ਬੀਰਦਵਿੰਦਰ ਸਿੰਘ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੇ ਲੋਕ ਸਭਾ ਚੋਣਾਂ ਕਰਵਾਉਣ ਦੇ ਫੈਸਲੇ ਦਾ ਸਵਾਗਤ

ਅਕਾਲੀ ਦਲ (ਬਾਦਲ) ’ਤੇ ਗੁਰਦੁਆਰਿਆਂ ਵਿੱਚ ਸਿਆਸੀ ਮੀਟਿੰਗਾਂ ਕਰਨ ’ਤੇ ਪਾਬੰਦੀ ਲਗਾਉਣ ਦੀ ਵਕਾਲਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਲੋਕ ਸਭਾ ਦੀਆਂ ਚੋਣਾਂ ਕਰਵਾਉਣ ਦੀ ਘੋਸ਼ਣਾ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਦਾ ਅਮਲ ਨੇਪਰੇ ਚਾੜ੍ਹਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਆਦਰਸ਼ ਚੋਣ ਜ਼ਾਬਤਾ ਲੱਗ ਚੁੱਕਾ ਹੈ ਤਾਂ ਅਕਾਲੀ ਦਲ (ਬਾਦਲ) ’ਤੇ ਗੁਰਦੁਆਰਿਆਂ ਵਿੱਚ ਸਿਆਸੀ ਮੀਟਿੰਗਾਂ ਅਤੇ ਚੋਣ ਜਲਸੇ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਵੇ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਬਾਦਲ ਦਲ ਦੇ ਵਰਕਰ ਸਿਆਸੀ ਸਰਗਰਮੀਆਂ ਲਈ ਗੁਰਦੁਆਰਿਆਂ ਨੂੰ ਨਿੱਜੀ ਹਿੱਤਾਂ ਲਈ ਵਰਤਦੇ ਹਨ ਅਤੇ ਮੀਟਿੰਗਾਂ ਅਤੇ ਸਿਆਸੀ ਗਤੀਵਿਧੀਆਂ ਲਈ ਵਰਕਰਾਂ ਦੇ ਚਾਹ-ਪਾਣੀ ਅਤੇ ਲੰਗਰ ਦਾ ਸਾਰਾ ਖਰਚਾ ਵੀ ਐਸਜੀਪੀਸੀ ਰਾਹੀਂ ਗੁਰੂ ਘਰਾਂ ਦੀਆਂ ਗੋਲਕਾਂ ’ਚੋਂ ਵਰਤਦੇ ਹਨ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਅਕਾਲੀਆਂ ਦੀਆਂ ਅਜਿਹੀਆਂ ਕਾਰਵਾਈਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਹੁਕਮਰਾਨ ਪਾਰਟੀ ਦੇ ਆਗੂਆਂ ’ਤੇ ਬਾਜ ਅੱਖ ਰੱਖੀ ਜਾਵੇ ਤਾਂ ਜੋ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਰੋਕੀ ਜਾ ਸਕੇ। ਬੀਰਦਵਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਦੀ ਪਾਰਟੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਰੋਕਣ ਅਤੇ ਅਕਾਲੀ ਦਲ (ਬਾਦਲ) ਨੂੰ ਗੁਰੂਘਰਾਂ ਵਿੱਚ ਚੋਣ ਜਲਸੇ ਕਰਨ ਤੋਂ ਡੱਕਣ ਲਈ ਹੁਕਮਰਾਨ ਪਾਰਟੀ ਅਤੇ ਬਾਦਲਾਂ ਦੀਆਂ ਸਿਆਸੀ ਸਰਗਰਮੀਆਂ ਦੀ ਆਪਣੇ ਪੱਧਰ ’ਤੇ ਫੋਟੋਗਰਾਫ਼ੀ ਅਤੇ ਵੀਡੀਓਗਰਾਫ਼ੀ ਕੀਤੀ ਜਾਵੇਗੀ। ਉਨ੍ਹਾਂ ਐਸਜੀਪੀਸੀ ਦੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਬਾਦਲ ਦਲ ਦੇ ਪਿੱਠੂ ਬਣਨ ਦੀ ਬਜਾਏ ਆਪਣੀ ਡਿਊਟੀ ਸੰਗਤ ਦੀ ਸੇਵਾ ਦੇ ਲੇਖੇ ਲਗਾਉਣ। ਇਸ ਮੌਕੇ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਜੀਪੀਐਸ ਗਿੱਲ, ਗਗਨਪ੍ਰੀਤ ਸਿੰਘ ਬੈਂਸ, ਨਿਰੰਜਣ ਸਿੰਘ ਲਹਿਲ, ਹਰਭਜਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …