nabaz-e-punjab.com

ਕੈਪਟਨ ਸਰਕਾਰ ਦੇ ਹੁਕਮਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੇਵਾ ਕੇਂਦਰਾਂ ਨੂੰ ਜੜੇ ਤਾਲੇ, ਲੋਕ ਪ੍ਰੇਸ਼ਾਨ

ਅਕਾਲੀ ਭਾਜਪਾ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ 2016 ਵਿੱਚ ਮੁਹਾਲੀ ਸ਼ਹਿਰ ਅਤੇ ਪਿੰਡਾਂ ਵਿੱਚ ਖੋਲ੍ਹੇ ਸੀ ਸੇਵਾ ਕੇਂਦਰ

ਡੀਸੀ ਦਫ਼ਤਰ ਵੱਲੋਂ ਕੌਂਸਲਰਾਂ ਨਾਲ ਤਾਲਮੇਲ ਕਰਕੇ ਇਮਾਰਤਾਂ ਦੀ ਰਖਵਾਲੀ ਲਈ ਚੌਕੀਦਾਰਾਂ ਦੀ ਭਾਲ ਤੇਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਪੰਜਾਬ ਸਰਕਾਰ ਦੇ ਹੁਕਮਾਂ ’ਤੇ ਮੁਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਸ਼ਹਿਰੀ ਖੇਤਰ ਅਤੇ ਦਿਹਾਤੀ ਖੇਤਰ ਵਿੱਚ ਸੁਵਿਧਾ ਕੇਂਦਰਾਂ\ਸੇਵਾ ਕੇਂਦਰਾਂ ਨੂੰ ਤਾਲੇ ਜੜ੍ਹ ਦਿੱਤੇ ਹਨ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੇਵਾ ਕੇਂਦਰਾਂ ਵਿੱਚ ਤਾਇਨਾਤ ਸਟਾਫ਼ ਨੂੰ ਫਾਰਗ ਕਰਕੇ ਹੁਣ ਇਨ੍ਹਾਂ ਅਦਾਰਿਆਂ ਦੀਆਂ ਇਮਾਰਤਾਂ ਦੀ ਰਖਵਾਲੀ ਲਈ ਚੌਕੀਦਾਰਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਮੁਲਾਜ਼ਮਾਂ ਨਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਸਮੇਤ ਪੰਜਾਬ ਦੇ ਹੋਰਨਾਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਆਮ ਲੋਕਾਂ ਦੀ ਸੁਵਿਧਾ ਲਈ ਵੱਡੀ ਗਿਣਤੀ ਵਿੱਚ ਸੁਵਿਧਾ ਕੇਂਦਰ\ਸੇਵਾ ਕੇਂਦਰ ਖੋਲ੍ਹੇ ਗਏ ਸੀ। ਇਨ੍ਹਾਂ ਕੇਂਦਰਾਂ ਵਿੱਚ ਕਰੀਬ 200 ਸਹੂਲਤਾਂ ਇੱਕ ਹੀ ਖਿੱੜਕੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਅਤੇ ਲੋਕ ਵੀ ਕਾਫੀ ਖੁਸ਼ ਸਨ ਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣ ਦੀ ਬਜਾਏ ਘਰਾਂ ਦੇ ਨੇੜੇ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ।
ਇਕੱਤਰ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੇ ਇੱਥੋਂ ਦੇ ਫੇਜ਼-5, ਫੇਜ਼-11, ਇਤਿਹਾਸਕ ਨਗਰ ਚੱਪੜਚਿੜੀ ਖੁਰਦ, ਨਾਨੂੰਮਾਜਰਾ, ਬਾਕਰਪੁਰ, ਕੁਰੜੀ ਅਤੇ ਦਰਜਨਾਂ ਪਿੰਡਾਂ ਦਾ ਸੈਂਟਰ ਪੁਆਇੰਟ ਪਿੰਡ ਸਨੇਟਾ ਵਿੱਚ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਤਾਲੇ ਜੜ ਦਿੱਤੇ ਗਏ ਹਨ। ਇਸੇ ਤਰ੍ਹਾਂ ਖਰੜ ਅਤੇ ਡੇਰਾਬੱਸੀ, ਬਨੂੜ, ਕੁਰਾਲੀ, ਮੁੱਲਾਂਪੁਰ ਗਰੀਬਦਾਸ ਆਦਿ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਅਜਿਹੇ ਸੇਵਾ ਕੇਂਦਰ ਬੰਦ ਕੀਤੇ ਗਏ ਹਨ। ਮੁਹਾਲੀ ਵਿੱਚ ਕਰੀਬ ਸਾਢੇ ਤਿੰਨ ਲੱਖ ਤੋਂ ਵੱਧ ਆਬਾਦੀ ਲਈ ਸਿਰਫ਼ ਇੱਥੋਂ ਦੇ ਫੇਜ਼-1, ਫੇਜ਼-3ਬੀ2 ਅਤੇ ਪਿੰਡ ਮਨੌਲੀ ਵਿੱਚ ਸੇਵਾ ਕੇਂਦਰ ਚਲਦਾ ਰਹਿਣ ਦਿੱਤਾ ਹੈ।
ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ, ਅਕਾਲੀ ਕੌਂਸਲਰ ਅਮਰੀਕ ਸਿੰਘ ਤਸਿੀਲਦਾਰ ਅਤੇ ਚੱਪੜਚਿੜੀ ਦੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਵਜ਼ਾਰਤ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਖੋਲ੍ਹੇ ਗਏ ਸੇਵਾ ਕੇਂਦਰਾਂ ਵਿੱਚ ਪਾਸਪੋਰਟ, ਲਾਇਸੈਂਸ ਬਣਾਉਣ, ਬਿਜਲੀ ਦੇ ਬਿੱਲ ਭਰਨ, ਸਾਊਂਡ ਦੀ ਪ੍ਰਵਾਨਗੀ, ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਦੇ ਫਾਰਮ, ਸੀਨੀਅਰ ਸਿਟੀਜਨਾਂ ਦੇ ਕਾਰਡ, ਆਧਾਰ ਕਾਰਡ ਸਮੇਤ 180 ਤੋਂ ਵੱਧ ਲੋਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸੈਂਕੜੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤਾਂ ਕੀ ਪ੍ਰਦਾਨ ਕਰਨੀਆਂ ਸਨ, ਉਲਟਾ ਪਹਿਲਾਂ ਤੋਂ ਮਿਲਦੀਆਂ ਸੁਵਿਧਾਵਾਂ ਵੀ ਵਾਪਸ ਲੈ ਲਈਆਂ ਹਨ। ਉਨ੍ਹਾਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਬੀਤੇ ਦਿਨੀਂ ਡੀਸੀ ਦਫ਼ਤਰ ਤੋਂ ਕੁਝ ਕਰਮਚਾਰੀ ਉਨ੍ਹਾਂ ਕੋਲ ਆਏ ਅਤੇ ਕਹਿਣ ਲੱਗੇ ਕਿ ਬੰਦ ਕੀਤੇ ਸੇਵਾ ਕੇਂਦਰਾਂ ਦੀ ਰਖਵਾਲੀ ਲਈ ਚੌਂਕੀਦਾਰ ਲੱਭ ਦੇ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਲੋਕ ਹਿੱਤ ਸੇਵਾ ਕੇਂਦਰਾਂ ਨੂੰ ਮੁੜ ਚਾਲੂ ਕੀਤਾ ਜਾਵੇ।
(ਬਾਕਸ ਆਈਟਮ)
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਕੀਤੇ ਗਏ ਸਰਵੇ ਮੁਤਾਬਕ ਸ਼ਹਿਰਾਂ ਅਤੇ ਪਿੰਡਾਂ ਵਿੱਚ ਜ਼ਰੂਰਤ ਤੋਂ ਵੱਧ ਸੇਵਾ ਕੇਂਦਰ ਖੋਲ੍ਹੇ ਗਏ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਸੇਵਾ ਕੇਂਦਰਾਂ ਵਿੱਚ ਲੋਕਾਂ ਦੀ ਆਵਾਜਾਈ ਬਹੁਤ ਘੱਟ ਸੀ। ਉਨ੍ਹਾਂ ਕੇਂਦਰਾਂ ਨੂੰ ਬੰਦ ਕਰਨ ਲਈ ਐਸਡੀਐਮ ਦੀ ਅਗਵਾਈ ਹੇਠ ਸਬ ਕਮੇਟੀ ਬਣਾਈ ਗਈ ਸੀ। ਅਧਿਕਾਰੀ ਦੀ ਰਿਪੋਰਟ ਦੇ ਮੱਦੇਨਜ਼ਰ ਮੁਹਾਲੀ ਵਿੱਚ ਕੁਝ ਸੇਵਾ ਬੰਦ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…