Share on Facebook Share on Twitter Share on Google+ Share on Pinterest Share on Linkedin ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ ) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੈਲੀ ਗਰਾਉਂਡ ਵਿੱਚ ਮਰਨ ਵਰਤ ਸ਼ੁਰੂ ਪਹਿਲੇ ਦਿਨ ਸੂਬਾ ਪ੍ਰਧਾਨ ਜਗਜੀਤ ਸਿੰਘ ਤੇ ਅੰਨਾ ਹਜ਼ਾਰੇ ਦੀ ਕੋਰ ਕਮੇਟੀ ਮੈਂਬਰ ਕਰਨਵੀਰ ਸੈਂਟੀ ਮਰਨ ਵਰਤ ’ਤੇ ਬੈਠੇ ਕਰਨਲ ਐਸਐਸ ਸੋਹੀ ਦੀ ਅਗਵਾਈ ਹੇਠ ਸਾਬਕਾ ਫੌਜੀਆਂ ਨੇ ਵੀ ਕੀਤੀ ਧਰਨੇ ਵਿੱਚ ਸ਼ਿਰਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ: ਭਾਰਤੀ ਕਿਸਾਨ ਯੂਨੀਅਨ ( ਸਿੱਧੂਪੁਰ) ਵੱਲੋਂ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਅਤੇ ਕਿਸਾਨਾਂ ਦੀਆਂ ਹੋਰ ਭਖਦੀਆਂ ਮੰਗਾਂ ਅਤੇ ਅੰਨੇ ਹਜ਼ਾਰੇ ਦੀ ਦੇਸ਼ ਦੀ ਰਾਜਧਾਨੀ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਭੁੱਖ-ਹੜਤਾਲ ਦੇ ਮੱਦੇਨਜ਼ਰ ਬੁੱਧਵਾਰ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ। ਜਿਸ ਦੀ ਅਗਵਾਈ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। ਅੱਜ ਸਵੇਰੇ ਹੀ ਪੰਜਾਬ ਭਰ ’ਚੋਂ ਕਿਸਾਨ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ 1 ਵਜੇ ਤੱਕ ਕਿਸਾਨਾਂ ਦੀ ਵੱਡੀ ਭੀੜ ਜਮ੍ਹਾ ਹੋ ਗਈ। ਇੱਥੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਦੇਸ਼ ਅਤੇ ਪੰਜਾਬ ਦੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਬਾਅਦ ਦੁਪਹਿਰ ਕਿਸਾਨਾਂ ਨੇ ਗੁਰਦੁਆਰਾ ਅੰਬ ਸਾਹਿਬ ਵਿੱਚ ਅਰਦਾਸ ਕਰਨ ਉਪਰੰਤ ਮੁਹਾਲੀ ਦੀਆਂ ਸੜਕਾਂ ’ਤੇ ਰੋਸ ਮਾਰਚ ਕਰਦਿਆਂ ਚੰਡੀਗੜ੍ਹ ਲਈ ਚਾਲੇ ਪਾ ਦਿੱਤੇ। ਯੂਟੀ ਪੁਲੀਸ ਨੇ ਵੀ ਕਿਸਾਨਾਂ ਦਾ ਰਾਹ ਡੱਕਣ ਦੀ ਬਜਾਏ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ। ਇਸ ਤਰ੍ਹਾਂ ਕਿਸਾਨਾਂ ਨੇ ਸੈਕਟਰ-25 ਸਥਿਤ ਰੈਲੀ ਗਰਾਂਉਡ ਵਿੱਚ ਪਹੁੰਚ ਕੇ ਮਰਨ ਵਰਤ ਸ਼ੁਰੂ ਕਰ ਦਿੱਤਾ। ਪਹਿਲੇ ਦਿਨ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਟੀਮ ਅੰਨਾ ਹਜ਼ਾਰੇ ਦੀ ਕੋਰ ਕਮੇਟੀ ਮੈਂਬਰ ਕਰਨਵੀਰ ਸੈਂਟੀ ਮਰਨ ’ਤੇ ਬੈਠੇ। ਉਧਰ, ਕਰਨਲ ਐਸਐਸ ਸੋਹੀ ਦੀ ਅਗਵਾਈ ਹੇਠ ਸਾਬਕਾ ਫੌਜੀਆਂ ਨੇ ਵੀ ਧਰਨੇ ਵਿੱਚ ਸ਼ਾਮਲ ਹੋ ਕੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਅਤੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਦੀ ਸਰਕਾਰ ਕਿਸਾਨ ਨਾਲ ਧੋਖਾ ਕਰ ਰਹੀ ਹੈ। ਕਿਸਾਨਾਂ ਨੂੰ ਫਸਲ ਦਾ ਸਹੀ ਭਾਅ ਨਹੀਂ ਮਿਲ ਰਿਹਾ। ਕਰਜ਼ੇ ਥੱਲੇ ਦੱਬਿਆ ਕਿਸਾਨ ਰੋਜ਼ਾਨਾ ਖ਼ੁਦਕੁਸ਼ੀਆਂ ਕਰ ਰਿਹਾ ਹੈ। ਸਰਕਾਰ ਵੱਲੋਂ ਵੋਟਾਂ ਮੰਗਣ ਵੇਲੇ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਤੋਂ ਮੁਕਰ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਤੱਕ ਲੜੀਵਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਰਨ ਵਰਤ ਲਈ ਇੱਕ ਲੰਮੀ ਸੂਚੀ ਤਿਆਰ ਕੀਤੀ ਗਈ ਹੈ। ਇੱਕ ਕਿਸਾਨ ਦੀ ਮੌਤ ਤੋਂ ਬਾਅਦ ਦੂਜਾ ਕਿਸਾਨ ਮਰਨ ਵਰਤ ’ਤੇ ਬੈਠੇਗਾ। ਕਰਜ਼ਾ ਮੁਆਫ਼ੀ ਦੇ ਸਵਾਲ ਦੇ ਜਵਾਬ ਵਿੱਚ ਸ੍ਰੀ ਡੱਲੇਵਾਲਾ ਨੇ ਕਿਹਾ ਪੰਜਾਬ ਦੇ ਕਿਸਾਨਾਂ ਸਿਰ 90 ਹਜ਼ਾਰ ਕਰੋੜ ਦਾ ਕਰਜ਼ਾ ਹੈ ਜਦੋਂਕਿ ਸਰਕਾਰ ਵੱਲੋਂ 2700 ਕਰੋੜ ਦਾ ਕਰਜ਼ਾ ਹੀ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਾਂਧੀਵਾਦੀ ਨੇਤਾ ਅੰਨਾ ਹਜ਼ਾਰੇ ਕਿਸਾਨ ਮੰਗਾਂ ਅਤੇ ਲੋਕਪਾਲ ਦੀ ਮੰਗ ਨੂੰ ਲੈ ਕੇ ਅੱਜ ਭੁੱਖ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਸਾਨੀ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਜਿਣਸ ਦੇ ਲਾਹੇਵੰਦ ਭਾਅ ਮਿਲਣ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਹੂਬਹੂ ਲਾਗੂ ਕਰਨਾ, ਛੋਟੇ ਕਿਸਾਨਾਂ ਦੀ ਘੱਟੋ ਘੱਟ ਆਮਦਨ ਨਿਰਧਾਰਿਤ ਕਰਨਾ ਅਤੇ 55 ਸਾਲ ਦੀ ਉਮਰ ਤੋਂ ਬਾਅਦ ਕਿਸਾਨ ਲਈ 5 ਹਜ਼ਾਰ ਰੁਪਏ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਕਾਕਾ ਸਿੰਘ ਕੋਟਲਾ, ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਬਲਦੇਵ ਸਿੰਘ ਸਿਰਸਾ, ਜਸਵੰਤ ਸਿੰਘ, ਮਨਜੀਤ ਸਿੰਘ ਰਾਏ ਅਤੇ ਕਰਨਬੀਰ ਸਿੰਘ ਸੈਂਟੀ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ, ਗੁਰਬਖ਼ਸ਼ ਸਿੰਘ ਬਲਬੇੜਾ ਜ਼ਿਲ੍ਹਾ ਜ਼ਿਲ੍ਹਾ ਪਟਿਆਲਾ, ਕੁਲਵਿੰਦਰ ਸਿੰਘ ਪ੍ਰਧਾਨ ਜ਼ਿਲ੍ਹਾ ਰੂਪਨਗਰ, ਗੁਰਮੀਤ ਸਿੰਘ ਰੁੜਕੀ ਪ੍ਰਧਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਮਲੂਕ ਸਿੰਘ ਮਾਨਸਾ, ਕਰਨਲ ਦਿਨੇਸ਼ ਨੈਨ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਜ਼ਾਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ