nabaz-e-punjab.com

ਮੁਹਾਲੀ ਦੇ ਵਕੀਲਾਂ ਵੱਲੋਂ ਜ਼ਿਲ੍ਹਾ ਅਦਾਲਤ ਦੇ ਬਾਹਰ ਧਰਨਾ, ਭੁੱਖ ਹੜਤਾਲ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਵੱਡੀ ਗਿਣਤੀ ਮੈਂਬਰਾਂ ਵੱਲੋਂ ਪ੍ਰਧਾਨ ਹਰਦੀਪ ਸਿੰਘ ਦੀਵਾਨਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਅਦਾਲਤ ਦੇ ਕੰਮ ਦਾ ਬਾਈਕਾਟ ਕੀਤਾ। ਇਸ ਦੌਰਾਨ ਸੀਨੀਅਰ ਵਕੀਲ ਅਨਿਲ ਕੌਸ਼ਿਕ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਵਕੀਲਾਂ ਦੀਆਂ ਮੰਗਾਂ ਦਾ ਹੱਲ ਹੋਣ ਤੱਕ ਭੁੱਖ ਹੜਤਾਲ ਤੇ ਧਰਨਾ ਜਾਰੀ ਰਹੇਗਾ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਵਕੀਲਾਂ ਦਾ ਧਰਨਾ ਜਾਰੀ ਸੀ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਦੀਵਾਨਾ ਨੇ ਕਿਹਾ ਕਿ ਵਕੀਲਾਂ ਦੇ ਚੈਂਬਰਾਂ ਅਤੇ ਅਦਾਲਤ ਨੂੰ ਆਉਣ ਜਾਣ ਵਾਲੇ ਰਸਤੇ ਵਿੱਚ ਲਗਾਏ ਗੇਟਾਂ ਨੂੰ ਹਟਾਇਆ ਜਾਵੇ ਤਾਂ ਜੋ ਵਕੀਲਾਂ ਨੂੰ ਆਪਣੇ ਚੈਂਬਰਾਂ ਵਿੱਚ ਆਉਣ ਜਾਣ ਲਈ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਵਕੀਲਾਂ ਦੇ ਚੈਂਬਰ ਅਤੇ ਅਦਾਲਤ ਵਿੱਚ ਲਗਾਏ ਗੇਟ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲਣ ਦੀ ਤਜਵੀਜ਼ ਹੈ। ਇਹ ਗੇਟ ਛੁੱਟੀ ਵਾਲੇ ਦਿਨ ਵੀ ਬੰਦ ਰਹਿਣਗੇ, ਜਦਕਿ ਵਕੀਲ 5 ਵਜੇ ਤੋਂ ਬਾਅਦ ਵੀ ਆਪਣੇ ਚੈਂਬਰਾਂ ਵਿੱਚ ਕੰਮ ਕਰਦੇ ਹਨ ਅਤੇ ਛੁੱਟੀ ਵਾਲੇ ਦਿਨ ਵੀ ਕੰਮ ਨੂੰ ਸਮੇਟਣ ’ਚ ਰੁੱਝੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਗੇਟ ਬੰਦ ਰਹਿਣ ਕਾਰਨ ਵਕੀਲਾਂ ਨੂੰ ਆਪਣੇ ਚੈਂਬਰਾਂ ਵਿੱਚ ਜਾਣ ਲਈ ਹੋਰ ਕੋਈ ਵੀ ਰਸਤਾ ਨਹੀਂ ਹੈ ਅਤੇ ਜੇਕਰ ਕੋਈ ਅਚਨਚੇਤ ਅੱਗ ਲੱਗਣ ਕਾਰਨ ਹਾਦਸਾ ਹੋ ਜਾਂਦਾ ਹੈ ਤਾਂ ਵਕੀਲਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਵਕੀਲਾਂ ਨੇ ਮੁਹਾਲੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਦਾਲਤ ਵਿੱਚ ਗੇਟ ਪੱਕੇ ਤੌਰ ’ਤੇ ਖੋਲ੍ਹੇ ਜਾਣ ਅਤੇ ਲੰਮੇ ਸਮੇਂ ਤੋਂ ਅਦਾਲਤ ਵਿੱਚ ਬੰਦ ਪਈ ਕੰਟੀਨ ਨੂੰ ਜਲਦੀ ਚਾਲੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਦਾਲਤ ਕੰਪਲੈਕਸ ਦੀ ਬੇਸਮੈਂਟ ਵਿੱਚ ਲਗਭਗ 300 ਕਾਰਾਂ ਦੀ ਪਾਰਕਿੰਗ ਦੀ ਵਿਵਸਥਾ ਹੈ ਪ੍ਰੰਤੂ ਅਦਾਲਤ ਪ੍ਰਸ਼ਾਸਨ ਨੇ ਪਾਰਕਿੰਗ ਨੂੰ ਜਾਣਬੁਝ ਕੇ ਬੰਦ ਰੱਖਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਬੇਸਮੈਂਟ ਦੀ ਪਾਰਕਿੰਗ ਨੂੰ ਤੁਰੰਤ ਵਕੀਲਾਂ ਦੀ ਸਹੂਲਤ ਲਈ ਖੋਲ੍ਹਿਆ ਜਾਵੇ ਤਾਂ ਜੋ ਰੋਜ਼ਾਨਾ ਮੁੱਖ ਸੜਕ ’ਤੇ ਲੱਗਦੇ ਜਾਮ ਤੋਂ ਨਿਜਾਤ ਮਿਲ ਸਕੇ। ਇਸ ਮੌਕੇ ਬਲਜਿੰਦਰ ਸਿੰਘ ਸੈਣੀ, ਨਰਪਿੰਦਰ ਸਿੰਘ ਰੰਗੀ, ਗੁਰਦੀਪ ਸਿੰਘ, ਸੁਸ਼ੀਲ ਅੱਤਰੀ ਸਮੇਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…