nabaz-e-punjab.com

ਸਿੱਖਿਆ ਮੰਤਰੀ ਓਪੀ ਸੋਨੀ ਤੇ ਕਾਂਗਰਸੀ ਵਿਧਾਇਕ ਦਰਸ਼ਨ ਬਰਾੜ ਨੇ ਕਰਵਾਇਆ ਡੋਪ ਟੈਸਟ

ਸਰਕਾਰੀ ਮੁਲਾਜ਼ਮ ਵਿਰੋਧ ਕਰਨ ਦੀ ਥਾਂ ਆਪਣਾ ਡੋਪ ਟੈਸਟ ਕਰਵਾਉਣ: ਸੋਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਡੋਪ ਟੈਸਟ ਕਰਵਾਉਣ ਦੀ ਹਾਮੀ ਭਰਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਡੋਪ ਟੈਸਟ ਕਰਵਾਉਣ ਲਈ ਪਹਿਲਕਦਮੀ ਕਰਨ ਮਗਰੋਂ ਅੱਜ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਵਾਇਆ ਗਿਆ। ਇੰਝ ਹੀ ਬਾਘਾ ਪੁਰਾਣਾ ਦੇ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਮੁਹਾਲੀ ਹਸਪਤਾਲ ਵਿੱਚ ਡੋਪ ਟੈਸਟ ਕਰਵਾਇਆ ਗਿਆ ਹੈ। ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨੌਜਵਾਨਾਂ ਅਤੇ ਸਾਰੀਆਂ ਰਾਜਸੀ ਪਾਰਟੀਆਂ ਦੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ‘ਆਪ’ ਦੇ ਵਿਧਾਇਕ ਕੰਵਰ ਸੰਧੂ ਅਤੇ ਅਮਨ ਅਰੋੜਾ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ, ਆਰਟੀਆਈ ਕਾਰਕੁਨ ਕੁਲਜੀਤ ਸਿੰਘ ਬੇਦੀ ਵੀ ਮੁਹਾਲੀ ਵਿੱਚ ਡੋਪ ਟੈਸਟ ਕਰਵਾ ਚੁੱਕੇ ਹਨ।
ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਓ.ਪੀ. ਸੋਨੀ ਅੱਜ ਅਚਾਨਕ ਸਰਕਾਰੀ ਹਸਪਤਾਲ ਪੁੱਜੇ ਅਤੇ ਸਿੱਧਾ ਐਸਐਮਓ ਡਾ. ਮਨਜੀਤ ਸਿੰਘ ਦੇ ਰੂਮ ਵਿੱਚ ਚਲੇ ਗਏ। ਜਿੱਥੇ ਉਨ੍ਹਾਂ ਨੇ ਡੋਪ ਟੈਸਟ ਕਰਵਾਉਣ ਦੀ ਮੁੱਢਲੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਟੈਸਟ ਸਬੰਧੀ ਫਾਰਮ ਭਰ ਕੇ ਖਿੜਕੀ ’ਤੇ 1500 ਰੁਪਏ ਸਰਕਾਰੀ ਫੀਸ ਜਮ੍ਹਾਂ ਕਰਵਾਈ। ਇਸ ਮਗਰੋਂ ਮੈਡੀਕਲ ਟੀਮ ਵੱਲੋਂ ਡੋਪ ਟੈਸਟ ਲਈ ਸਪੀਕਰ ਦੇ ਯੂਰੇਨ ਦਾ ਸੈਂਪਲ ਲਿਆ ਗਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਹਰੇਕ ਨਾਗਰਿਕ ਨੂੰ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਚਾਹੀਦਾ ਹੈ ਕਿ ਉਹ ਵਿਰੋਧ ਕਰਨ ਦੀ ਥਾਂ ਡੋਪ ਟੈਸਟ ਕਰਵਾਉਣ।
ਇੰਝ ਹੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਡੋਪ ਟੈਸਟ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿੱਚ ਅਤਿਵਾਦ ਤੋਂ ਬਾਅਦ ਨਸ਼ਾ ਬਹੁਤ ਵੱਡੀ ਸਮੱਸਿਆ ਬਣ ਗਿਆ ਹੈ। ਉਨ੍ਹਾਂ ਇਸ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਸਾਰੀਆਂ ਸਿਆਸੀਆਂ ਪਾਰਟੀਆਂ, ਸਾਰੇ ਵਰਗਾਂ ਅਤੇ ਸਾਰੇ ਧਰਮਾਂ ਨੂੰ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਪਾਕਿਸਤਾਨ-ਭਾਰਤ ਦੀ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਵੀ ਚੌਕਸੀ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਸਰਹੱਦ ਪਾਰ ਤੋਂ ਆ ਰਿਹਾ ਨਸ਼ਾ ਵੱਡਾ ਅਤੇ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਿਸੇ ਇਕ ਖਾਸ ਵਰਗ, ਗਰੁੱਪ ਜਾਂ ਉਮਰ ਵਰਗ ਦੀ ਸਮੱਸਿਆ ਨਹੀਂ ਹੈ। ਇਸ ਲਈ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕਰਨੇ ਹੋਣਗੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…