nabaz-e-punjab.com

ਡੀਸੀ ਵੱਲੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਕੀਤਾ ਦੌਰਾ, ਸਾਫ਼-ਸਫ਼ਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਕੀਤੇ ਜਾਣਗੇ ਬੰਦ: ਡੀਸੀ
ਖਰੜ ਸਥਿਤ ਸਿੱਧੂ ਡੀਐਡਿਕਸ਼ਨ ਕੇਂਦਰ ਅਤੇ ਆਕਾਸ਼ ਡੀਐਡਿਕਸ਼ਨ ਕੇਂਦਰ ਬੰਦ ਕਰਨ ਦਾ ਫੈਸਲਾ
ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਨਿਯਮਤ ਤੌਰ ’ਤੇ ਕੀਤੀ ਜਾ ਰਹੀ ਹੈ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੁਲਾਈ:
ਨਸ਼ਿਆਂ ਦੇ ਖ਼ਾਤਮੇ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੀ ਲਗਾਤਾਰ ਨਿਯਮਤ ਤੌਰ ’ਤੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਚੈਕਿੰਗ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੇਂਦਰਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਨਿਯਮਾਂ ਦੀ ਉਲੰਘਣਾ ਕਾਰਨ ਖਰੜ ਸਥਿਤ ਸਿੱਧੂ ਡੀਐਡਿਕਸ਼ਨ ਕੇਂਦਰ ਅਤੇ ਆਕਾਸ਼ ਡੀਐਡਿਕਸ਼ਨ ਕੇਂਦਰ ਨੂੰ ਬੰਦ ਕਰਨ ਦਾ ਫੈਸਲਾ ਕਰ ਕੇ ਇਸ ਸਬੰਧੀ ਰਿਪੋਰਟ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਇੱਥੇ ਸੈਕਟਰ 66 ਸਥਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਸਿਹਤ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕੇਂਦਰ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਲਾਲੜੂ, ਢਕੌਲੀ ਅਤੇ ਬਨੂੜ ਵਿੱਚ ਕਮਿਊਨਿਟੀ ਹੈੱਲਥ ਸੈਂਟਰਾਂ (ਸੀਐਚਸੀ) ਵਿੱਚ ਖੋਲ੍ਹੇ ਜਾ ਰਹੇ ਓ.ਓ.ਏ.ਟੀ. (ਓਟ) ਕਲੀਨਿਕਾਂ ਸਬੰਧੀ ਮੀਟਿੰਗ ਵੀ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਲਈ ਸਟਾਫ਼ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਦੀ ਫੌਰੀ ਪੂਰਤੀ ਲਈ ਆਊਟਸੋਰਸਿੰਗ ਜ਼ਰੀਏ ਸਟਾਫ਼ ਰੱਖੇ ਜਾਣ ਦੀ ਤਜਵੀਜ਼ ਹੈ, ਜਿਨ੍ਹਾਂ ਵਿੱਚ ਨਰਸਾਂ, ਡਾਟਾ ਐਂਟਰੀ ਅਪਰਟੇਰ, ਸੁਰੱਖਿਆ ਗਾਰਡ ਸਮੇਤ ਸਾਰਾ ਲੋੜੀਂਦਾ ਸਟਾਫ਼ ਸ਼ਾਮਲ ਹੋਵੇਗਾ। ਉਨ੍ਹਾਂ ਦੱਸਿਆ ਕਿ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਨਸ਼ਾ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਖਰੜ ਸਥਿਤ ਸਿੱਧੂ ਡੀਐਡਿਕਸ਼ਨ ਕੇਂਦਰ ਅਤੇ ਆਕਾਸ਼ ਡੀਐਡਿਕਸ਼ਨ ਕੇਂਦਰ ਵਿੱਚ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ। ਇਸ ਲਈ ਇਨ੍ਹਾਂ ਕੇਂਦਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਨਸ਼ਾ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਉਪਰੋਕਤ ਕੇਂਦਰਾਂ ਵਿੱਚ ਨਾ ਜਾਣ ਕਿਉਂਕਿ ਉਥੇ ਇਲਾਜ ਦੀ ਥਾਂ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੋ ਸਕਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਨਸ਼ਾ ਪੀੜਤ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਅਲਾਹਮਤ ਤੋਂ ਛੁਟਕਾਰੇ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਸੈਕਟਰ 66 ਸਥਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਇਲਾਜ ਕਰਵਾਉਣ ਨੂੰ ਤਰਜੀਹ ਦੇਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਸਥਾਪਤ ਪ੍ਰਾਈਵੇਟ ਹਸਪਤਾਲਾਂ ਨੂੰ ਚਿੱਠੀ ਭੇਜੀ ਜਾਵੇਗੀ ਕਿ ਉਨ੍ਹਾਂ ਦੇ ਹਸਪਤਾਲਾਂ ਦੇ ਮਨੋਰੋਗਾਂ ਦੇ ਮਾਹਰ ਡਾਕਟਰ ਹਫ਼ਤੇ ਵਿੱਚ ਚਾਰ ਘੰਟੇ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਨੂੰ ਦੇਣ। ਇਨ੍ਹਾਂ ਡਾਕਟਰਾਂ ਦੀਆਂ ਚਾਰ ਚਾਰ ਘੰਟਿਆਂ ਦੀਆਂ ਸੇਵਾਵਾਂ ਨੂੰ ਇਸ ਢੰਗ ਨਾਲ ਤੈਅ ਕੀਤਾ ਜਾਵੇਗਾ ਕਿ 24 ਘੰਟੇ ਮਨੋਰੋਗਾਂ ਦੇ ਮਾਹਰਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਤੋਂ ਇਲਾਵਾ ਸੇਵਾ ਮੁਕਤ ਡਾਕਟਰਾਂ ਨਾਲ ਵੀ ਰਾਬਤਾ ਕੀਤਾ ਜਾਵੇਗਾ। ਸੈਕਟਰ 66 ਸਥਿਤ ਨਸ਼ਾ ਛੁਡਾਊ ਕੇਂਦਰ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਉਥੇ ਦਾਖ਼ਲ ਮਰੀਜ਼ਾਂ ਅਤੇ ਉਥੇ ਪੁੱਜੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਅਪੀਲ ਕੀਤੀ ਕਿ ਨਸ਼ਾ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਬਿਨਾਂ ਕਿਸੇ ਡਰ ਤੋਂ ਸਰਕਾਰੀ ਕੇਂਦਰਾਂ ਤੋਂ ਇਲਾਜ ਕਰਵਾਉਣ ਕਿਉਂਕਿ ਇਥੇ ਮਰੀਜ਼ ਨਾਲ ਕਿਸੇ ਕਿਸਮ ਦੀ ਕੋਈ ਵਧੀਕੀ ਨਹੀਂ ਹੁੰਦੀ।
ਇਸ ਮੌਕੇ ਐਸ.ਡੀ.ਐਮ. ਮੋਹਾਲੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ.ਜਸਬੀਰ ਸਿੰਘ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ, ਡੀ.ਐਮ.ਸੀ (ਐਸ.ਏ.ਐਸ ਨਗਰ) ਡਾ. ਰਾਕੇਸ਼ ਸਿੰਗਲਾ, ਡਾ. ਪੂਜਾ ਗਰਗ ਐਮ.ਡੀ.ਸਾਇਕੇਟਰੀ ਨਸ਼ਾ ਛੁਡਾਊ ਕੇਂਦਰ ਸੈਕਟਰ-66, ਡੀ.ਸੀ.ਓ. ਮਨਪ੍ਰੀਤ ਕੌਰ, ਸੰਜੀਵ ਵਸ਼ਿਸ਼ਟ, ਡਾ. ਐਸ.ਐਸ.ਸੋਢੀ, ਗੁਰਦੀਪ ਸਿੰਘ ਚਾਹਲ ਸਮੇਤ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਡੀ ਗਿਣਤੀ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…