Nabaz-e-punjab.com

ਆਬਕਾਰੀ ਤੇ ਕਰ ਵਿਭਾਗ ਨੇ ਪੁਲੀਸ ਦੇ ਸਹਿਯੋਗ ਨਾਲ 41 ਪੇਟੀਆਂ ਨਾਜਾਇਜ਼ ਸਮੇਤ 3 ਮੁਲਜ਼ਮ ਕਾਬੂ

ਪਿੰਡ ਚੋਲਟਾ ਖ਼ੁਰਦ ਵਿੱਚ ਸ਼ਰ੍ਹੇਆਮ ਨਾਜਾਇਜ਼ ਸ਼ਰਾਬ ਦੀ ਵਿਕਰੀ ਬਾਰੇ ਆਬਕਾਰੀ ਵਿਭਾਗ ਨੂੰ ਮਿਲੀ ਸੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸਮੇਤ ਪੰਜਾਬ ਭਰ ਵਿੱਚ ਹੈਰੋਇਨ ਅਤੇ ਮੈਡੀਕਲ ਨਸ਼ੇ ਸਮੇਤ ਹੁਣ ਸ਼ਰਾਬ ਤਸਕਰੀ ਦਾ ਰੁਝਾਨ ਵੀ ਲਗਾਤਾਰ ਵਧ ਰਿਹਾ ਹੈ। ਟਰਾਈਸਿਟੀ ਨੇੜਲੇ ਸ਼ਹਿਰਾਂ ਵਿੱਚ ਇਹ ਰੁਝਾਨ ਜ਼ਿਆਦਾ ਹੈ ਕਿਉਂਕਿ ਚੰਡੀਗੜ੍ਹ ਨੇੜੇ ਹੋਣ ਕਾਰਨ ਮੁਲਜ਼ਮ ਆਸਾਨੀ ਨਾਲ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਖ਼ਰੀਦ ਕੇ ਗੁਆਂਢੀ ਇਲਾਕਿਆਂ ਵਿੱਚ ਮਹਿੰਗੇ ਭਾਅ ’ਤੇ ਵੇਚ ਰਹੇ ਹਨ। ਆਬਕਾਰੀ ਤੇ ਕਰ ਵਿਭਾਗ ਨੇ ਮੁਹਾਲੀ ਪੁਲੀਸ ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ’ਤੇ ਚੈਕਿੰਗ ਦੌਰਾਨ ਸ਼ਰਾਬ ਤਸਕਰੀ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 41 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਅਫ਼ਸਰ ਵਿਨੋਦ ਪਾਹੂਜਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਅਤੇ ਮੁਹਾਲੀ ਪੁਲੀਸ ਨੇ ਸਾਂਝੇ ਅਪਰੇਸ਼ਨ ਦੌਰਾਨ ਇੱਕ ਨਾਮੀ ਕੈਬ ਕੰਪਨੀ ਵਿੱਚ ਲੱਗੀ ਕਾਰ ਸਮੇਤ ਦੋ ਹੋਰ ਕਾਰਾਂ ’ਚੋਂ 41 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਕੇਸ ਵਿੱਚ ਮੁਲਜ਼ਮ ਤੋਂ ਦੋ ਲੱਖ ਰੁਪਏ ਜੁਰਮਾਨਾ ਵਸੂਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬ ਤਸਕਰੀ ਦੇ ਮਾਮਲਿਆਂ ਵਿੱਚ ਹੁਣ ਤੱਕ 11 ਲੱਖ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਆਬਕਾਰੀ ਵਿਭਾਗ ਨੂੰ ਖਰੜ ਨੇੜਲੇ ਪਿੰਡ ਚੋਲਟਾ ਖ਼ੁਰਦ ਵਿੱਚ ਸ਼ਰ੍ਹੇਆਮ ਨਾਜਾਇਜ਼ ਸ਼ਰਾਬ ਵੇਚਣ ਬਾਰੇ ਸ਼ਿਕਾਇਤ ਮਿਲੀ ਸੀ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਆਬਕਾਰੀ ਅਫ਼ਸਰ ਜਸਪ੍ਰੀਤ ਸਿੰਘ ਨੂੰ ਸ਼ਰਾਬ ਤਸਕਰਾਂ ’ਤੇ ਨਜ਼ਰ ਰੱਖਣ ਲਈ ਆਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਵਿਭਾਗ ਵੱਲੋਂ ਬਲੌਂਗੀ ਪੁਲੀਸ ਦੇ ਸਹਿਯੋਗ ਨਾਲ ਇਤਿਹਾਸਕ ਨਗਰ ਚੱਪੜਚਿੜੀ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਏਸੈਂਟ ਕਾਰ ’ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਮਾਮਲੇ ਸਬੰਧੀ ਮੁਲਜ਼ਮ ਰਾਕੇਸ਼ ਕੁਮਾਰ ਵਾਸੀ ਪਿੰਡ ਚੋਲਟਾ ਖ਼ੁਰਦ ਅਤੇ ਮੰਗਤ ਸਿੰਘ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਚੰਡੀਗੜ੍ਹ ਤੋਂ ਸਸਤੇ ਭਾਅ ’ਤੇ ਸ਼ਰਾਬ ਲੈ ਕੇ ਪਿੰਡ ਚੋਲਟਾ ਖ਼ੁਰਦ ਵਿੱਚ ਲਿਜਾ ਰਹੇ ਸੀ।
ਇੰਝ ਹੀ ਇੱਥੋਂ ਦੇ ਫੇਜ਼-8 ਅਤੇ ਫੇਜ਼-9 ਦੀਆਂ ਟਰੈਫ਼ਿਕ ਲਾਈਟਾਂ ਨੇੜੇ ਨਾਕਾਬੰਦੀ ਦੌਰਾਨ ਇੱਕ ਨਾਮੀ ਕੈਬ ਕੰਪਨੀ ਦੀ ਤੇਜ਼ ਰਫ਼ਤਾਰ ਇੰਡੀਗੋ ਕਾਰ ’ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮੁਲਜ਼ਮ ਰਣਜੀਤ ਸਿੰਘ ਵਾਸੀ ਪਿੰਡ ਚੋਲਟਾ ਖ਼ੁਰਦ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਆਬਕਾਰੀ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਉਧਰ, ਵਿਭਾਗ ਨੇ ਇੱਕ ਹੋਰ ਵੱਖਰੇ ਕੇਸ ਵਿੱਚ ਇੱਕ ਵਿਅਕਤੀ ਰਾਕੇਸ਼ ਕੁਮਾਰ ਨੂੰ 12 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮ ਕੋਲੋਂ ਦੋ ਲੱਖ ਰੁਪਏ ਜੁਰਮਾਨਾ ਵਸੂਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…