Nabaz-e-punjab.com

ਪੰਚਾਇਤ ਚੋਣਾਂ ਵਿੱਚ ਕਾਂਗਰਸ ਸਰਕਾਰ ਨੇ ਸ਼ਰ੍ਹੇਆਮ ਗੁੰਡਾਗਰਦੀ ਕੀਤੀ: ਜਥੇਦਾਰ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਭਾਰਤੀ ਲੋਕਤੰਤਰ ਦੀ ਮੁੱਢਲੀ ਇਕਾਈ ਗਰਾਮ ਪੰਚਾਇਤ ਦੀਆਂ ਬੀਤੇ ਦਿਨੀਂ ਹੋਈਆਂ ਆਮ ਚੋਣਾਂ ਵਿੱਚ ਸੱਤਾਧਾਰੀ ਧਿਰ ਕਾਂਗਰਸ ਪਾਰਟੀ ਵੱਲੋਂ ਸ਼ਰ੍ਹੇਆਮ ਗੁੰਡਾਗਰਦੀ ਕੀਤੀ ਗਈ ਹੈ ਅਤੇ ਕਈ ਥਾਵਾਂ ’ਤੇ ਪੋਲਿੰਗ ਬੂਥਾਂ ਉੱਤੇ ਕਥਿਤ ਕਬਜ਼ੇ ਕੀਤੇ ਜਾਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਚੋਣਾਂ ਵਿੱਚ ਹੋਈ ਘਪਲੇਬਾਜ਼ੀ ਨੇ ਪੰਜਾਬ ਵਿੱਚ ਲੋਕਾਂ ਨੂੰ ਸਵੱਛ ਪ੍ਰਸ਼ਾਸਨ ਦੇਣ ਦੇ ਦਾਅਵਿਆਂ ਨਾਲ ਸੱਤਾ ਵਿੱਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਅਸਲੀਅਤ ਲੋਕਾਂ ਸਾਹਮਣੇ ਆ ਗਈ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਅੱਜ ਇੱਥੋਂ ਦੇ ਸੈਕਟਰ-69 ਸਥਿਤ ਪਾਰਟੀ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਵਿੱਚ ਕੀਤੀ ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਖਮਿਆਜ਼ਾ ਕਾਂਗਰਸੀਆਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਸ਼ਾਮਪੁਰ ਵਿੱਚ ਪੋਲਿੰਗ ਬੂਥ ’ਤੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰਕੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਗਈਆਂ। ਪਿੰਡ ਦੇ ਬਹੁਗਿਣਤੀ ਲੋਕ ਪੋਲਿੰਗ ਬੂਥ ਦੇ ਬਾਹਰ ਨਿਰਪੱਖ ਤੌਰ ’ਤੇ ਨਤੀਜਾ ਸਾਹਮਣੇ ਆਉਣ ਦਾ ਇੰਤਜ਼ਾਰ ਕਰ ਰਹੇ ਸਨ ਪ੍ਰੰਤੂ ਦੇਰ ਰਾਤ ਪਤਾ ਲੱਗਾ ਕਿ ਕਾਂਗਰਸੀ ਉਮੀਦਵਾਰ ਨੂੰ ਦੋ ਵੋਟਾਂ ਨਾਲ ਜੇਤੂ ਕਰਾਰ ਦਿੱਤਾ ਗਿਆ। ਸ਼ਾਮਪੁਰ ਵਿੱਚ ਹਾਲਾਤ ਕੁਝ ਇਸ ਕਦਰ ਗਰਮਾ ਚੁੱਕੇ ਸਨ ਕਿ ਖ਼ੁਦ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਾ ਪਿਆ। ਉਨ੍ਹਾਂ ਦੋਸ਼ ਲਾਇਆ ਪਿੰਡ ਬਲੌਂਗੀ ਵਿੱਚ ਵੀ ਅਜਿਹੀ ਧੱਕੇਸ਼ਾਹੀ ਹੋਈ ਅਤੇ ਬੱਲੋਮਾਜਰਾ ਵਿੱਚ ਵੀ ਪ੍ਰਸ਼ਾਸਨ ਨੇ ਸੱਤਾਧਾਰੀ ਧਿਰ ਨਾਲ ਮਿਲ ਕੇ ਧੱਕੇਸ਼ਾਹੀ ਕੀਤੀ। ਪਿੰਡ ਘੜੂੰਆਂ ਵਿੱਚ ਸਰਕਾਰ ਦੀ ਮਿਲੀਭੁਗਤ ਨਾਲ ਕੁਝ ਅਜਿਹੇ ਹਾਲਾਤ ਬਣਾਏ ਗਏ। ਇੰਝ ਹੀ ਘਟੌਰ, ਕੈਲੋਂ ਅਤੇ ਬਹਿਲੋਲਪੁਰ ਵਿੱਚ ਵੀ ਅਜਿਹਾ ਕੁਝ ਵਾਪਰਿਆ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…