Nabaz-e-punjab.com

ਜਥੇਦਾਰ ਟਿਵਾਣਾ ਨੇ ਚੰਦੂਮਾਜਰਾ ਦੇ ਦਾਅਵੇ ਨੂੰ ਝੂਠਲਾਇਆ, ਕਿਹਾ ਮੈਂ ਅਕਾਲੀ ਦਲ ਬਾਦਲ ’ਚ ਸ਼ਾਮਲ ਨਹੀਂ ਹੋਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਟਕਸਾਲੀ ਅਕਾਲੀ ਆਗੂ ਜਥੇਦਾਰ ਭੁਪਿੰਦਰ ਸਿੰਘ ਟਿਵਾਣਾ ਨੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਦਾਅਵੇ ਨੂੰ ਝੂਠਲਾਉਂਦਿਆਂ ਸਪੱਸ਼ਟ ਕੀਤਾ ਕਿ ਉਹ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਨਹੀਂ ਹੋਏ ਹਨ ਕਿਉਂਕਿ ਉਹ ਬਾਦਲ ਦਲ ਦੇ ਸਖ਼ਤ ਖ਼ਿਲਾਫ਼ ਹਨ। ਇੱਥੇ ਇਹ ਦੱਸਣਯੋਗ ਹੈ ਕਿ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਈਮੇਲ ਤੋਂ ਮੀਡੀਆ ਨੂੰ ਭੇਜੀ ਗਈ ਖ਼ਬਰ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਜਥੇਦਾਰ ਭੁਪਿੰਦਰ ਸਿੰਘ ਟਿਵਾਣਾ ਨੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਸ੍ਰੀ ਚੰਦੂਮਾਜਰਾ ਨੇ ਆਪਣੇ ਘਰ ਦੇ ਵਿਹੜੇ ਵਿੱਚ ਜਥੇਦਾਰ ਟਿਵਾਣਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਸਬੰਧੀ ਜਦੋਂ ਇਸ ਪੱਤਰਕਾਰ ਨੇ ਜਥੇਦਾਰ ਟਿਵਾਣਾ ਨਾਲ ਤਾਲਮੇਲ ਕਰਕੇ ਦੁਬਾਰਾ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਬਾਦਲ ਦਲ ਵਿੱਚ ਸ਼ਾਮਲ ਨਹੀਂ ਹੋਏ ਹਨ। ਉਂਜ ਇਹ ਜ਼ਰੂਰ ਆਖਿਆ ਕਿ ਉਹ ਚੰਦੂਮਾਜਰਾ ਦੇ ਜਮਾਤੀ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਇਕੱਠੇ ਪੜ੍ਹੇ ਅਤੇ ਸਿੱਖਿਆ ਬੋਰਡ ਵਿੱਚ ਇਕੱਠਿਆਂ ਨੌਕਰੀ ਕੀਤੀ ਅਤੇ ਦਰਵੇਸ ਸਿਆਸਤਦਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜ ਦੀ ਅਗਵਾਈ ਹੇਠ ਇਕੱਠਿਆਂ ਕੰਮ ਕੀਤਾ ਹੈ। ਇਸ ਲਿਹਾਜ ਨਾਲ ਉਹ ਸਿਰਫ਼ ਚੰਦੂਮਾਜਰਾ ਦੇ ਦੋਸਤ ਹਨ। ਪਰ ਉਹ ਬਾਦਲ ਦਲ ਵਿੱਚ ਸ਼ਾਮਲ ਨਹੀਂ ਹੋਏ ਹਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਭੜਾਸ ਕੱਢਦਿਆਂ ਇਨ੍ਹਾਂ ਆਗੂਆਂ ਨੂੰ ਰੱਜ ਕੇ ਕੋਸਿਆ।
ਜ਼ਿਕਰਯੋਗ ਬੀਤੀ 8 ਮਾਰਚ ਨੂੰ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਬਾਦਲ ਦਲ ਨਾਲ ਲੰਮਾ ਸਮਾਂ ਜੁੜੇ ਰਹੇ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਦੇ ਨਾਲ ਜਥੇਦਾਰ ਟਿਵਾਣਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੋਂ ਸਿਰੋਪਾਓ ਲਿਆ ਸੀ। ਉਨ੍ਹਾਂ ਸਪੱਸ਼ਟ ਆਖਿਆ ਕਿ ਉਹ ਜਥੇਦਾਰ ਬ੍ਰਹਮਪੁਰਾ ਦੀ ਅਗਵਾਈ ਵਾਲੇ ਅਕਾਲੀ ਦਲ (ਟਕਸਾਲੀ) ਨਾਲ ਚਟਾਨ ਵਾਂਗ ਖੜੇ ਹਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …