nabaz-e-punjab.com

‘ਮਿਸ਼ਨ ਤੰਦਰੁਸਤ ਪੰਜਾਬ’: ਸਿਵਲ ਸਰਜਨ ਵੱਲੋਂ ਡੇਂਗੂ ਦੀ ਰੋਕਥਾਮ ਲਈ ਸਿਹਤ ਕਾਮਿਆਂ ਨੂੰ ਸਖ਼ਤ ਹਦਾਇਤਾਂ ਜਾਰੀ

ਡੇਂਗੂ ਵਿਰੋਧੀ ਮਹੀਨੇ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਡੇਂਗੂ ਬੁਖ਼ਾਰ ਨੂੰ ਫੈਲਣ ਤੋਂ ਰੋਕਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਕਾਮਿਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੰਦਿਆਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਕਿਹਾ ਕਿ ਝੁੱਗੀ-ਝੋਪੜੀ ਅਤੇ ਬਸਤੀਆਂ ਵਿਚ ਵਿਸ਼ੇਸ਼ ਤੌਰ ’ਤੇ ਜਾ ਕੇ ਨਿਗਰਾਨੀ ਕੀਤੀ ਜਾਵੇ ਤਾਂ ਕਿ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਨੂੰ ਪੈਦਾ ਹੀ ਨਾ ਹੋਣ ਦਿੱਤਾ ਜਾਵੇ ਅਤੇ ਇਸ ਖ਼ਤਰਨਾਕ ਬੁਖ਼ਾਰ ਤੋਂ ਬਚਿਆ ਜਾ ਸਕੇ। ਡਾ. ਭਾਰਦਵਾਜ ਅੱਜ ਜ਼ਿਲ੍ਹਾ ਹਸਪਤਾਲ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਵਿਰੋਧੀ ਮਹੀਨੇ ਦੀ ਸ਼ੁਰੂਆਤ ਮੌਕੇ ਹੋਈ ਜ਼ਿਲ੍ਹਾ ਪੱਧਰੀ ਵਰਕਸ਼ਾਪ ਦੌਰਾਨ ਸਿਹਤ ਕਾਮਿਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਿਹਤ ਕਾਮਿਆਂ ਨੂੰ ਕਿਹਾ ਕਿ ਉਹ ਜਿਹੜੇ ਵੀ ਏਰੀਏ ਵਿੱਚ ਜਾਣ, ਉਥੇ ਚੰਗੀ ਤਰ੍ਹਾਂ ਵਿਆਪਕ ਜਾਂਚ-ਪੜਤਾਲ ਕੀਤੀ ਜਾਵੇ ਕਿਉਂਕਿ ਮਾੜੀ-ਮੋਟੀ ਕੁਤਾਹੀ ਕਾਰਨ ਇਹ ਮੱਛਰ ਪੈਦਾ ਹੋਣ ਦੀ ਗੁੰਜਾਇਸ਼ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਕੂਲਰ, ਕੰਟੇਨਰ, ਫ਼ਰਿੱਜਾਂ ਦੀਆਂ ਟਰੇਆਂ, ਗਮਲੇ, ਪੁਰਾਣੇ ਟਾਇਰ, ਛੱਤਾਂ ਆਦਿ ਦੀ ਚੰਗੀ ਤਰ੍ਹਾਂ ਘੋਖ ਕੀਤੀ ਜਾਵੇ। ਜਿਥੇ ਕਿਤੇ ਅਣਗਹਿਲੀ ਨਜ਼ਰ ਆਉਂਦੀ ਹੈ, ਉਥੇ ਚੇਤਾਵਨੀ ਦਿਤੀ ਜਾਵੇ ਅਤੇ ਲੋੜ ਪੈਣ ’ਤੇ ਚਲਾਨ ਕੀਤੇ ਜਾਣ।
ਡਾ. ਭਾਰਦਵਾਜ ਨੇ ਕਿਹਾ ਕਿ ਡੇਂਗੂ ਦਾ ਸੀਜ਼ਨ ਆਮ ਤੌਰ ’ਤੇ ਜੁਲਾਈ ਤੋਂ ਨਵੰਬਰ ਤੱਕ ਮੰਨਿਆ ਜਾਂਦਾ ਹੈ ਪਰ ਇਸ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਜ਼ਰੂਰੀ ਹਨ ਜੋ ਸਿਹਤ ਵਿਭਾਗ ਨੇ ਪਹਿਲਾਂ ਹੀ ਕਰ ਲਏ ਹਨ। ਉਨ੍ਹਾਂ ਕਿਹਾ ਕਿ ਇਹ ਬੀਮਾਰੀ ਸਾਡੇ ਰਹਿਣ-ਸਹਿਣ ਦੀ ਬੀਮਾਰੀ ਹੈ ਤੇ ਆਦਤਾਂ ਦੀ ਬੀਮਾਰੀ ਹੈ। ਜੇਕਰ ਅਸੀਂ ਸਾਰੇ ਚੌਕਸ ਰਾਹੀਂ ਅਤੇ ਜ਼ਰੂਰੀ ਸਾਵਧਾਨੀਆਂ ਵਰਤੀਏ ਤਾਂ ਇਸ ਤੋਂ ਆਰਾਮ ਨਾਲ ਬੱਚਿਆਂ ਜਾ ਸਕਦਾ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਵਰਕਸ਼ਾਪ ਵਿੱਚ ਪੁੱਜੇ ਹੋਏ ਸਿਹਤ ਕਾਮਿਆਂ ਨੂੰ ਪ੍ਰਾਜੈਕਟਰ ਦੀ ਮਦਦ ਨਾਲ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਕਿਹਾ ਕਿ ਸਰੀਰ ਅੰਦਰਲੇ ਪਲੇਟਲੈੱਟਸ ਜਾਂ ਸੈੱਲ ਘਟਣ ’ਤੇ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸੈੱਲਾਂ ਦੀ ਥੋੜੀ-ਬਹੁਤ ਕਮੀ ਆਮ ਤੌਰ ’ਤੇ ਹਰ ਬੁਖ਼ਾਰ ਵਿਚ ਹੋ ਜਾਂਦੀ ਹੈ। ਸੈੱਲ ਘਟਣ ਦਾ ਅਰਥ ਡੇਂਗੂ ਬੁਖ਼ਾਰ ਹੋਣਾ ਬਿਲਕੁਲ ਵੀ ਨਹੀਂ।’ ਡੇਂਗੂ ਬੁਖ਼ਾਰ ਦੀ ਪੁਸ਼ਟੀ ਸਿਰਫ਼ ਟੈਸਟ ਰਾਹੀਂ ਹੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬੀਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਇੱਕ ਅਜਿਹਾ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ’ਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿੱਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿੱਚ, ਫਰਿੱਜਾਂ ਪਿੱਛੇ ਲੱਗੀ ਟਰੇਅ ਵਿੱਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿੱਚ।
ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਲਈ ਜਰੂਰੀ ਹੈ ਕਿ ਹਫ਼ਤੇ ਵਿੱਚ ਘੱਟੋ-ਘੱਟ ਇਕ ਵਾਰ ਕੂਲਰਾਂ ਅਤੇ ਫ਼ਰਿੱਜਾਂ ਦੀਆਂ ਟਰੇਆਂ ਨੂੰ ਖਾਲੀ ਕਰਕੇ ਸੁਕਾਓ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ ਅਤੇ ਟੁੱਟੇ ਭੱਜੇ ਭਾਂਡਿਆਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ। ਇਸ ਲਈ ਅਜਿਹੇ ਕੱਪੜੇ ਪਾਓ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਤੇਜ਼ ਬੁਖ਼ਾਰ ਹੋਣ ਦੀ ਹਾਲਤ ਵਿੱਚ ਤੁਰੰਤ ਨੇੜਲੇ ਹਸਪਤਾਲ/ਡਿਸਪੈਂਸਰੀ ਵਿੱਚ ਜਾ ਕੇ ਜਾਂਚ ਕਰਵਾਓ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਪੇ-ਪੈਰਿਟੀ ਦੇ ਮੁੱਦੇ ’ਤੇ ਕੀ…