Share on Facebook Share on Twitter Share on Google+ Share on Pinterest Share on Linkedin ਬਾਰ੍ਹਵੀਂ ਦੀ ਪ੍ਰੀਖਿਆ: ਚੇਅਰਮੈਨ, ਵਾਈਸ ਚੇਅਰਮੈਨ ਤੇ ਕੰਟਰੋਲਰ ਪ੍ਰੀਖਿਆਵਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਜਨਰਲ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਲਈ ਗਈ। ਇਸ ਦੌਰਾਨ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ, ਵਾਈਸ ਚੇਅਰਮੈਨ ਬਲਦੇਵ ਸਚਦੇਵਾ ਅਤੇ ਸਿੱਖਿਆ ਬੋਰਡ ਦੀ ਕੰਟਰੋਲਰ (ਪ੍ਰੀਖਿਆਵਾਂ) ਸੁਖਵਿੰਦਰ ਕੌਰ ਸਰੋਇਆ ਨੇ ਵੱਖੋ ਵੱਖ ਟੀਮਾਂ ਬਣਾ ਕੇ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਪ੍ਰੀਖਿਆ ਕੇਂਦਰ ਦਾ ਦੌਰਾ ਕਰਕੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ 98 ਫੀਸਦੀ ਪ੍ਰੀਖਿਆ ਕੇਂਦਰਾਂ ਵਿੱਚ ਸਹੀ ਤਰੀਕੇ ਨਾਲ ਕੰਮ ਚਲ ਰਿਹਾ ਸੀ ਜਦੋਂਕਿ ਦੋ ਥਾਵਾਂ ’ਤੇ ਗੁਰਦਾਸਪੁਰ ਅਤੇ ਫਾਜ਼ਿਲਕਾ ਵਿੱਚ ਦੋ ਨਕਲ ਦੇ ਕੇਸ ਫੜੇ ਗਏ ਹਨ। ਬੋਰਡ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਪਿਛਲੇ ਸਮਿਆਂ ਦੇ ਮੁਕਾਬਲੇ ਐਤਕੀਂ ਨਕਲ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਸਿੱਖਿਆ ਬੋਰਡ ਦੀ ਕੰਟਰੋਲਰ (ਪ੍ਰੀਖਿਆਵਾਂ) ਸੁਖਵਿੰਦਰ ਕੌਰ ਸਰੋਇਆ ਨੇ ਮੁਹਾਲੀ ਸ਼ਹਿਰੀ ਖੇਤਰ ਸਮੇਤ ਪਿੰਡ ਤੀੜਾ ਅਤੇ ਮੁੱਲਾਂਪੁਰ ਗਰੀਬਦਾਸ ਵਿੱਚ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸਮੁੱਚੇ ਜ਼ਿਲ੍ਹੇ ’ਚੋਂ ਇੱਕ ਵੀ ਨਕਲ ਦਾ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਪ੍ਰੀਖਿਆਵਾਂ ਦਾ ਕੰਮ ਸੁਚਾਰੂ ਢੰਗ ਨਾਲ ਚਲ ਰਿਹਾ ਸੀ। ਇਸ ਦੌਰਾਨ ਸ੍ਰੀਮਤੀ ਸਰੋਇਆ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸੈਕਟਰ-19 ਚੰਡੀਗੜ੍ਹ ਵਿੱਚ ਬਣਾਏ ਗਏ ਸਪੈਸ਼ਲ ਪ੍ਰੀਖਿਆ ਕੇਂਦਰ ਦਾ ਵੀ ਜਾਇਜ਼ਾ ਲਿਆ। ਇਸ ਕੇਂਦਰ ਵਿੱਚ 17 ਗੁੰਗੇ ਬੋਲੇ ਬੱਚੇ ਪ੍ਰੀਖਿਆ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਸਹੂਲਤ ਲਈ ਬਹੁਤ ਹੀ ਸੌਖਾ ਪੇਪਰ ਲਿਆ ਗਿਆ। ਉਧਰ, ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਮੁਹਾਲੀ ਸਮੇਤ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਇਲਾਕਿਆਂ ਵਿੱਚ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਉਪਰੰਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤ ਸ਼ਾਲਾ ਅਤੇ ਛੀਨਾ ਬੇਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਚੈਕਿੰਗ ਕੀਤੀ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਸੰਵੇਦਨਸ਼ੀਲ ਕੇਂਦਰ ਵੀ ਸ਼ਾਮਲ ਸਨ। ਚੇਅਰਮੈਨ ਨੇ ਮੁਕੇਰੀਆਂ ਦੇ ਪਛੜੇ ਇਲਾਕੇ ਵਿੱਚ ਸਥਿਤ ਦੋ ਸਰਕਾਰੀ ਸਕੂਲਾਂ, ਦਸੂਹਾ ਦੇ ਦੂਰ ਦਰਾਡੇ ਦੇ ਦੋ ਪ੍ਰੀਖਿਆ ਕੇਂਦਰਾਂ ਅਤੇ ਗੜ੍ਹਦੀਵਾਲਾ ਅਤੇ ਬਾਗਪੁਰ ਸਤੌਜ ਸਥਿਤ ਕੇਂਦਰਾਂ ਦਾ ਨਿਰੀਖਣ ਕੀਤਾ। ਬੋਰਡ ਵੱਲੋਂ ਕੀਤੇ ਗਏ ਸਖ਼ਤ ਪ੍ਰਬੰਧਾਂ ਕਾਰਨ ਸੰਵੇਦਨਸ਼ੀਲ ਕੇਂਦਰਾਂ ’ਚੋਂ ਵੀ ਨਕਲ ਦੇ ਕੋਈ ਕੇਸ ਸਾਹਮਣੇ ਨਹੀਂ ਆਇਆ। ਇਸੇ ਤਰ੍ਹਾਂ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਸੁਨਾਮ ਇਲਾਕੇ ਦੇ ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿੱਚ ਸਥਿਤ ਓਪਨ ਸਕੂਲ ਪ੍ਰਣਾਲੀ ਦੇ ਪ੍ਰੀਖਿਆਰਥੀਆਂ ਦੇ ਕੇਂਦਰ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਸਥਿਤ ਦੋਵੇਂ ਬਲਾਕਾਂ ਦੇ ਪ੍ਰੀਖਿਆਰਥੀਆਂ ਦੇ ਕੇਂਦਰਾਂ ਦੀ ਚੈਕਿੰਗ ਕੀਤੀ। ਕਾਲਜ ਦੇ ਇੱਕ ਬਲਾਕ ਵਿੱਚ ਓਪਨ ਸਕੂਲ ਪ੍ਰਣਾਲੀ ਦੇ ਦੂਜੇ ਬਲਾਕ ਵਿੱਚ ਰੈਗੂਲਰ ਵਿਦਿਆਰਥੀਆਂ ਲਈ ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ