Nabaz-e-punjab.com

ਰਾਜਸੀ ਪਾਰਟੀਆਂ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨਾ ਯਕੀਨੀ ਬਣਾਉਣ: ਜ਼ਿਲ੍ਹਾ ਚੋਣ ਅਫ਼ਸਰ

ਲੋਕਾ ਸਭਾ ਚੋਣਾਂ ਦੇ ਮੱਦੇਨਜ਼ਰ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ

ਸੀ-ਵਿਜਲ ਮੋਬਾਈਲ ਐਪ ਰਾਹੀਂ ਆਮ ਲੋਕ ਵੀ ਰੱਖ ਸਕਣਗੇ ਚੋਣ ਜ਼ਾਬਤੇ ’ਤੇ ਤਿੱਖੀ ਨਜ਼ਰ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਜਸੀ ਆਗੂਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਜਸੀ ਪਾਰਟੀਆਂ ਦੇ ਸਹਿਯੋਗ ਨਾਲ ਲੋਕ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਆਪਣੀ ਪੂਰੀ ਵਾਹ ਲਾਏਗਾ ਅਤੇ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਵਾਰ ਹਰੇਕ ਈਵੀਐਮ ਮਸ਼ੀਨ ਨਾਲ ਵੀਵੀ ਪੈਟ ਜੋੜੀ ਜਾਵੇਗੀ। ਜਿਸ ਦੀ ਸਕਰੀਨ ’ਤੇ ਮਤਦਾਤਾ ਆਪਣੀ ਵੋਟ ਪਾਉਣ ਤੋਂ ਬਾਅਦ 7 ਸਕਿੰਟ ਲਈ ਇਹ ਜਾਣਕਾਰੀ ਦੇਖ ਸਕੇਗਾ ਕਿ ਉਸ ਨੇ ਕਿਸ ਉਮੀਦਵਾਰ ਨੂੰ ਵੋਟ ਪਾਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਈ ਵੀ ਰਾਜਸੀ ਪਾਰਟੀ ਧਾਰਮਿਕ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਨਹੀਂ ਵਰਤ ਸਕੇਗੀ। ਰਾਜਨੀਤਿਕ ਪਾਰਟੀਆਂ ਨੂੰ ਜਨਤਕ ਇਮਾਰਤਾਂ ’ਤੇ ਕਿਸੇ ਵੀ ਕਿਸਮ ਦੀ ਸਿਆਸੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਨਿੱਜੀ ਥਾਵਾਂ ’ਤੇ ਵੀ ਆਪਣੀ ਪਾਰਟੀ ਜਾਂ ਉਮੀਦਵਾਰ ਦਾ ਬੈਨਰ ਜਾਂ ਪੋਸਟਰ ਲਾਉਣ ਤੋਂ ਪਹਿਲਾਂ ਜਗ੍ਹਾ ਦੇ ਮਾਲਕਾਂ ਤੋਂ ਮਨਜ਼ੂਰੀ ਲੈਣੀ ਪਵੇਗੀ। ਉਨ੍ਹਾਂ ਦੱਸਿਆ ਕਿ ਜੇ ਇਸ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਹ ਚੋਣ ਜ਼ਾਬਤੇ ਦੀ ਉਲੰਘਣਾ ਹੋਵੇਗੀ ਅਤੇ ਉਸ ਵਿਰੁੱਧ ਯੋਗ ਕਾਰਵਾਈ ਕੀਤੀ ਜਾਵੇਗੀ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਕਿਸੇ ਵੀ ਰਾਜਸੀ ਪਾਰਟੀ ਜਾਂ ਚੋਣ ਲੜਨ ਵਾਲੇ ਉਮੀਦਵਾਰ ਨੂੰ ਰੈਲੀਆਂ ਅਤੇ ਮੀਟਿੰਗਾਂ ਕਰਨ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ ਪ੍ਰਚਾਰ ਸਮੱਗਰੀ ਛਪਵਾਉਣ ਸਬੰਧੀ ਵੀ ਜ਼ਿਲ੍ਹਾ ਚੋਣ ਅਫ਼ਸਰ ਨੂੰ ਜਾਣਕਾਰੀ ਦੇਣੀ ਲਾਜ਼ਮੀ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਚੋਣਾਂ ਸਮੇਂ ਕੋਈ ਵੀ ਵਿਅਕਤੀ ਜੇ ਵੋਟਰਾਂ ਨੂੰ ਗਲਤ ਤਰੀਕੇ ਨਾਲ ਭਰਮਾਉਂਦਾ ਹੈ ਤਾਂ ਉਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਤੱਕ ਪੁੱਜਦੀ ਕੀਤੀ ਜਾਵੇ। ਇਸ ਤੋਂ ਇਲਾਵਾ ਸੀ-ਵਿਜ਼ਲ ਮੋਬਾਈਲ ਐਪ ਰਾਹੀਂ ਵੀ ਨਜ਼ਰ ਰੱਖੀ ਜਾ ਸਕਦੀ ਹੈ। ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਜਾਂ ਸ਼ਿਕਾਇਤ ਟੋਲ ਫਰੀ ਨੰਬਰ 1950 ’ਤੇ ਵੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਵੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਤਹਿਸੀਲਦਾਰ ਚੋਣਾਂ ਸੰਜੈ ਕੁਮਾਰ, ਕਾਂਗਰਸੀ ਆਗੂ ਹਰਜਿੰਦਰ ਸਿੰਘ ਭੰਗੂ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਜ਼ਿਲ੍ਹਾ ਭਾਜਪਾ ਦੇ ਕੈਸ਼ੀਅਰ ਜੋਗਿੰਦਰ ਕਮਰ, ਬਸਪਾ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ, ਸੀਪੀਆਈ ਦੇ ਸੂਬਾਈ ਕੌਂਸਲ ਮੈਂਬਰ ਮਹਿੰਦਰ ਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਬੀਐਸ ਚਹਿਲ ਮੌਜੂਦ ਸਨ।
(ਬਾਕਸ ਆਈਟਮ)
ਵਧੀਕ ਜ਼ਿਲ੍ਹਾ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਪ੍ਰਚਾਰ ਸਮੱਗਰੀ ਦੇ ਪ੍ਰਕਾਸ਼ਨ ਸਬੰਧੀ ਨਿਯਮਾਂ ਦੀ ਪਾਲਣਾ ਬਾਬਤ ਅੱਜ ਜ਼ਿਲ੍ਹਾ ਮੁਹਾਲੀ ਦੀ ਹੱਦ ਅੰਦਰ ਪ੍ਰਿੰਟਿੰਗ ਪ੍ਰੈੱਸ ਵਾਲਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਚਾਰ ਸਮੱਗਰੀ ਦੇ ਪ੍ਰਕਾਸ਼ਨ ਸਬੰਧੀ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਿੰਟਿੰਗ ਪ੍ਰੈੱਸ ਵਾਲਾ ਅਜਿਹਾ ਕੋਈ ਚੋਣ ਕਿਤਾਬਚਾ ਜਾਂ ਇਸ਼ਤਿਹਾਰ ਸਮੱਗਰੀ ਨਾ ਛਾਪੇ, ਜਿਸ ਉੱਤੇ ਛਾਪਕ ਤੇ ਪ੍ਰਕਾਸ਼ਕ ਦਾ ਨਾਂ ਦਰਜ ਨਾ ਹੋਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …