nabaz-e-punjab.com

ਡਰੱਗ ਕੇਸ: ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਤੇ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੀ ਕਾਰਵਾਈ ਟਲੀ

ਮੁਲਜ਼ਮਾਂ ਨੇ 31 ਅਗਸਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਫੈਸਲੇ ਨੂੰ ਚੁਣੌਤੀ ਦੇਣ ਦੀ ਮੋਹਲਤ, ਅਗਲੀ ਸੁਣਵਾਈ 21 ਸਤੰਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਹੋਈ। ਇਸ ਮਾਮਲੇ ਵਿੱਚ ਇੰਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਵੱਖਰੇ ਤੌਰ ’ਤੇ ਨਾਮਜ਼ਦ ਕੀਤੇ ਸਾਬਕਾ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਸ ਦੇ ਲੜਕੇ ਦਮਨਵੀਰ ਸਿੰਘ ਫਿਲੌਰ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਚੰਦਰ ਅਤੇ ਜਗਜੀਤ ਸਿੰਘ ਚਾਹਲ ਦੀ ਪਤਨੀ ਇੰਦਰਜੀਤ ਕੌਰ ਵਿਰੁੱਧ ਦੋਸ ਤੈਅ ਕਰਨ ਦੀ ਕਾਰਵਾਈ ਫਿਲਹਾਲ ਟਲ ਗਈ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਨੇ ਬੀਤੀ 31 ਅਗਸਤ ਨੂੰ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਉਕਤ ਮੁਲਜ਼ਮਾਂ ਦੀਆਂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਕਰਕੇ ਅੱਜ 7 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਸਨ।
ਈਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਨੇ ਦੱਸਿਆ ਕਿ ਮੁਲਜ਼ਮਾਂ ਨੇ ਆਪੋ ਆਪਣੇ ਵਕੀਲਾਂ ਰਾਹੀਂ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀਆਂ ਦਾਇਰ ਕਰਕੇ ਗੁਹਾਰ ਲਗਾਈ ਕਿ ਬੀਤੀ 31 ਅਗਸਤ ਨੂੰ ਸੀਬੀਆਈ ਅਦਾਲਤ ਵੱਲੋਂ ਉਨ੍ਹਾਂ ਦੀਆਂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਕਰਨ ਦੇ ਫੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਣੀ ਹੈ। ਕਿਰਪਾ ਕਰਕੇ ਉਨ੍ਹਾਂ (ਮੁਲਜ਼ਮਾਂ) ਨੂੰ ਹਾਈ ਕੋਰਟ ਦਾ ਬੂਹਾ ਖੜਕਾਉਣ ਦੀ ਮੋਹਲਤ ਦਿੱਤੀ ਜਾਵੇ। ਅਦਾਲਤ ਨੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦੀ ਕਾਰਵਾਈ 21 ਸਤੰਬਰ ਤੱਕ ਅੱਗੇ ਟਾਲ ਦਿੱਤੀ ਹੈ।
ਈਡੀ ਵੱਲੋਂ ਸਾਬਕਾ ਮੰਤਰੀ ਸਰਵਣ ਸਿੰਘ ਫਿਲੋਰ ’ਤੇ ਦੋਸ਼ ਲਗਾਇਆ ਗਿਆ ਹੈ ਕਿ ਗੁਰਮੇਸ਼ ਸਿੰਘ ਉਰਫ਼ ਗਾਬਾ ਕੋਲੋਂ ਮਿਲੀ ਡਾਇਰੀ ਵਿੱਚ ਸਰਵਣ ਸਿੰਘ ਫਿਲੋਰ ਦੀ ਚੋਣ ’ਤੇ ਕੀਤੇ ਗਏ ਖਰਚ ਦਾ ਬਿਉਰਾ ਦਰਜ ਸੀ। ਜਦੋਂਕਿ ਡਰੱਗ ਕੇਸ ਵਿੱਚ ਗ੍ਰਿਫ਼ਤਾਰ ਵਰਿੰਦਰ ਰਾਜਾ ਨੇ ਪੁੱਛਗਿੱਛ ਦੌਰਾਨ ਪੁਲੀਸ ਕੋਲ ਸਾਬਕਾ ਮੰਤਰੀ ਦੇ ਬੇਟੇ ਦਮਨਵੀਰ ਸਿੰਘ ਦਾ ਨਾਂ ਲਿਆ ਸੀ ਕਿ ਉਸ ਨੇ ਦਮਨਵੀਰ ਨੂੰ ਗੁਰਜੀਤ ਗਾਬਾ ਨਾਲ ਮਿਲਾਇਆ ਸੀ। ਗੁਰਜੀਤ ਗਾਬਾ ਅਤੇ ਗੁਰਮੇਸ਼ ਗਾਬਾ ਦੋਵੇਂ ਭਰਾ ਹਨ। ਸਾਬਕਾ ਸੰਸਦ ਸਕੱਤਰ ਅਵਿਨਾਸ਼ ਚੰਦਰ ’ਤੇ ਦੋਸ਼ ਹੈ ਕਿ ਗੁਰਮੇਸ਼ ਗਾਬਾ ਕੋਲੋਂ ਮਿਲੀ ਡਾਇਰੀ ਵਿੱਚ ਚੋਣ ਵਿੱਚ ਖਰਚ ਕੀਤੇ ਪੈਸਿਆਂ ਤੋਂ ਇਲਾਵਾ ਹੋਰ ਖਰਚੇ ਦਾ ਹਿਸਾਬ ਕਿਤਾਬ ਲਿਖਿਆ ਹੋਇਆ ਮਿਲਿਆ ਹੈ। ਇਸੇ ਤਰ੍ਹਾਂ ਇੰਦਰਜੀਤ ਕੌਰ ’ਤੇ ਉਸ ਦੇ ਪਤੀ ਨੇ ਬੇਨਾਮੀ ਸੰਪਤੀ ਦੀ ਖਰੀਦਣ ਦਾ ਦੋਸ਼ ਹੈ।
ਜ਼ਿਕਰਯੋਗ ਹੈ ਕਿ ਈਡੀ ਵੱਲੋਂ ਦੋ ਸਾਬਕਾ ਮੰਤਰੀਆਂ ਸਮੇਤ 12 ਮੁਲਜ਼ਮਾਂ ਅਤੇ ਉਨ੍ਹਾਂ ਦੀਆਂ ਵੱਖ-ਵੱਖ ਕੰਪਨੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਚਲਾਨ ਵਿੱਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਉਸ ਦੇ ਬੇਟੇ ਦਮਨਵੀਰ ਸਿੰਘ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਚੰਦਰ ਅਤੇ ਹੋਰਨਾਂ ਕਈ ਮੁਲਜ਼ਮਾਂ ਦਾ ਵੇਰਵਾ ਸ਼ਾਮਲ ਹਨ। ਉਕਤ ਮੁਲਜ਼ਮਾਂ ’ਤੇ ਬਹੁ ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਇੱਕ ਦੂਜੇ ਦੀ ਮਦਦ ਨਾਲ ਬੇਨਾਮੀ ਜਾਇਦਾਦਾਂ ਬਣਾਉਣ ਦਾ ਦੋਸ਼ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…