nabaz-e-punjab.com

ਸਕੂਲੀ ਬੱਚਿਆਂ ਨੂੰ ਧਮਾਕੇਦਾਰ ਪਟਾਕੇ ਅਤੇ ਆਤਿਸ਼ਬਾਜ਼ੀ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਹੋਕਾ ਦਿੰਦਿਆਂ ਸਕੂਲੀ ਬੱਚਿਆਂ ਨੂੰ ਧਮਾਕੇਦਾਰ ਪਟਾਕੇ ਅਤੇ ਆਤਿਸ਼ਬਾਜ਼ੀ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਇਸ ਸਬੰਧੀ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆਂ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬੱਚਿਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਆਤਿਸ਼ਬਾਜ਼ੀ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਬੱਚਿਆਂ ਨੂੰ ਪ੍ਰੇਰਿਤ ਕਰਦੇ ਆ ਰਹੇ ਹਨ। ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਐਤਕੀਂ ਵੀ ਸਕੂਲੀ ਬੱਚਿਆਂ ਨੇ ਦੀਵਾਲੀ ਮੌਕੇ ਧਮਾਕੇਦਾਰ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਚਲਾਉਣ ਲਈ ਹਾਮੀ ਭਰੀ ਹੈ।
ਇਸ ਮੌਕੇ ਰੇਸ਼ਮ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਆਤਿਸ਼ਬਾਜ਼ੀ ਦਾ ਪ੍ਰਯੋਗ ਕਰਕੇ ਅਸੀਂ ਆਪਣੇ ਪੈਰਾਂ ’ਤੇ ਖ਼ੁਦ ਹੀ ਕੁਹਾੜਾ ਮਾਰ ਰਹੇ ਹਾਂ। ਹਰੀ ਦੀਵਾਲੀ ਮਨਾ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ।
ਇਸ ਮੌਕੇ ਮੁੱਖ ਅਧਿਆਪਕ ਜਸਵੀਰ ਸਿੰਘ, ਰਵਿੰਦਰ ਕੌਰ, ਹਰਸਿਮਰਨ ਕੌਰ, ਹਰਵਿੰਦਰ ਕੌਰ ਸਮੇਤ ਮੁੱਖ ਅਧਿਆਪਕ (ਸੇਵਾਮੁਕਤ) ਹਰਮੀਤ ਸਿੰਘ, ਕੈਪਟਨ ਮੱਖਣ ਸਿੰਘ, ਕਰਮ ਸਿੰਘ ਮਾਵੀ, ਮੇਜਰ ਸਿੰਘ ਨੇ ਵੀ ਆਪਣੇ ਸੰਬੋਧਨ ਵਿੱਚ ਸਕੂਲੀ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੈਸੇ ਦੀ ਵੀ ਬਰਬਾਦੀ ਨਹੀਂ ਹੁੰਦੀ ਅਤੇ ਆਲਾ ਦੁਆਲਾ ਵੀ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹਿੰਦਾ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…