Nabaz-e-punjab.com

ਮੁਹਾਲੀ ਨੇੜਲੇ ਪਿੰਡ ਮੱਛਲੀ ਕਲਾਂ ਦੇ ਬਾਸ਼ਿੰਦਿਆਂ ਨੂੰ ਸਰਬਪੱਖੀ ਵਿਕਾਸ ਦੀ ਆਸ ਬੱਝੀ

ਪਿੰਡ ਮੱਛਲੀ ਕਲਾਂ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਗਰਾਂਟ ਦੀ ਰਾਸ਼ੀ ਮਨਜ਼ੂਰ: ਹਰਕੇਸ਼ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ:
ਇੱਥੋਂ ਦੇ ਨੇੜਲੇ ਪਿੰਡ ਮੱਛਲੀ ਕਲਾਂ ਦੇ ਵਸਨੀਕਾਂ ਨੂੰ ਆਪਣੇ ਪਿੰਡ ਦੇ ਸਰਬਪੱਖੀ ਵਿਕਾਸ ਦੀ ਆਸ ਬੱਝ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਿੰਡ ਮੱਛਲੀ ਕਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਵਿਸ਼ੇਸ਼ ਗਰਾਂਟ ਦੀ ਰਾਸ਼ੀ ਮਨਜ਼ੂਰ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਸ਼ੂ ਪਾਲਣ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਗਰਾਂਟ ਦਾ ਚੈੱਕ ਪੰਚਾਇਤ ਨੂੰ ਸੌਂਪਿਆ ਜਾਵੇਗਾ ਅਤੇ ਗਰਾਂਟ ਮਿਲਣ ਨਾਲ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਮੱਛਲੀ ਕਲਾਂ ਨੂੰ ਮਾਡਰਨ ਪਿੰਡ ਵਜੋਂ ਵਿਕਸਤ ਕਰਕੇ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸ੍ਰੀ ਸ਼ਰਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਹੋਰਨਾਂ ਪਿੰਡਾਂ ਨੂੰ ਵੀ ਬਿਨਾਂ ਕਿਸੇ ਪੱਖਪਾਤ ਤੋਂ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਪਿੰਡਾਂ ਵਿੱਚ ਅਧੂਰੇ ਪਏ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਸਿੱਧੂ ਵੱਲੋਂ ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਦੋ ਕਰੋੜ ਦੀ ਗਰਾਂਟ ਮਨਜ਼ੂਰ ਕੀਤੀ ਗਈ ਹੈ। ਇਹ ਪੈਸਾ ਪੰਚਾਇਤਾਂ ਦੇ ਖਾਤਿਆਂ ਵਿੱਚ ਆਉਣ ਨਾਲ ਵਿਕਾਸ ਦਾ ਇੱਕ ਨਵਾਂ ਯੁੱਗ ਸ਼ੁਰੂ ਹੋਵੇਗਾ। ਜਦੋਂਕਿ ਅਕਾਲੀ ਤੇ ਭਾਜਪਾ ਸਰਕਾਰ ਦੀ ਅਣਦੇਖੀ ਕਾਰਨ ਮੁਹਾਲੀ ਵਿਕਾਸ ਪੱਖੋਂ ਪਛੜ ਗਿਆ ਸੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ ਅਤੇ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਹਰਚੰਦ ਸਿੰਘ ਗਿੱਲ ਸਰਪੰਚ ਲਾਂਡਰਾਂ, ਗੁਰਮੁੱਖ ਸਿੰਘ ਸਰਪੰਚ ਨਿਊ ਲਾਂਡਰਾਂ, ਬਲਰਾਮ ਸ਼ਰਮਾ ਸਰਪੰਚ ਮੱਛਲੀ ਕਲਾਂ, ਸੋਹਨ ਲਾਲ ਸ਼ਰਮਾ ਮੱਛਲੀ ਕਲਾਂ, ਜੈ ਕਿਸ਼ਨ ਵਰਮਾ, ਰਜਿੰਦਰ ਸਿੰਘ ਰਾਏਪੁਰ, ਗੁਰਧਿਆਨ ਸਿੰਘ ਦੁਰਾਲੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…