Nabaz-e-punjab.com

ਧਰਮੀ ਫੌਜੀਆਂ ਵੱਲੋਂ ਬੀਰਦਵਿੰਦਰ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ, ਮੁਹਾਲੀ ਵਿੱਚ ਸੇਖਵਾਂ ਦੇ ਨਿਵਾਸ ’ਤੇ ਹੋਈ ਮੀਟਿੰਗ

ਬੀਰਦਵਿੰਦਰ ਸਿੰਘ 26 ਅਪਰੈਲ ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ, ਗੁਰਦੁਆਰਾ ਅੰਬ ਸਾਹਿਬ ਤੋਂ ਰਵਾਨਾ ਹੋਵੇਗਾ ਸਮਰਥਕਾਂ ਦਾ ਕਾਫ਼ਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾ ਹੁਲਾਰਾ ਮਿਲਿਆ ਜਦੋਂ ਧਰਮੀ ਫੌਜੀ ਫਰੰਟ ਦੇ ਆਗੂਆਂ ਨੇ ਬੀਰਦਵਿੰਦਰ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਇਸ ਸਬੰਧੀ ਇੱਥੋਂ ਦੇ ਸੈਕਟਰ-71 ਸਥਿਤ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਦੇ ਨਿਵਾਸ ’ਤੇ ਹੋਈ ਮੀਟਿੰਗ ਵਿੱਚ ਧਰਮੀ ਫੌਜੀ ਫਰੰਟ ਦੇ ਪ੍ਰਧਾਨ ਜਸਪਾਲ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਬੀਰਦਵਿੰਦਰ ਸਿੰਘ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਬੀਰਦਵਿੰਦਰ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬੀਰਦਵਿੰਦਰ ਸਿੰਘ, ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਵੀ ਹਾਜ਼ਰ ਸਨ।
ਇਸ ਮੌਕੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਕਮਰਾਨ ਕਾਂਗਰਸ ਪਾਰਟੀ ਅਤੇ ਅਕਾਲੀ ਦਲ (ਬਾਦਲ) ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ। ਸਿੱਖ ਸੰਗਤ ਅਤੇ ਪੰਥ ਦਰਦੀਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭਰੋਸਾ ਰੱਖਣ ਵਾਲੇ ਲੋਕਾਂ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਜੁੜ ਰਹੇ ਹਨ ਅਤੇ ਅਕਾਲੀ ਸਰਕਾਰ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਆਮ ਲੋਕਾਂ ਦੇ ਮਨਾਂ ਵਿੱਚ ਬਾਦਲਾਂ ਅਤੇ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਅਤੇ ਹੁਣ ਪਿਛਲੇ ਦੋ ਸਾਲਾਂ ਤੋਂ ਕੈਪਟਨ ਸਰਕਾਰ ਨੇ ਵੀ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਡੱਕਾ ਨਹੀਂ ਤੋੜਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਗੁਰਸੇਵ ਸਿੰਘ ਹਰਪਾਲਪੁਰ, ਜਗਰੂਪ ਸਿੰਘ ਸੇਖਵਾਂ, ਗਗਨਪ੍ਰੀਤ ਸਿੰਘ ਬੈਂਸ, ਉਪਕਾਰ ਸਿੰਘ ਗਿੱਲ ਭਾਗੋਮਾਜਰਾ, ਧਰਮੀ ਫੌਜੀ ਫਰੰਟ ਦੇ ਆਗੂ ਮਲਕੀਤ ਸਿੰਘ ਸਮਾਣਾ, ਕਰਨੈਲ ਸਿੰਘ, ਰੌਸ਼ਨ ਸਿੰਘ ਪ੍ਰੇਮਗੜ੍ਹ, ਪਰਮਜੀਤ ਸਿੰਘ ਬਦੌਲੀ, ਸੂਬਾ ਸਿੰਘ ਮੁਹਾਲੀ, ਹਰਪਾਲ ਸਿੰਘ ਅੰਬਾਲਾ ਅਤੇ ਜਸਪਾਲ ਸਿੰਘ ਵੀ ਮੌਜੂਦ ਸਨ।
(ਬਾਕਸ ਆਈਟਮ)
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਗੁਰਸੇਵ ਸਿੰਘ ਹਰਪਾਲਪੁਰ ਅਤੇ ਗਗਨਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਬੀਰਦਵਿੰਦਰ ਸਿੰਘ 26 ਅਪਰੈਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਸ ਤੋਂ ਪਹਿਲਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਸਵੇਰੇ 9 ਵਜੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇਗੀ। ਉਪਰੰਤ ਬੀਰਦਵਿੰਦਰ ਸਿੰਘ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਬੰਧੀ ਰੂਪਨਗਰ ਲਈ ਰਵਾਨਾ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…