Share on Facebook Share on Twitter Share on Google+ Share on Pinterest Share on Linkedin ਨਵੇਂ ਸਾਲ ਦਾ ਪਹਿਲਾ ਦਿਨ: ਮੁਹਾਲੀ ਵਿੱਚ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਮੁਜ਼ਾਹਰਾ ਪੀਟੀਐਲ ਟਰੈਫ਼ਿਕ ਲਾਈਟ ਚੌਂਕ ’ਤੇ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਸਾੜੀ, 3 ਜਨਵਰੀ ਨੂੰ ਮੁੜ ਕੀਤੀ ਜਾਵੇਗੀ ਮਹਾਂ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ: ਨਵੇਂ ਸਾਲ ਦੇ ਪਹਿਲੇ ਦਿਨ ਵੱਖ ਵੱਖ ਮੁਲਾਜ਼ਮ ਜਥੇਬਸੰਦੀਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਅੱਜ ਵੱਡੀ ਗਿਣਤੀ ਵਿੱਚ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਪਿੰਡ ਸ਼ਾਹੀ ਮਾਜਰਾ ਦੇ ਪਾਰਕ ਵਿੱਚ ਇਕੱਠੇ ਹੋਏ। ਇੱਥੇ ਮੁਲਾਜ਼ਮ ਮੰਗਾਂ ’ਤੇ ਚਰਚਾ ਕਰਨ ਮਗਰੋਂ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦੇ ਵਾਅਦਿਆਂ ਦੀ ਪੰਡ ਪੀਟੀਐਲ ਟਰੈਫ਼ਿਕ ਲਾਈਟ ਚੌਂਕ ਵਿੱਚ ਸਾੜ ਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਜਥੇਬੰਦੀਆਂ ਨੇ ਐਲਾਨ ਕੀਤਾ 3 ਜਨਵਰੀ ਨੂੰ ਮੁੜ ਮੁਹਾਲੀ ਵਿੱਚ ਮਹਾਂ ਰੈਲੀ ਕੀਤੀ ਜਾਵੇਗੀ। ਇਸ ਮੌਕੇ ਮੁਲਾਜ਼ਮ ਆਗੂ ਸੱਜਣ ਸਿੰਘ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਨੇ ਵਾਅਦੇ ਕੀਤੇ ਸਨ ਕਿ ਸਰਕਾਰ ਬਣਨ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਦੀਆਂ ਸਾਰੀਆਂ ਪੈਂਡਿੰਗ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਪ੍ਰੰਤੂ ਹੁਣ ਤੱਕ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ। ਨਾ ਕਿਸੇ ਠੇਕਾ ਮੁਲਾਜ਼ਮ ਨੂੰ ਪੱਕਾ ਕੀਤਾ ਗਿਆ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਲਈ ਬਣਿਆ ਮੁਲਾਜ਼ਮ ਵੈਲਫੇਅਰ ਐਕਟ 2016 ਨੂੰ ਲਾਗੂ ਕੀਤਾ ਗਿਆ। ਮੁਲਾਜ਼ਮਾਂ ਦੀਆਂ ਪੰਜ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਨਹੀਂ ਦਿੱਤੀਆਂ ਅਤੇ ਨਾ ਹੀ 22 ਮਹੀਨੇ ਦੇ ਬਕਾਏ ਦਿੱਤੇ ਗਏ, ਪੇ-ਕਮਿਸ਼ਨ ਦੀ ਰਿਪੋਰਟ ਪੈਂਡਿੰਗ ਪਈ ਹੈ। ਇਸ ਮੌਕੇ ਮੁਹਾਲੀ ਨਿਗਮ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ ਸਮੇਤ ਚੇਤਨ ਲਾਲ, ਚੇਅਰਮੈਨ ਜਗਬੀਰ ਸਿੰਘ, ਟਰਾਈ ਸਿਟੀ ਦੇ ਪ੍ਰਧਾਨ ਮਦਨ ਲਾਲ, ਠੇਕਾ ਸੁਪਰਵਾਈਜ਼ਰ ਯੂਨੀਅਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜਾ, ਸਤੀਸ਼ ਕੁਮਾਰ, ਸੋਨੂੰ ਕੁਮਾਰ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਪੈਸੇ ਦੱਬ ਕੇ ਝੂਠੇ ਵਿਕਾਸ ਦੇ ਨਾਂ ’ਤੇ ਸਰਮਾਏਦਾਰਾਂ ਨੂੰ ਵੱਡੀਆਂ ਰਿਆਇਤਾਂ ਦੇ ਕੇ ਮੁਲਾਜ਼ਮਾਂ ਮਜ਼ਦੂਰਾਂ ਦਾ ਘਾਣ ਕਰ ਰਹੀ ਹੈ। ਇੱਕ ਪਾਸੇ ਵਿਧਾਇਕਾਂ ਅਤੇ ਮੰਤਰੀਆਂ ਨੂੰ 4-4 ਪੈਨਸ਼ਨਾਂ ਮਿਲ ਰਹੀਆਂ ਹਨ। ਦੂਜੇ ਪਾਸੇ ਮੁਲਾਜ਼ਮਾਂ ਨੂੰ ਪਹਿਲਾਂ ਮਿਲ ਰਹੀਆਂ ਪੈਨਸ਼ਨਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਇੱਕ ਪਾਸੇ ਅਫ਼ਸਰਸ਼ਾਹੀ ਸਰਕਾਰੀ ਖਜ਼ਾਨੇ ’ਚੋਂ 8 ਲੱਖ ਰੁਪਏ ਤੱਕ ਪ੍ਰਤੀ ਮਹੀਨਾ ਕੱਢਦੇ ਹਨ, ਦੂਜੇ ਪਾਸੇ 2500 ਰੁਪਏ ਤੇ ਮੁਲਾਜ਼ਮ ਰੱਖ ਕੇ ਕੰਮ ਲਿਆ ਜਾ ਰਿਹਾ ਹੈ। ਪੰਜਾਬ ਦੇ ਵਿੱਚ ਬਹੁਤ ਵੱਡਾ ਧੱਕਾ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਹੈ ਜਿਸ ਦੇ ਵਿਰੁੱਧ ਸ਼ੁਰੂ ਹੋਇਆ ਸੰਘਰਸ਼ ਲਗਾਤਾਰ ਚੱਲੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੜਤਾਲਾਂ ਵੀ ਹੋਣਗੀਆਂ। ਉਧਰ, ਮੋਦੀ ਸਰਕਾਰ ਨੇ ਮੁਲਾਜ਼ਮਾਂ-ਮਜ਼ਦੂਰਾਂ ਦੇ ਹੱਕ ਵਿੱਚ ਬਣੇ ਸਾਰੇ ਰੂਲ ਬਦਲ ਕੇ ਮੁਲਾਜ਼ਮਾਂ-ਮਜ਼ਦੂਰਾਂ ਨਾਲ ਧੱਕਾ ਕੀਤਾ ਹੈ। ਇਨ੍ਹਾਂ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਮੁਲਾਜ਼ਮਾਂ-ਮਜ਼ਦੂਰਾਂ ਦੇ ਵੱਡੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰਾਂ ਨੂੰ ਵਿਭਾਗਾਂ ’ਚੋਂ ਬਾਹਰ ਕੱਢਿਆ ਜਾਵੇ, 5 ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਏ ਸਮੇਤ ਦਿੱਤੀਆਂ ਜਾਣ, ਪੰਜਾਬ ਦੇ 6ਵੇਂ ਪੇ-ਕਮਿਸ਼ਨ ਤੋਂ ਰਿਪੋਰਟ ਲੈ ਕੇ 25 ਫੀਸਦੀ ਵਾਧੇ ਨਾਲ ਲਾਗੂ ਕੀਤਾ ਜਾਵੇ, ਆਸ਼ਾ ਵਰਕਰ, ਮਿਡ-ਡੇਅ-ਮੀਲ ਅਤੇ ਆਂਗਨਵਾੜੀ ਵਰਕਰਾਂ ਨੂੰ ਰੂਲਾਂ ਦੇ ਘੇਰੇ ਵਿੱਚ ਲਿਆ ਕੇ ਪੂਰੀਆਂ ਤਨਖ਼ਾਹਾਂ ਘੱਟੋ ਘੱਟ 18 ਹਜ਼ਾਰ ਰੁਪਏ ਦਿੱਤੀਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ