Share on Facebook Share on Twitter Share on Google+ Share on Pinterest Share on Linkedin ਭ੍ਰਿਸ਼ਟਾਚਾਰ ਦਾ ਮਾਮਲਾ: ਮੁਹਾਲੀ ਅਦਾਲਤ ਵੱਲੋਂ ਜਥੇਦਾਰ ਕੋਲਿਆਂਵਾਲੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਵਿਜੀਲੈਂਸ ਵੱਲੋਂ ਜਥੇਦਾਰ ਕੋਲਿਆਂਵਾਲੀ ਗ੍ਰਿਫ਼ਤਾਰੀ ਲਈ ਸ਼ਾਮ ਨੂੰ ਜੱਦੀ ਘਰ ਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਜਥੇਦਾਰ ਕੋਲਿਆਂਵਾਲੀ ਵੱਲੋਂ ਜ਼ਮੀਨ ਦੇ ਤਬਾਦਲੇ ਸਬੰਧੀ ਦੂਜੀ ਧਿਰ ਨਾਲ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਜਥੇਦਾਰ ਕੋਲਿਆਂਵਾਲੀ ਦੀ ਮਹਿਲਨੁਮਾ ਕੋਠੀ ਦੀ ਪੈਮਾਇਸ਼ ਦੀ ਰਿਪੋਰਟ ’ਚ ਸਾਰੇ ਦੋਸ਼ ਸਹੀ: ਐਸਐਸਪੀ ਅਸ਼ੋਕ ਬਾਠ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ: ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀ, ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਮੁਹਾਲੀ ਅਦਾਲਤ ਨੇ ਜਥੇਦਾਰ ਕੋਲਿਆਂਵਾਲੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਬੀਤੀ 16 ਫਰਵਰੀ ਨੂੰ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਨੇ ਅਕਾਲੀ ਆਗੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ (ਜਥੇਦਾਰ ਕੋਲਿਆਂਵਾਲੀ) ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਅਤੇ ਉਹ ਪਿਛਲੇ ਕਰੀਬ ਦੋ ਮਹੀਨੇ ਤੋਂ ਨਿਆਇਕ ਹਿਰਾਸਤ ਅਧੀਨ ਨਵੀਂ ਜੇਲ੍ਹ ਨਾਭਾ ਵਿੱਚ ਬੰਦ ਰਹਿਣ ਤੋਂ ਬਾਅਦ ਬੜੀ ਮੁਸ਼ਕਲ ਨਾਲ ਜੇ੍ਹਲ ’ਚੋਂ ਬਾਹਰ ਆਏ ਸਨ, ਪ੍ਰੰਤੂ ਵਿਜੀਲੈਂਸ ਨੇ ਹੁਣ ਨਵੇਂ ਸਿਰਿਓਂ ਜਥੇਦਾਰ ਕੋਲਿਆਂਵਾਲੀ ਦੇ ਖ਼ਿਲਾਫ਼ ਦਰਜ ਕੇਸ ਵਿੱਚ ਆਈਪੀਸੀ ਦੀ ਧਾਰਾ 120ਬੀ, 465,467, 468 ਅਤੇ 471 ਦੇ ਜੁਰਮ ਦਾ ਵਾਧਾ ਕਰਕੇ ਜਥੇਦਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੀ ਇਸ ਕਾਰਵਾਈ ਦੀ ਭਿਣਕ ਪੈਂਦਿਆਂ ਜਥੇਦਾਰ ਕੋਲਿਆਂਵਾਲੀ ਨੇ ਚੁੱਪ ਚੁਪੀਤੇ ਆਪਣੇ ਵਕੀਲਾਂ ਰਾਹੀਂ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਨਵੇਂ ਸਿਰਿਓਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਅੱਜ ਅਰਜ਼ੀ ’ਤੇ ਸੁਣਵਾਈ ਦੌਰਾਨ ਜੱਜ ਨੇ ਵੱਖ ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਜਥੇਦਾਰ ਦੀ ਜ਼ਮਾਨਤ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਹੈ। ਉਧਰ, ਇਸ ਸਬੰਧੀ ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਦੇ ਖ਼ਿਲਾਫ਼ ਜੁਰਮ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਜ਼ਮੀਨ ਦੇ ਤਬਾਦਲੇ ਸਬੰਧੀ ਦੂਜੀ ਧਿਰ ਨਾਲ ਧੋਖਾਧੜੀ ਕੀਤੀ ਹੈ। ਅਕਾਲੀ ਆਗੂ ਨੇ ਜ਼ਮੀਨ ਤਬਾਦਲੇ ਸਬੰਧੀ ਦੂਜੀ ਧਿਰ ਤੋਂ ਤਾਂ ਲੋੜੀਂਦੀ ਜ਼ਮੀਨ ਆਪਣੇ ਨਾਂ ਕਰਵਾ ਲਈ ਪ੍ਰੰਤੂ ਬਦਲੇ ਵਿੱਚ ਜਿਹੜੀ ਜ਼ਮੀਨ ਦੂਜੀ ਧਿਰ ਨੂੰ ਦਿੱਤੀ ਗਈ, ਉਹ ਜਥੇਦਾਰ ਦੀ ਮਲਕੀਅਤ ਨਹੀਂ ਸੀ। ਜਥੇਦਾਰ ਨੇ ਉਕਤ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਗ੍ਰਿਫ਼ਤਾਰੀ ਲਈ ਅੱਜ ਸ਼ਾਮ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਜਲਦੀ ਹੀ ਜਥੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਵਿੱਚ ਸਥਿਤ ਮਹਿਲਨੁਮਾ ਆਲੀਸ਼ਾਨ ਕੋਠੀ ਦੀ ਪੈਮਾਇਸ਼ ਬਾਰੇ ਜਾਂਚ ਰਿਪੋਰਟ ਮਿਲ ਗਈ ਹੈ ਅਤੇ ਵਿਜੀਲੈਂਸ ਵੱਲੋਂ ਜਥੇਦਾਰ ਖ਼ਿਲਾਫ਼ ਦਰਜ ਕੇਸ ਵਿੱਚ ਜਿਹੜੇ ਦੋਸ਼ ਲਗਾਏ ਗਏ ਹਨ। ਜਾਂਚ ਵਿੱਚ ਉਹ ਸਹੀ ਸਾਬਤ ਹੋਏ ਹਨ। ਜ਼ਿਕਰਯੋਗ ਹੈ ਕਿ ਅਕਾਲੀ ਜਥੇਦਾਰ ਵਿਰੁੱਧ ਬੀਤੀ 1 ਜੁਲਾਈ ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਉਕਤ ਵੱਖ ਵੱਖ ਪ੍ਰਮੁੱਖ ਅਹੁਦਿਆਂ ’ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਉਸ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ