ਮੁਹਾਲੀ ਤੇ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਜਲਦੀ ਸ਼ੁਰੂ ਹੋਵੇਗੀ ਹਵਾਈ ਉਡਾਣ: ਚੰਦੂਮਾਜਰਾ

ਚੰਦੂਮਾਜਰਾ ਵੱਲੋਂ ਮੁਹਾਲੀ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਣ ਸ਼ੁਰੂ ਕਰਨ ਲਈ ਸੁਰੇਸ਼ ਪ੍ਰਭੂ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਸ਼ਹਿਰੀ ਤੇ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨਾਲ ਮੁਲਾਕਾਤ ਕਰਕੇ ਪਿਛਲੇ ਦਿਨੀਂ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਹਵਾਈ ਉਡਾਣ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਤੋਂ ਲੋਕ ਸਭਾ ਵਿੱਚ ਮੁਹਾਲੀ ਤੋਂ ਨੰਦੇੜ ਸਾਹਿਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋ ਗਈ ਹੈ।
ਅੱਜ ਇੱਥੇ ਸ੍ਰੀ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਕੋਲ ਮੁਹਾਲੀ ਅਤੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡਿਆਂ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਕੇਂਦਰੀ ਮੰਤਰੀ ਦੇ ਹਵਾਲੇ ਨਾਲ ਦੱਸਿਆ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਮੁਹਾਲੀ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ਤੋਂ ਪਟਨਾ ਸਾਹਿਬ ਲਈ ਜਲਦੀ ਹੀ ਸਿੱਧੀ ਹਵਾਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਇਹ ਹਵਾਈ ਸਫ਼ਰ ਸ਼ੁਰੂ ਹੋਣ ਨਾਲ ਸਿੱਖ ਸ਼ਰਧਾਲੂਆਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਦੇ ਦਰਸ਼ਨ ਦੀਦਾਰੇ ਕਰਨੇ ਹੋਰ ਵੀ ਆਸਾਨ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਦੇਸ਼ ਦੇ ਵਸਨੀਕਾਂ ਨੂੰ ਬਹੁਤ ਵੱਡਾ ਲਾਭ ਮਿਲੇਗਾ।
ਜ਼ਿਕਰਯੋਗ ਹੈ ਕਿ ਸ੍ਰੀ ਚੰਦੂਮਾਜਰਾ ਦੇ ਉਪਰਾਲੇ ਸਦਕਾ ਬੀਤੀ 8 ਜਨਵਰੀ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਸਿੱਧੀ ਹਵਾਈ ਉਡਾਣ ਸ਼ੁਰੂ ਹੋ ਚੁੱਕੀ ਹੈ। ਇਸੇ ਤਰ੍ਹਾਂ ਜੈਜੋਂ ਤੋਂ ਵਾਇਆ ਨਵਾਂ ਸ਼ਹਿਰ ਰਾਹੀਂ ਸ੍ਰੀ ਅੰਮ੍ਰਿਤਸਰ ਤੱਕ ਨਵੀਂ ਰੇਲ ਲਾਈਨ ਵਿਛਾ ਕੇ ਪਿਛਲੇ ਦਿਨੀਂ ਸ੍ਰੀ ਅੰਮ੍ਰਿਤਸਰ ਤੱਕ ਸਿੱਧੀ ਨਵੀਂ ਟਰੇਨ ਸ਼ੁਰੂ ਕੀਤੀ ਗਈ ਹੈ। ਇਸ ਨਾਲ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …