nabaz-e-punjab.com

ਬਡੀ ਪ੍ਰੋਗਰਾਮ ਦੀ ਸਫਲਤਾ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਹਿਯੋਗ ਜ਼ਰੂਰੀ: ਡੀਸੀ

ਯਾਦਵਿੰਦਰਾ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੰਡੇ ਜਾਣਗੇ ਦੋ ਹਜ਼ਾਰ ਪੌਦੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਵੱਲੋਂ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਮੁਕੰਮਲ ਰੂਪ ਵਿੱਚ ਵਿਦਿਆਰਥੀਆਂ ’ਤੇ ਆਧਾਰਿਤ ਵਿਸ਼ੇਸ਼ ਪ੍ਰੋਗਰਾਮ ਹੈ। ਇਸ ਤਰ੍ਹਾਂ ਰਾਜ ਨੂੰ ਹਰਿਆ-ਭਰਿਆ ਬਣਾ ਕੇ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਅਤੇ ਘਰ-ਘਰ ਹਰਿਆਲੀ ਮਿਸ਼ਨ ਵੀ ਚਲਾਏ ਗਏ ਹਨ। ਇਨ੍ਹਾਂ ਪ੍ਰੋਗਰਾਮਾਂ ਦੀ ਸਫਲਤਾ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਇੱਥੋਂ ਦੇ ਯਾਦਵਿੰਦਰਾ ਪਬਲਿਕ ਸਕੂਲ (ਵਾਈਪੀਐਸ) ਵਿੱਚ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਅਤੇ ਘਰ-ਘਰ ਹਰਿਆਲੀ ਮਿਸ਼ਨ ਤਹਿਤ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਉਣ ਅਤੇ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਡੀਸੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪਹਿਲਾਂ ਡੈਪੋ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ 15 ਅਗਸਤ ਤੋਂ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰੋਗਰਾਮ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਤਕਨੀਕੀ ਸੰਸਥਾਵਾਂ ਵਿੱਚ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਹਰ ਕਲਾਸ ਦੇ 5-5 ਵਿਦਿਆਰਥੀਆਂ ਦੇ ਗਰੁੱਪ ਬਣਾਏ ਜਾਣਗੇ। ਜੋ ਕਲਾਸ ਇੰਚਾਰਜ (ਸੀਨੀਅਰ ਬਡੀ) ਦੀ ਅਗਵਾਈ ਵਿੱਚ ਕੰਮ ਕਰਦੇ ਹਨ। ਬਡੀ ਪ੍ਰੋਗਰਾਮ ਦੇ ਟੀਚਿਆਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਸੁਰੱਖਿਅਤ ਰੱਖਣਾ, ਗਿਆਨ ਪ੍ਰਦਾਨ ਕਰਨਾ, ਹੁਨਰ ਵਿਕਾਸ ਕਰਨਾ ਅਤੇ ਵਿਦਿਆਰਥੀਆਂ ਵਿੱਚ ਉਸਾਰੂ ਸੋਚ ਪੈਦਾ ਕਰਨਾ ਸ਼ਾਮਲ ਹੈ।
ਸ੍ਰੀਮਤੀ ਸਪਰਾ ਨੇ ਵਿਦਿਆਰਥੀਆਂ ਨੂੰ ਬੈਜ ਲਗਾ ਕੇ ਸਕੂਲ ਵਿੱਚ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਅਤੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦਾ ਅਹਿਦ ਲਿਆ। ਇਸ ਮਗਰੋਂ ਡੀਸੀ ਨੇ ਸਕੂਲ ਦੇ ਵਿਹੜੇ ਵਿੱਚ ਚੰਦਨ ਦਾ ਬੂਟਾ ਲਗਾਇਆ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਮੁਫ਼ਤ ਪੌਦੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁਹਾਲੀ ਹਰਿਆਲੀ ਮਿਸ਼ਨ ਤਹਿਤ ਸਮੁੱਚੇ ਜ਼ਿਲੇ੍ਹ ਵਿੱਚ ਤਿੰਨ ਸਾਲਾਂ ਵਿੱਚ 1 ਕਰੋੜ ਪੌਦੇ ਲਾਏ ਜਾਣੇ ਹਨ ਅਤੇ ਹੁਣ ਤੱਕ 10 ਲੱਖ ਪੌਦੇ ਲਗਾਏ ਜਾ ਚੁੱਕੇ ਹਨ।
ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਤਿੰਨ ਰੋਜ਼ਾ ਪ੍ਰੋਗਰਾਮ ਦੌਰਾਨ ਵਾਈਪੀਐਸ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ 2 ਹਜ਼ਾਰ ਪੌਦੇ ਵੰਡੇ ਜਾਣਗੇ ਤਾਂ ਜੋ ਉਹ ਆਪਣੇ ਘਰਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਪੌਦੇ ਲਗਾ ਸਕਣ। ਇਸ ਮੌਕੇ ਸਕੂਲ ਦੇ ਡਾਇਰੈਕਟਰ ਟੀਪੀਐਸ ਵੜੈਚ, ਯੂਥ ਅਕਾਲੀ ਆਗੂ ਰਾਜਾ ਕੰਵਰਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…