Share on Facebook Share on Twitter Share on Google+ Share on Pinterest Share on Linkedin ਪਾਦਰੀ ਕੇਸ: ਮੁਹਾਲੀ ਅਦਾਲਤ ਵੱਲੋਂ ਮੁਲਜ਼ਮ ਥਾਣੇਦਾਰਾਂ ਦੀ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਏਐਸਆਈ ਦਿਲਬਾਗ ਸਿੰਘ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ, ਮੁਖ਼ਬਰ ਪਹਿਲਾਂ ਹੀ 27 ਅਪਰੈਲ ਤੱਕ ਪੁਲੀਸ ਰਿਮਾਂਡ ’ਤੇ ਹੈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ: ਜਲੰਧਰ ਦੇ ਪਾਦਰੀ ਦੀ 6.66 ਕਰੋੜ ਰੁਪਏ ਦੀ ਰਾਸ਼ੀ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਦੋ ਥਾਣੇਦਾਰਾਂ ਏਐਸਆਈ ਜੋਗਿੰਦਰ ਸਿੰਘ ਅਰਬਨ ਅਸਟੇਟ ਪਟਿਆਲਾ ਅਤੇ ਏਐਸਆਈ ਰਾਜਪ੍ਰੀਤ ਸਿੰਘ ਨਵੀਂ ਮਹਿੰਦਰਾ ਕਲੋਨੀ ਪਟਿਆਲਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਨੇ ਵੀਰਵਾਰ ਨੂੰ ਮੁਲਜ਼ਮ ਥਾਣੇਦਾਰਾਂ ਦੀਆਂ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਮੁੱਢੋਂ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਿਛਲੇ ਦਿਨੀਂ ਆਪਣਾ ਫੈਸਲਾ ਅੱਜ 25 ਅਪਰੈਲ ਲਈ ਰਾਖਵਾਂ ਰੱਖ ਲਿਆ ਸੀ। ਵੀਰਵਾਰ ਨੂੰ ਜੱਜ ਨੇ ਖੁੱਲ੍ਹੀ ਅਦਾਲਤ ਵਿੱਚ ਸੁਣਵਾਈ ਦੌਰਾਨ ਵੱਖ ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਮੁਲਜ਼ਮ ਥਾਣੇਦਾਰਾਂ ਦੀਆਂ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਬੀਤੀ 13 ਅਪਰੈਲ ਨੂੰ ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਕਰਾਈਮ ਥਾਣਾ ਫੇਜ਼-4 ਵਿੱਚ ਉਕਤ ਥਾਣੇਦਾਰਾਂ ਸਮੇਤ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਵਾਸੀ ਨੌਸ਼ਿਹਰਾ ਖੁਰਦ, ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਧਾਰਾ 406, 34 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਾਅਦ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 392 ਜੋੜ ਕੇ ਡਕੈਤੀ ਦੇ ਜੁਰਮ ਦਾ ਵਾਧਾ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਦੋਵੇਂ ਥਾਣੇਦਾਰ ਆਪਣੀ ਗ੍ਰਿਫ਼ਤਾਰੀ ਤੋਂ ਬਚਨ ਲਈ ਰੂਪੋਸ਼ ਹੋ ਗਏ ਹਨ ਜਦੋਂਕਿ ਪਿਛਲੇ ਦਿਨੀਂ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜੋ ਇਸ ਸਮੇਂ ਪੁਲੀਸ ਰਿਮਾਂਡ ’ਤੇ ਚਲ ਰਹੇ ਹਨ। ਉਨ੍ਹਾਂ ਨੂੰ 27 ਅਪਰੈਲ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਧਰ, ਸਟੇਟ ਕਰਾਈਮ ਥਾਣੇ ਦੀ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਇਕ ਹੋਰ ਥਾਣੇਦਾਰ ਏਐਸਆਈ ਦਿਲਬਾਗ ਸਿੰਘ ਵਾਸੀ ਖੰਨਾ ਨੂੰ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਂਚ ਅਧਿਕਾਰੀ ਨੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰ ਕੇ ਮੁਲਜ਼ਮ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮ ਤੋਂ ਬਾਕੀ ਫਰਾਰ ਮੁਲਜ਼ਮਾਂ ਅਤੇ ਪਾਦਰੀ ਦੇ ਗਾਇਬ ਹੋਏ ਪੈਸਿਆਂ ਬਾਰੇ ਪੁੱਛਗਿੱਛ ਕਰਨੀ ਹੈ ਅਤੇ ਇਹ ਵੀ ਪਤਾ ਲਗਾਉਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ। ਮੌਜੂਦਾ ਸਮੇਂ ਏਐਸਆਈ ਦਿਲਬਾਗ ਸਿੰਘ ਪਟਿਆਲਾ ਵਿੱਚ ਤਾਇਨਾਤ ਸੀ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਏਐਸਆਈ ਦੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਉਸ ਨੂੰ ਝੂਠੇ ਕੇਸ ’ਚ ਫਸਾਇਆ ਜਾ ਰਿਹਾ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਥਾਣੇਦਾਰ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਦਿਆਂ 29 ਅਪਰੈਲ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਧਰ, ਪੁਲੀਸ ਨੇ ਇਸ ਮਾਮਲੇ ਵਿੱਚ ਥਾਣੇਦਾਰ ਦਿਲਬਾਗ ਦੀ ਨਿਸ਼ਾਨਦੇਹੀ ’ਤੇ ਵਰਨਾ ਕਾਰ ਅਤੇ ਸਵਿਫ਼ਟ ਕਾਰ ਬਰਾਮਦ ਕੀਤੀਆਂ ਗਈਆਂ ਹਨ। ਪੁਲੀਸ ਅਨੁਸਾਰ ਇਹ ਦੋਵੇਂ ਕਾਰਾਂ ਪਾਦਰੀ ਕੇਸ ਵਿੱਚ ਵਰਤੀਆਂ ਗਈਆਂ ਸਨ। ਪੁਲੀਸ ਨੇ ਮੁਖ਼ਬਰ ਸੁਰਿੰਦਰ ਸਿੰਘ ਕੋਲੋਂ ਇਨ੍ਹਾਂ ਕਾਰਾਂ ਦੀ ਸ਼ਨਾਖ਼ਤ ਵੀ ਕਰਵਾਈ ਗਈ ਹੈ। ਪਾਦਰੀ ਕੋਲੋਂ ਮਿਲੇ ਕਰੋੜਾਂ ਰੁਪਏ ਇਨ੍ਹਾਂ ਕਾਰਾਂ ਵਿੱਚ ਹੀ ਲੱਦ ਕੇ ਲਿਜਾਏ ਗਏ ਸਨ ਅਤੇ ਇਹ ਰਾਸ਼ੀ ਖੰਨਾ ਤੋਂ ਪਟਿਆਲਾ ਲਿਜਾਉਣ ਲਈ ਏਐਸਆਈ ਦਿਲਬਾਗ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ। ਸਟੇਟ ਕਰਾਈਮ ਪੁਲੀਸ ਦੇ ਏਆਈਜੀ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਅਤੇ ਥਾਣੇਦਾਰ ਦਿਲਬਾਗ ਨੂੰ ਆਹਮੋ ਸਾਹਮਣੇ ਬਿਠਾ ਕੇ ਕਰਾਸ ਪੁੱਛਗਿੱਛ ਕੀਤੀ ਜਾਵੇਗੀ। ਮੁਲਜ਼ਮ ਥਾਣੇਦਾਰਾਂ ਦੀ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਪੁਲੀਸ ਦੀਆਂ ਵੱਖ ਵੱਖ ਟੀਮਾਂ ਨੇ ਫਰਾਰ ਥਾਣੇਦਾਰਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਦੋਵੇਂ ਥਾਣੇਦਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਬਹੁ ਚਰਚਿਤ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ