁੱਖ ਮੰਤਰੀ ਨੇ ਕਿਹਾ ਜਮਹੂਰੀ ਸੰਸਥਾ ਹੋਣ ਦੇ ਨਾਤੇ ਕਾਂਗਰਸ ਪਾਰਟੀ ਸ੍ਰੀ ਬਿੱਟੂ ਦੀ ਸਲਾਹ ’ਤੇ ਅੰਦਰੂਨੀ ਪੱਧਰ ’ਤੇ ਵਿਚਾਰ ਸਕਦੀ ਹੈ ਅਤੇ ਅੰਤਮ ਫੈਸਲਾ ਪਾਰਟੀ ਹਾਈ ਕਮਾਂਡ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਨਿਯਮਾਂ ਮੁਤਾਬਕ ਕਿਸੇ ਸੰਸਦ ਮੈਂਬਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੁੰਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਬਿੱਟੂ ਪਾਰਟੀ ਦੇ ਸੀਨੀਅਰ ਨੇਤਾ ਹੋਣ ਦੇ ਨਾਤੇ ਪਾਰਟੀ ਦੀ ਕਾਰਜ ਪ੍ਰਣਾਲੀ ਤੋਂ ਭਲੀਭਾਂਤ ਜਾਣੰੂ ਹਨ ਜਿਸ ਕਰਕੇ ਉਨ੍ਹਾਂ ਨੂੰ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਪ੍ਰਕ੍ਰਿਆ ਅਪਣਾਉਣੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਸਬੰਧਤ ਮਾਮਲਿਆਂ ਨੂੰ ਜਨਤਕ ਤੌਰ ’ਤੇ ਉਠਾਉਣਾ ਪਾਰਟੀ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਸਲਿਆਂ ਨੂੰ ਉਠਾਉਣ ਜਾਂ ਵਿਚਾਰਨ ਲਈ ਮੀਡੀਆ ਢੁਕਵਾਂ ਮੰਚ ਨਹੀਂ ਹੈ ਅਤੇ ਉਨ੍ਹਾਂ ਨੇ ਸਾਰੇ ਕਾਂਗਰਸੀ ਲੀਡਰਾਂ ਨੂੰ ਅਜਿਹੇ ਮਾਮਲਿਆਂ ’ਤੇ ਅਨੁਸ਼ਾਨਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਕਿਆਸੀਰਾਈਆਂ ਨੂੰ ਤੂਲ ਦੇ ਸਕਦੀ ਹੈ ਜੋ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਲਈ ਘਾਤਕ ਸਾਬਤ ਜੋ ਸਕਦੀ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…