Nabaz-e-punjab.com

ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸੋਹਾਣਾ ਦਾ ਹੌਲਦਾਰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਦੇ ਸੀਨੀਅਰ ਇੰਸਪੈਕਟਰ ਇੰਦਰਪਾਲ ਸਿੰਘ ਦੀ ਅਗਵਾਈ ਵਾਲੀ ਇੱਕ ਵਿਸ਼ੇਸ਼ ਟੀਮ ਨੇ ਥਾਣਾ ਸੋਹਾਣਾ ਵਿੱਚ ਤਾਇਨਾਤ ਹੌਲਦਾਰ ਸੁਖਵਿੰਦਰ ਸਿੰਘ ਨੂੰ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪੀੜਤ ਗੁਰਜੀਤ ਸਿੰਘ ਵਾਸੀ ਪਿੰਡ ਦੁਬਾਲੀ (ਜ਼ਿਲ੍ਹਾ ਫਤਹਿਗੜ੍ਹ ਸਾਹਿਬ) ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਮੁਲਜ਼ਮ ਹੌਲਦਾਰ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੀੜਤ ਗੁਰਜੀਤ ਸਿੰਘ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੇ ਖ਼ਿਲਾਫ਼ ਪੈਸਿਆਂ ਦੇ ਲੈਣ ਦੇਣ ਸਬੰਧੀ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਚੱਲ ਰਹੇ ਮਾਮਲੇ ਵਿੱਚ ਜ਼ਮਾਨਤ ਦੁਆਉਣ ਲਈ ਹੌਲਦਾਰ ਸੁਖਵਿੰਦਰ ਸਿੰਘ ਨੇ 10 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਬਾਅਦ ਵਿੱਚ ਸੌਦਾ 6 ਹਜ਼ਾਰ ਵਿੱਚ ਤੈਅ ਹੋ ਗਿਆ। ਜਿਸ ’ਚੋਂ ਉਸ ਨੇ 3 ਹਜ਼ਾਰ ਰੁਪਏ ਬੀਤੇ ਕੱਲ ਲੈ ਲਏ ਸਨ ਅਤੇ ਬਾਕੀ 3 ਹਜ਼ਾਰ ਰੁਪਏ ਉਹ ਅੱਜ ਲੈਣ ਆਇਆ ਸੀ। ਜਿਸ ਨੂੰ ਵਿਜੀਲੈਂਸ ਦੇ ਸੀਨੀਅਰ ਇੰਸਪੈਕਟਰ ਇੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਹੌਲਦਾਰ ਨੂੰ ਸੈਕਟਰ-70 ਮਾਰਕੀਟ ਦੀ ਪਾਰਕਿੰਗ ’ਚੋਂ ਰਿਸ਼ਵਤ ਦੇ ਪੈਸੇ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਜੰਗਲਾਤ ਵਿਭਾਗ ਦੇ ਐਸਡੀਓ ਜੋਨੀ ਖੰਨਾ ਅਤੇ ਬਲਵਿੰਦਰ ਸਿੰਘ ਬਤੌਰ ਸਰਕਾਰੀ ਗਵਾਹ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹੌਲਦਾਰ ਨੂੰ ਭਲਕੇ 5 ਜਨਵਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮੁਲਜ਼ਮ ਹੌਲਦਾਰ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਜੋ ਕਿ ਮੁਹਾਲੀ ਪੁਲੀਸ ਵਿੱਚ ਹੌਲਦਾਰਨੀ ਵਜੋ ਤਾਇਨਾਤ ਹੈ, ਵਿਰੁੱਧ ਥਾਣਾ ਖਰੜ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਪਤੀ ਪਤਨੀ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਪਰ ਬਾਅਦ ਵਿੱਚ ਇਸ ਜੋੜੇ ਨੇ ਇਨਸਾਫ਼ ਪ੍ਰਾਪਤੀ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਗਿਆ ਅਤੇ ਉੱਚ ਅਦਾਲਤ ਦੇ ਹੁਕਮਾਂ ’ਤੇ ਉਨ੍ਹਾਂ ਨੂੰ ਮੁੜ ਤੋਂ ਨੌਕਰੀ ’ਤੇ ਬਹਾਲ ਕਰ ਦਿੱਤਾ ਗਿਆ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…