Share on Facebook Share on Twitter Share on Google+ Share on Pinterest Share on Linkedin ਗਰੀਨ ਇਨਕਲੇਵ ਕਲੋਨੀ ਦੇ ਵਸਨੀਕਾਂ ਦਾ ਵਫ਼ਦ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੂੰ ਮਿਲਿਆ ਵਿਕਾਸ ਪੱਖੋਂ ਗਰੀਨ ਇਨਕਲੇਵ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ: ਇੱਥੋਂ ਦੇ ਨੇੜਲੇ ਪਿੰਡ ਬੱਲੋਮਾਜਰਾ ਅਧੀਨ ਆਉਂਦੀ ਗਰੀਨ ਇਨਕਲੇਵ ਕਲੋਨੀ ਦੇ ਵਸਨੀਕਾਂ ਦਾ ਵਫ਼ਦ ਅੱਜ ਪਿੰਡ ਬੱਲੋਮਾਜਰਾ ਦੇ ਸਰਪੰਚ ਅਤੇ ਜੱਟ ਮਹਾ ਸਭਾ ਯੂਥ ਵਿੰਗ ਦੇ ਪ੍ਰਧਾਨ ਜੱਸੀ ਬੱਲੋਮਾਜਰਾ ਦੀ ਅਗਵਾਈ ਹੇਠ ਪਸ਼ੂ ਪਾਲਣ, ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ ਅਤੇ ਕਲੋਨੀ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇੱਕ ਮੰਗ ਪੱਤਰ ਦਿੱਤਾ। ਸਰਪੰਚ ਜੱਸੀ ਬੱਲੋਮਾਜਰਾ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਗਰੀਨ ਇਨਕਲੇਵ ਵਿੱਚ ਲੋਕ ਸਟਰੀਟ ਲਾਈਟਾਂ, ਟੁੱਟੀਆਂ ਸੜਕਾਂ, ਸੀਵਰੇਜ ਅਤੇ ਜਲ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਇਸ ਕਲੋਨੀ ਦੇ ਵਿਕਾਸ ਲਈ ਕੋਈ ਧੇਲਾ ਨਹੀਂ ਖ਼ਰਚਿਆ ਹੈ। ਸਰਪੰਚ ਨੇ ਦੱਸਿਆ ਕਿ ਕਲੋਨੀ ਵਾਸੀਆਂ ਦੀ ਪਿਆਸ ਬੁਝਾਉਣ ਲਈ ਪੀਣ ਵਾਲੇ ਪਾਣੀ ਦੀ ਟੈਂਕੀ ਮਨਜ਼ੂਰ ਹੋ ਗਈ ਹੈ ਅਤੇ ਜਲਦੀ ਹੀ ਬੱਲੋਮਾਜਰਾ ਪੰਚਾਇਤ ਵੱਲੋਂ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਵਿਕਾਸ ਪੱਖੋਂ ਗਰੀਨ ਇਨਕਲੇਵ ਕਲੋਨੀ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਅੰਦਰ ਅੰਦਰ 15 ਲੱਖ ਰੁਪਏ ਦੀ ਲਾਗਤ ਨਾਲ ਕਲੋਨੀ ਵਿੱਚ ਸੀਵਰੇਜ ਪਾਇਆ ਜਾਵੇਗਾ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਉਚਿੱਤ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਲੋਨੀ ਵਿੱਚ ਸਟਰੀਟ ਲਾਈਟਾਂ ਅਤੇ ਸੜਕਾਂ ਅਤੇ ਪਾਰਕਾਂ ਦੇ ਰੱਖ ਰਖਾਓ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇਗੀ। ਇਸ ਮੌਕੇ ਗਰੀਨ ਇਨਕਲੇਵ ਦੇ ਪੰਚ ਪਲਵਿੰਦਰ ਸਿੰਘ, ਕਸ਼ਮੀਰ ਸਿੰਘ, ਮਹਿਲਾ ਪੰਚ ਲਾਭ ਕੌਰ, ਰਾਣਾ ਗਰੀਨ ਇਨਕਲੇਵ, ਖੇਡ ਪ੍ਰਮੋਟਰਜ ਤਰਨਜੀਤ ਸਿੰਘ ਘੋਲੂ ਅਤੇ ਅਮਰੀਕ ਸਿੰਘ ਹੈਪੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ