Nabaz-e-punjab.com

ਪਾਣੀ ਦੇ ਬਿੱਲਾਂ ਵਿੱਚ ਸਾਢੇ 5 ਗੁਣਾ ਵਾਧੇ ਖ਼ਿਲਾਫ਼ ਅਕਾਲੀ ਭਾਜਪਾ ਕੌਂਸਲਰਾਂ ਵੱਲੋਂ ਭੁੱਖ ਹੜਤਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਆਪਣੇ ਅਧੀਨ ਆਉਂਦੇ ਸੈਕਟਰ-76 ਤੋਂ 80 ਅਤੇ ਸੈਕਟਰ-66 ਤੋਂ ਸੈਕਟਰ-69 ਵਿੱਚ ਪੀਣ ਵਾਲੇ ਪਾਣੀ ਦੇ ਬਿੱਲਾਂ ਵਿੱਚ ਕੀਤੇ ਸਾਢੇ 5 ਗੁਣਾ ਵਾਧੇ ਦੇ ਖ਼ਿਲਾਫ਼ ਸੰਯੁਕਤ ਐਕਸ਼ਨ ਕਮੇਟੀ ਦੇ ਬੈਨਰ ਹੇਠ ਸੈਕਟਰ ਵਾਸੀ ਸੜਕਾਂ ’ਤੇ ਉਤਰ ਆਏ ਹਨ। ਇਸ ਦੌਰਾਨ ਅੱਜ ਭਾਜਪਾ ਕੌਂਸਲਰ ਬੌਬੀ ਕੰਬੋਜ ਅਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਸਤਵੀਰ ਸਿੰਘ ਧਨੋਆ, ਪਰਵਿੰਦਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਰੋਡਾ, ਜਸਵੀਰ ਕੌਰ ਅੱਤਲੀ, ਰਜਨੀ ਗੋਇਲ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਗਮਾਡਾ ਭਵਨ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਜਦੋਂਕਿ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਸਿੰਘ ਰੂਬੀ, ਫੂਲਰਾਜ ਸਿੰਘ, ਰਜਿੰਦਰ ਕੌਰ ਕੁੰਭੜਾ, ਗੁਰਮੁੱਖ ਸਿੰਘ ਸੋਹਲ ਅਤੇ ਯੂਥ ਆਗੂ ਹਰਮਨਜੋਤ ਸਿੰਘ ਕੁੰਭੜਾ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰਕੇ ਸਾਥੀ ਕੌਂਸਲਰਾਂ ਦੀ ਹੜਤਾਲ ਦਾ ਸਮਰਥਨ ਕੀਤਾ।
ਇਸ ਮੌਕੇ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ, ਸਤਵੀਰ ਸਿੰਘ ਧਨੋਆ ਅਤੇ ਭਾਜਪਾ ਆਗੂ ਬੌਬੀ ਕੰਬੋਜ ਨੇ ਕਿਹਾ ਕਿ ਗਮਾਡਾ ਵੱਲੋਂ ਪਿਛਲੇ ਇੱਕ ਸਾਲ ਤੋਂ ਸੈਕਟਰ-66 ਤੋਂ ਸੈਕਟਰ-69, ਸੈਕਟਰ-76 ਤੋਂ 80 ਦੇ ਪਾਣੀ ਦੇ ਬਿੱਲਾਂ ਵਿੱਚ ਸਾਢੇ 5 ਗੁਣਾ ਵਾਧਾ ਕੀਤਾ ਗਿਆ ਹੈ। ਗਮਾਡਾ ਦੇ ਇਸ ਫੈਸਲੇ ਖ਼ਿਲਾਫ਼ ਐਕਸ਼ਨ ਕਮੇਟੀ ਦੇ ਪ੍ਰਧਾਨ ਮਰਹੂਮ ਅਕਾਲੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਜਿਸ ਨੂੰ ਹੁਣ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਸੈਕਟਰਾਂ ਵਿੱਚ ਆਮ ਲੋਕਾਂ ਨੂੰ ਪਹਿਲਾਂ ਹੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ ਹੈ ਅਤੇ ਘੱਟ ਪ੍ਰੈੱਸ਼ਰ ਕਾਰਨ ਉੱਪਰਲੀਆਂ ਮੰਜ਼ਲਾਂ ’ਤੇ ਪਾਣੀ ਦੀ ਬੂੰਦ ਤੱਕ ਨਹੀਂ ਚੜ੍ਹਦੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਨੇ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਸਪਲਾਈ ਕਰਨ ਦੀ ਬਜਾਏ ਪਾਣੀ ਦੇ ਬਿੱਲਾਂ ਵਿੱਚ ਸਾਢੇ 5 ਗੁਣਾ ਵਾਧਾ ਕਰਕੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਜਦੋਂਕਿ ਜਲ ਸਪਲਾਈ ਵਿਭਾਗ ਅਤੇ ਮੁਹਾਲੀ ਨਗਰ ਨਿਗਮ ਵੱਲੋਂ ਸਸਤੇ ਵਿੱਚ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਮਾਡਾ ਨੇ ਪਾਣੀ ਦੇ ਬਿੱਲਾਂ ਵਿੱਚ ਕੀਤਾ ਭਾਰੀ ਵਾਧਾ ਤੁਰੰਤ ਵਾਪਸ ਨਹੀਂ ਲਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਅਤੇ ਲੋਕ ਸਭਾ ਦੀਆਂ ਚੋਣਾਂ ਵਿੱਚ ਪਾਣੀ ਦੇ ਬਿੱਲਾਂ ਨੂੰ ਮੁੱਖ ਮੁੱਦਾ ਬਣਾਇਆ ਜਾਵੇਗਾ।
ਇਸ ਮੌਕੇ ਅਨੂਪ ਸਿੰਘ, ਬਲਦੇਵ ਕ੍ਰਿਸ਼ਨ, ਕੁਲਦੀਪ ਸਿੰਘ ਭਿੰਡਰ, ਕਰਮਜੀਤ ਸਿੰਘ ਮਾਵੀ, ਪਰਮਿੰਦਰ ਸਿੰਘ, ਮਨਮੋਹਨ ਸਿੰਘ ਕੰਗ, ਨਿਰੰਜਨ ਸਿੰਘ ਲਹਿਲ, ਤਰਸੇਮ ਸਿੰਘ ਸੈਣੀ, ਅਰੁਣ ਨਾਭਾ, ਅਮਰਜੀਤ ਸਿੰਘ, ਲਾਭ ਸਿੰਘ ਲੋਹੀਆ, ਜਗਦੇਵ ਸਿੰਘ, ਰੇਸ਼ਮ ਰਾਣੀ, ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਦੀਆਂ ਸਮੂਹ ਰੈਜ਼ੀਡੈਂਟਸ ਐਸੋਸੀਏਸ਼ਨਾਂ, ਵੱਖ ਵੱਖ ਮੰਦਰਾਂ ਅਤੇ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਗਮਾਡਾ ਅਧੀਨ ਆਉਂਦੇ ਸੈਕਟਰਾਂ ਦੇ ਵਸਨੀਕਾਂ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …