nabaz-e-punjab.com

ਜਾਅਲੀ ਦਸਤਖ਼ਤਾਂ ਦਾ ਮਾਮਲਾ: ਜਾਂਚ ਅਧਿਕਾਰੀ ਨੇ ਮੁਹਾਲੀ ਅਦਾਲਤ ਵਿੱਚ ਦਾਇਰ ਕੀਤੀ ਕਲੋਜਰ ਰਿਪੋਰਟ

ਪੰਜਾਬ ਸਕੂਲ ਸਿੱਖਿਆ ਬੋਰਡ ਤੇ ਮੁਹਾਲੀ ਪੁਲੀਸ ਦੀ ਕਾਰਵਾਈ ’ਤੇ ਵੀ ਉੱਠੇ ਕਈ ਸਵਾਲ

ਸਕੂਲ ਬੋਰਡ ਮੈਨੇਜਮੈਂਟ ਵੀ ਜਾਅਲਸਾਜ਼ ਦਾ ਪਤਾ ਲਗਾਉਣ ’ਚ ਬੁਰੀ ਤਰ੍ਹਾਂ ਫੇਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰਾਂ ਦੇ ਜਾਅਲੀ ਦਸਤਖ਼ਤ ਕਰਕੇ ਕਿਸੇ ਖਾਸ ਅਧਿਕਾਰੀ ਨੂੰ ਸਰਕਾਰੀ ਅਹੁਦੇ ਦਾ ਲਾਭ ਪਹੁੰਚਾਉਣ ਦਾ ਮਾਮਲਾ ਬੁਝਾਰਤ ਬਣ ਕੇ ਰਹਿ ਗਿਆ ਹੈ। ਹਾਲਾਂਕਿ ਇਸ ਸਬੰਧੀ ਰਾਜ ਸਰਕਾਰ ਦੀਆਂ ਹਦਾਇਤਾਂ ’ਤੇ ਮੁਹਾਲੀ ਪੁਲੀਸ ਵੱਲੋਂ ਬੋਰਡ ਦੀਆਂ ਮੀਟਿੰਗਾਂ ਵਿੱਚ ਗ਼ੈਰ ਮੈਂਬਰਾਂ ਦੇ ਜਾਅਲੀ ਦਸਤਖ਼ਤ ਕਰਕੇ ਸਰਕਾਰੀ ਰਿਕਾਰਡ ਨਾਲ ਛੇੜ-ਛਾੜ ਕਰਨ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 419,468 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਪੁਲੀਸ ਦੀ ਜਾਂਚ ਕਿਸੇ ਕੰਢੇ ਨਹੀਂ ਲੱਗੀ ਹੈ ਅਤੇ ਹੁਣ ਪੁਲੀਸ ਨੇ ਉਕਤ ਕੇਸ ਨੂੰ ਖ਼ਤਮ ਕਰਨ ਲਈ ਮੁਹਾਲੀ ਅਦਾਲਤ ਵਿੱਚ ਕਲੋਜਰ ਰਿਪੋਰਟ ਦਾਖ਼ਲ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
ਉਧਰ, ਸਿੱਖਿਆ ਬੋਰਡ ਮੈਨੇਜਮੈਂਟ ਵੀ ਆਪਣੇ ਪੱਧਰ ’ਤੇ ਜਾਅਲਸਾਜ਼ ਦਾ ਪਤਾ ਲਗਾਉਣ ਲਈ ਬੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਬੋਰਡ ਆਪਣੇ ਚਹੇਤੇ ਅਧਿਕਾਰੀ ਨੂੰ ਅਹੁਦੇ ਦਾ ਲਾਭ ਦੇਣ ਅਤੇ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੀ ਤਾਕ ਹੈ। ਜਿਸ ਕਰਕੇ ਬੋਰਡ ਨੇ ਵੀ ਚੁੱਪ ਧਾਰਦਿਆਂ ਪੁਲੀਸ ਦੀ ਕਲੋਜਰ ਰਿਪੋਰਟ ਨੂੰ ਚੁਣੌਤੀ ਨਹੀਂ ਦਿੱਤੀ।
ਚਾਰ ਸਾਲ ਪਹਿਲਾਂ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਸਕੂਲ ਬੋਰਡ ਨੂੰ ਇੱਕ ਪੱਤਰ ਲਿਖ ਕੇ ਬੋਰਡ ਦੇ ਇੱਕ ਸੀਨੀਅਰ ਅਧਿਕਾਰੀ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕਰਵਾਉਣ ਦੀ ਹਦਾਇਤ ਕੀਤੀ ਗਈ ਸੀ ਪਰ ਬਾਅਦ ਵਿੱਚ ਇਹ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ। ਸਰਕਾਰ ਨੇ ਵੀ ਸਾਰੀ ਜ਼ਿੰਮੇਵਾਰੀ ਪੁਲੀਸ ’ਤੇ ਸੁੱਟ ਦਿੱਤੀ ਸੀ। ਇਸ ਸਬੰਧੀ ਬੋਰਡ ਦੇ ਤਤਕਾਲੀ ਸਕੱਤਰ ਗੁਰਿੰਦਰਪਾਲ ਸਿੰਘ ਬਾਠ ਨੇ 20 ਨਵੰਬਰ 2013 ਨੂੰ ਮੁਹਾਲੀ ਦੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਸੌਂਪਦਿਆਂ ਕਿਸੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।
ਇਸ ਸਬੰਧੀ ਸੂਬਾ ਸਰਕਾਰ ਨੇ ਬੋਰਡ ਨੂੰ ਇੱਕ ਪੱਤਰ ਲਿਖ ਕੇ ਬੋਰਡ ਮੈਂਬਰਾਂ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਹੁਕਮ ਜਾਰੀ ਕੀਤੇ ਸਨ। ਤਤਕਾਲੀ ਸਕੱਤਰ ਨੇ ਆਪਣੇ ਸ਼ਿਕਾਇਤ ਪੱਤਰ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ ਸੀ ਕਿ ਬੋਰਡ ਦੀਆਂ ਮੀਟਿੰਗਾਂ ਦੇ ਹਾਜ਼ਰੀ ਰਜਿਸਟਰ ਵਿੱਚ ਬੋਰਡ ਆਫ਼ ਡਾਇਰੈਕਟਰ ਦੇ ਮੈਂਬਰਾਂ ਦੇ ਜਾਅਲੀ ਦਸਤਖ਼ਤ ਕਰਨ ਬਾਰੇ ਸਕੂਲ ਬੋਰਡ ਦੇ ਸਾਬਕਾ ਸੰਯੁਕਤ ਸਕੱਤਰ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਰਕਾਰ ਨੂੰ ਸ਼ਿਕਾਇਤ ਦਿੱਤੀ ਸੀ। ਦੱਸਿਆ ਗਿਆ ਹੈ ਬੋਰਡ ਦੀ ਵਿਨਿਯਮ ਕਮੇਟੀ ਦੀਆਂ ਵੱਖ ਵੱਖ ਮੀਟਿੰਗਾਂ ਵਿੱਚ ਜੋ ਮੈਂਬਰ ਗ਼ੈਰ ਹਾਜ਼ਰ ਸਨ, ਕਿਸੇ ਨੇ ਉਨ੍ਹਾਂ ਦੇ ਜਾਅਲੀ ਦਸਤਖ਼ਤ ਕਰਵਾਏ ਜਾਣ ਜਾਂ ਕੀਤੇ ਜਾਣ ਸਬੰਧੀ ਤੁਰੰਤ ਕੇਸ ਦਰਜ ਕਰਵਾਉਣ ਬਾਰੇ ਹਦਾਇਤ ਕੀਤੀ ਗਈ ਸੀ। ਪੁਲੀਸ ਦੇ ਧਿਆਨ ਵਿੱਚ ਇਹ ਗੱਲ ਲਿਆਂਦੀ ਗਈ ਹੈ ਕਿ ਇਸ ਸਬੰਧੀ ਬੋਰਡ ਵੱਲੋਂ ਦਫ਼ਤਰੀ ਪੱਧਰ ’ਤੇ ਕੀਤੀ ਮੁੱਢਲੀ ਜਾਂਚ ਪੜਤਾਲ ਵਿੱਚ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਬੋਰਡ ਮੀਟਿੰਗਾਂ ਵਿੱਚ ਗ਼ੈਰ ਹਾਜ਼ਰ ਮੈਂਬਰਾਂ ਦੇ ਜਾਅਲੀ ਦਸਤਖ਼ਤ ਕਿਸ ਅਧਿਕਾਰੀ ਵੱਲੋਂ ਕੀਤੇ ਗਏ ਹਨ ਜਾਂ ਕਰਵਾਏ ਗਏ ਸਨ।
ਮਿਲੀ ਜਾਣਕਾਰੀ ਅਨੁਸਾਰ ਪੁਲੀਸ ਨੇ ਆਪਣੀ ਕਲੋਜਰ ਰਿਪੋਰਟ ਵਿੱਚ ਲਿਖਿਆ ਹੈ ਕਿ ਬੋਰਡ ਦੀਆਂ ਮੀਟਿੰਗਾਂ ਵਿੱਚ ਹਾਜ਼ਰ ਮੈਂਬਰਾਂ ਕੋਲੋਂ ਪੁੱਛਗਿੱਛ ਕੀਤੀ ਗਈ ਸੀ ਪਰ ਪੁਲੀਸ ਦੀ ਜਾਂਚ ਵਿੱਚ ਜਾਅਲੀ ਦਸਤਖ਼ਤ ਕਰਨ ਦੀ ਗੱਲ ਸਾਹਮਣੇ ਨਹੀਂ ਆਈ ਅਤੇ ਨਾ ਹੀ ਕਿਸੇ ਅਣਪਛਾਤੇ ਵਿਅਕਤੀ ਬਾਰੇ ਕੋਈ ਜਾਣਕਾਰੀ ਪ੍ਰਾਪਤ ਹੋ ਸਕੀ ਹੈ। ਰਿਪੋਰਟ ਵਿੱਚ ਪੁਲੀਸ ਦਾ ਇਹ ਵੀ ਕਹਿਣਾ ਹੈ ਕਿ ਐਸਸੀਈਆਰਟੀ ਦੇ ਤਤਕਾਲੀ ਡਾਇਰੈਕਟਰ ਸਾਧੂ ਸਿੰਘ ਰੰਧਾਵਾ ਦੇ ਦਸਤਖ਼ਤਾਂ ਦਾ ਮਿਲਾਨ ਪ੍ਰਾਈਵੇਟ ਲੈਬ ’ਚੋਂ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਦਸਤਖ਼ਤਾਂ ਦਾ ਮਿਲਾਨ ਸਰਕਾਰੀ ਲੈਬ ਤੋਂ ਵੀ ਕਰਵਾਇਆ ਗਿਆ। ਉਕਤ ਰਿਪੋਰਟਾਂ ਮੁਤਾਬਕ ਕੋਈ ਵੀ ਠੋਸ ਸਬੂਤ ਸਾਹਮਣੇ ਨਹੀਂ ਆਏ। ਉਂਜ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਤਾਂ ਉਦੋਂ ਸ੍ਰੀ ਰੰਧਾਵਾ ਨੇ ਕਿਹਾ ਸੀ ਕਿ ਜਿਹੜੀ ਮੀਟਿੰਗ ਦੀ ਗੱਲ ਹੋ ਰਹੀ ਹੈ। ਉਸ ਵਿੱਚ ਉਹ ਹਾਜ਼ਰ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਨੇ ਦਸਤਖ਼ਤ ਕੀਤੇ ਸੀ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…