Nabaz-e-punjab.com

ਗਊਸ਼ਾਲਾ ਵਿੱਚ ਸੈਂਕੜੇ ਪਸ਼ੂਆਂ ਦੀ ਭੇਤਭਰੀ ਮੌਤ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ: ਸਿੱਧੂ

ਪਸ਼ੂ ਪਾਲਣ ਮੰਤਰੀ ਸਿੱਧੂ ਨੇ ਗਊਸ਼ਾਲਾ ਦਾ ਦੌਰਾ ਕਰਕੇ ਲਿਆ ਜਾਇਜ਼ਾ, ਪਸ਼ੂਆਂ ਦਾ ਸਮੇਂ ਸਿਰ ਡਾਕਟਰੀ ਇਲਾਜ ਕਰਵਾਉਣ ਦੇ ਹੁਕਮ

ਡਿਪਟੀ ਮੇਅਰ ਸੇਠੀ ਨੇ ਮੁੱਖ ਮੰਤਰੀ, ਨਵਜੋਤ ਸਿੱਧੂ ਤੇ ਬਲਬੀਰ ਸਿੱਧੂ ਨੂੰ ਲਿਖਿਆ ਪੱਤਰ, ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਮੁਹਾਲੀ ਨਗਰ ਨਿਗਮ ਦੀ ਇੱਥੋਂ ਦੇ ਸਨਅਤੀ ਏਰੀਆ ਫੇਜ਼-1 ਵਿੱਚ ਸਥਿਤ ਗਊਸ਼ਾਲਾ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ 279 ਪਸ਼ੂਆਂ ਦੀ ਭੇਤਭਰੀ ਹਾਲਤ ਵਿੱਚ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਪਸ਼ੂਆਂ ਦੇ ਰੱਖ ਰਖਾਓ ਅਤੇ ਡਾਕਟਰੀ ਇਲਾਜ ਸਬੰਧੀ ਜਾਇਜ਼ਾ ਲਿਆ।
ਜਾਣਕਾਰੀ ਅਨੁਸਾਰ ਜਨਵਰੀ ਵਿੱਚ 141 ਅਤੇ ਫਰਵਰੀ ਵਿੱਚ 138 ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। ਇਹੀ ਨਹੀਂ ਬੁੱਧਵਾਰ ਸ਼ਾਮ ਨੂੰ ਪਸ਼ੂਆਂ ਦੀ ਗਿਣਤੀ ਕਰਨ ’ਤੇ ਗਊਸ਼ਾਲਾ ਵਿੱਚ 146 ਪਸ਼ੂ ਘੱਟ ਪਾਏ ਗਏ ਹਨ। ਇਨ੍ਹਾਂ ਪਸ਼ੂਆਂ ਬਾਰੇ ਗਊਸ਼ਾਲਾ ਵਿੱਚ ਕੋਈ ਰਿਕਾਰਡ ਨਹੀਂ ਹੈ ਕਿ ਇਹ ਪਸ਼ੂ ਮਰ ਗਏ ਹਨ ਜਾਂ ਇਨ੍ਹਾਂ ਨੂੰ ਛੱਡਿਆ ਗਿਆ ਹੈ।
ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਵੱਲੋਂ ਸੈਂਕੜੇ ਪਸ਼ੂਆਂ ਦੀ ਭੇਤਭਰੀ ਹਾਲਤ ਵਿੱਚ ਮੌਤ ਦੇ ਮਾਮਲੇ ਦਾ ਪਰਦਾਫਾਸ ਕੀਤਾ ਗਿਆ ਸੀ ਅਤੇ ਗੌਰੀ ਸ਼ੰਕਰ ਸੇਵਾ ਦਲ ਦੇ ਪ੍ਰਧਾਨ ਰਮੇਸ਼ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਸੀ ਕਿ ਇਸ ਸਮੇਂ ਗਊਸ਼ਾਲਾ ਵਿੱਚ ਕਰੀਬ 950 ਪਸ਼ੂ ਹਨ। ਪ੍ਰੰਤੂ ਸ਼ਾਮ ਨੂੰ ਜਦੋਂ ਗਿਣਤੀ ਕੀਤੀ ਗਈ ਤਾਂ ਗਊਸ਼ਾਲਾ ਵਿੱਚ ਸਿਰਫ਼ 795 ਪਸ਼ੂ ਸਨ ਜਦੋਂਕਿ ਪ੍ਰਬੰਧਕਾਂ ਨੇ ਨਗਰ ਨਿਗਮ ਨੂੰ ਬਿੱਲ 941 ਪਸ਼ੂਆਂ ਦਾ ਭੇਜਿਆ ਗਿਆ ਹੈ।
ਇਸ ਸਬੰਧੀ ਡਿਪਟੀ ਮੇਅਰ ਨੇ ਅੱਜ ਮੁੱਖ ਮੰਤਰੀ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੱਤਰ ਲਿਖ ਕੇ ਸਮੁੱਚੇ ਮਾਮਲੇ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਘਪਲੇਬਾਜ਼ੀ ਹੈ, ਜੋ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕਥਿਤ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਇਸ ਮਾਮਲੇ ਦੀ ਤੈਅ ਤੱਕ ਜਾਣ ਲਈ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਵੀ ਕੀਤੀ ਹੈ।
ਅੱਜ ਗਊਸ਼ਾਲਾ ਦੇ ਦੌਰੇ ’ਤੇ ਆਏ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਗਊਸ਼ਾਲਾ ਵਿੱਚ ਪਸ਼ੂਆਂ ਦੀ ਮੌਤ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਮੁੱਢਲੀ ਜਾਂਚ ਵਿੱਚ ਅਣਗਹਿਲੀ ਪਾਏ ਜਾਣ ’ਤੇ ਸਬੰਧਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਕਸੂਰਵਾਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਸ਼ੂਆਂ ਦੀ ਚੰਗੀ ਤਰ੍ਹਾਂ ਸਾਂਭ ਸੰਭਾਲ ਕੀਤੀ ਜਾਵੇ ਅਤੇ ਹਰੇ ਤੇ ਸੁੱਕੇ ਚਾਰੇ ਦੀ ਘਾਟ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਖ਼ਤੀ ਨਾਲ ਆਖਿਆ ਕਿ ਪਸ਼ੂਆਂ ਲਈ ਡਾਕਟਰੀ ਸਹੂਲਤ ਵਿੱਚ ਢਿੱਲ ਮੱਠ ਨਾ ਵਰਤੀ ਜਾਵੇ। ਪਸ਼ੂਆਂ ਦੀ ਮੌਤ ਬਾਰੇ ਮੰਤਰੀ ਨੇ ਨਗਰ ਨਿਗਮ ਤੋਂ ਵਿਸਥਾਰ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਕੈਬਨਿਟ ਮੰਤਰੀ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਗੌਰੀ ਸ਼ੰਕਰ ਸੇਵਾ ਦਲ ਵੱਲੋਂ ਚਲਾਈ ਜਾ ਰਹੀ ਇਸ ਗਊਸ਼ਾਲਾ ਵਿੱਚ ਪਿਛਲੇ ਸਮੇਂ ਪਸ਼ੂਆਂ ਦੀ ਵੱਡੀ ਗਿਣਤੀ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਕਾਰਨ ਅੱਜ ਪਸ਼ੂ ਪਾਲਣ ਮੰਤਰੀ ਵੱਲੋਂ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ ਹੈ।
ਇਸ ਮੌਕੇ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਕਨੂੰ ਥਿੰਦ, ਸਹਾਇਕ ਕਮਿਸ਼ਨਰ ਸਰਬਜੀਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਸੰਜੀਵ ਖੋਸਲਾ, ਡਿਪਟੀ ਡਾਇਰੈਕਟਰ ਡਾ. ਨਿਰਮਲਜੀਤ ਸਿੰਘ, ਸਹਾਇਕ ਡਾਇਰੈਕਟਰ ਡਾ. ਗੁਰਇਕਬਾਲ ਸਿੰਘ ਗਰੋਵਰ, ਸੀਨੀਅਰ ਵੈਟਰਨਰੀ ਅਫ਼ਸਰ ਖਰੜ ਡਾ. ਸੰਗੀਤਾ, ਵੈਟਰਨਰੀ ਅਫ਼ਸਰ ਡਾ. ਹਰਪ੍ਰੀਤ ਸਿੰਘ ਤੇ ਡਾ. ਰੁਪਿੰਦਰ ਕੌਰ ਡਾਂਡੀਵਾਲ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਬਲਾਕ ਕਾਂਗਰਸ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਕਾਂਗਰਸੀ ਕੌਂਸਲਰ ਅਮਰੀਕ ਸਿੰਘ ਸੋਮਲ ਤੇ ਜਸਵੀਰ ਸਿੰਘ ਮਣਕੂ, ਗੁਰਸਾਹਿਬ ਸਿੰਘ, ਐਮਆਈਏ ਦੇ ਸਾਬਕਾ ਪ੍ਰਧਾਨ ਸੰਜੀਵ ਵਸ਼ਿਸ਼ਟ ਤੇ ਅਨੁਰਾਗ ਅਗਰਵਾਲ ਅਤੇ ਸੰਜੀਵ ਗਰਗ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …