Nabaz-e-punjab.com

ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਨੂੰ ਵਿਕਾਊ ਕਹਿਣ ਨਾਲ ਵਿਵਾਦਾਂ ’ਚ ਘਿਰੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ

ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂ ਨੇ ਮੀਡੀਆ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਹੁਕਮਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਬੀਤੇ ਦਿਨੀਂ ਚੋਣ ਪ੍ਰਚਾਰ ਦੌਰਾਨ ਮੰਚ ਤੋਂ ਆਪਣੇ ਸੰਬੋਧਨ ਵਿੱਚ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਵਿਕਾਊ ਦੱਸਣ ਨਾਲ ਵਿਵਾਦਾਂ ਵਿੱਚ ਗਏ ਹਨ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੇ ਆਪਣੇ ਬਚਾਅ ਵਿੱਚ ਆਪਣੀ ਗਲਤੀ ਦੀ ਮੁਆਫ਼ੀ ਮੰਗ ਲਈ ਹੈ ਪ੍ਰੰਤੂ ਜਨਤਕ ਤੌਰ ’ਤੇ ਲੋਕਾਂ ਦੇ ਭਰਵੇਂ ਇਕੱਠ ਵਿੱਚ ਸਮੁੱਚੇ ਮੀਡੀਆ ਬਾਰੇ ਕਾਂਗਰਸ ਆਗੂ ਦੀ ਉਕਤ ਬਿਆਨਬਾਜ਼ੀ ਦਾ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਨੇ ਗੰਭੀਰ ਨੋਟਿਸ ਲਿਆ ਹੈ। ਇਸ ਤੋਂ ਇਲਾਵਾ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਤੇ ਆਜ਼ਾਦ ਉਮੀਦਵਾਰ ਡਾ. ਪਰਮਜੀਤ ਸਿੰਘ ਰਾਣੂ ਨੇ ਮਨੀਸ਼ ਤਿਵਾੜੀ ਦੀ ਉਕਤ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਹ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਆਪਣੀ ਜੁਬਾਨ ’ਤੇ ਕਾਬੂ ਨਹੀਂ ਰੱਖ ਸਕਦਾ ਹੈ, ਭਲਾ ਭਵਿੱਖ ਵਿੱਚ ਉਸ ਤੋਂ ਕੀ ਉਮੀਦ ਰੱਖੀ ਜਾ ਸਕਦੀ ਹੈ।
ਇਸ ਸਬੰਧੀ ਪ੍ਰੈਸ ਕਲੱਬ ਨੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਸ਼ਿਕਾਇਤ ਭੇਜ ਕੇ ਮਨੀਸ਼ ਤਿਵਾੜੀ ਦੇ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ, ਪ੍ਰੈੱਸ ਕੌਂਸਲ ਆਫ਼ ਇੰਡੀਆ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ, ਰਿਟਰਨਿੰਗ ਅਫ਼ਸਰ ਮੁਹਾਲੀ ਨੂੰ ਵੱਖਰੇ ਤੌਰ ’ਤੇ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਪੱਤਰਕਾਰਾਂ ਦੀ ਸੰਸਥਾ ਨੇ ਆਪਣੀ ਸ਼ਿਕਾਇਤ ਨਾਲ ਮਨੀਸ਼ ਤਿਵਾੜੀ ਦੀ ਇਕ ਵੀਡੀਓ ਕਲਿਪ ਵੀ ਭੇਜੀ ਗਈ ਹੈ। ਇਹ ਵੀਡੀਓ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਸੀ। ਜਿਸ ਵਿੱਚ ਸ੍ਰੀ ਤਿਵਾੜੀ ਚੋਣ ਪ੍ਰਚਾਰ ਦੌਰਾਨ ਮੰਚ ਤੋਂ ਆਪਣੇ ਸੰਬੋਧਨ ਵਿੱਚ ਆਮ ਲੋਕਾਂ ਨੂੰ ਇਹ ਕਹਿ ਰਹੇ ਨੇ ਕਿ ‘ਤੁਸੀਂ ਇਨ੍ਹਾਂ ਅਖ਼ਬਾਰਾਂ ਅਤੇ ਚੈਨਲ ਵਾਲਿਆਂ ਨੂੰ ਛੱਡ ਦਿਓ’ ਮੈਂ ਇਨ੍ਹਾਂ ਦਾ ਵਜ਼ੀਰ ਰਿਹਾ ਭਾਰਤ ਸਰਕਾਰ ਵਿੱਚ ਮੈਂ ਜਾਣਦਾ ਹਾਂ ਇਨ੍ਹਾਂ ਦਾ ਜ਼ਮੀਰ ਕਿੰਨੇ ਕੁ ਪੈਸਿਆਂ ਵਿੱਚ ਵਿਕਦਾ ਹੈ’। ਜਿਸ ਕਾਰਨ ਮੀਡੀਆ ਜਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਮੀਡੀਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੀਡੀਆ ਨੂੰ ਵਿਕਾਊ ਦੱਸਣ ਵਾਲੇ ਕਾਂਗਰਸੀ ਉਮੀਦਵਾਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਧਰ, ਇਸ ਸਬੰਧੀ ਜ਼ਿਲ੍ਹਾ ਪ੍ਰੈਸ ਕਲੱਬ ਵੱਲੋਂ ਕਾਨੂੰਨੀ ਮਾਹਰਾਂ ਦੀ ਸਲਾਹ ਵੀ ਲਈ ਜਾ ਰਹੀ ਹੈ ਅਤੇ ਜਲਦੀ ਹੀ ਕਾਂਗਰਸ ਆਗੂ ਮੀਡੀਆ ਦੀ ਮਾਣਹਾਨੀ ਬਾਰੇ ਕਾਨੂੰਨੀ ਨੋਟਿਸ ਵੀ ਭੇਜਿਆ ਜਾਵੇਗਾ ਅਤੇ ਪੰਜਾਬ ਪੁਲੀਸ ਦੇ ਸਾਈਬਰ ਸੈੱਲ ਨੂੰ ਵੀ ਸ਼ਿਕਾਇਤ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …