Nabaz-e-punjab.com

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੇ ਸ਼ਾਨਦਾਰ ਨਤੀਜੇ ਵਾਲੇ ਸਕੂਲ ਮੁਖੀਆਂ ਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਸਰਕਾਰੀ ਸਕੂਲਾਂ ਦੇ ਵਧੀਆ ਨਤੀਜਿਆਂ ਲਈ ਅਧਿਆਪਕਾਂ ਨੂੰ ਯੋਗ ਅਗਵਾਈ ਦੀ ਲੋੜ: ਕ੍ਰਿਸ਼ਨ ਕੁਮਾਰ

ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ ਘੜਨ ਲਈ ਸਰਕਾਰੀ ਸਕੂਲ ਅੱਜ ਵੀ ਸਭ ਤੋਂ ਉੱਤਮ: ਡਾ. ਘੁੰਮਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜਿਆਂ ਤੋਂ ਖ਼ੁਸ਼ ਹੋ ਕੇ ਹੋਣਹਾਰ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀਐਸ ਘੁੰਮਣ ਵੱਲੋਂ ਜ਼ਿਲ੍ਹਾ ਮਾਨਸਾ ਦੇ ਬਿਹਤਰ ਨਤੀਜਿਆਂ ਵਾਲੇ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੋਡਲ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਅੱਜ ਦਾ ਸਮਾਰੋਹ ਵਿਭਾਗ ਲਈ ਯਾਦਗਾਰੀ ਹੈ ਕਿਉਂਕਿ ਅਸੀਂ ਸਾਰਿਆਂ ਨੇ ਇੱਕ ਸੁਪਨੇ ਨੂੰ ਸਾਕਾਰ ਕੀਤਾ ਹੈ। ਉਨ੍ਹਾਂ ਇਸ ਕਾਮਯਾਬੀ ਨਾਲ ਜੁੜੇ ਹਰ ਸ਼ਖ਼ਸ਼ ਦਾ ਧੰਨਵਾਦ ਕੀਤਾ ਅਤੇ ਇਸ ਸਫਲਤਾ ਦੀ ਲਗਾਤਾਰਤਾ ਬਣਾਈ ਰੱਖਣ ਲਈ ਸਕੂਲ ਮੁਖੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਭਵਿੱਖ ਵਿੱਚ ਆਪਣੇ ਸਕੂਲਾਂ ਵਿੱਚ ਅਧਿਆਪਕਾਂ ਦੀ ਯੋਗ ਅਗਵਾਈ ਕਰਦੇ ਰਹਿਣ ਤਾਂ ਜੋ ਸਰਕਾਰੀ ਸਕੂਲਾਂ ਪ੍ਰਤੀ ਆਮ ਨਾਗਰਿਕਾਂ ਦਾ ਨਜ਼ਰੀਆ ਬਦਲਿਆ ਜਾ ਸਕੇ। ਇਸ ਲਈ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿੱਚ ਸ਼ਾਨਦਾਰ ਅਤੇ ਬਿਹਤਰ ਨਤੀਜਿਆਂ ਵਾਲੇ ਸਕੂਲ ਮੁਖੀਆਂ ਦੇ ਸਨਮਾਨ ਸਬੰਧੀ ਲੜੀ ਸ਼ੁਰੂ ਕੀਤੀ ਗਈ ਹੈ।
ਵਾਈਸ ਚਾਂਸਲਰ ਡਾ. ਬੀਐਸ ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ ਘੜਨ ਲਈ ਸਰਕਾਰੀ ਸਕੂਲ ਅੱਜ ਵੀ ਸਭ ਤੋਂ ਉੱਤਮ ਹਨ। ਅਧਿਆਪਕਾਂ ਨੇ ਚੰਗੇ ਨਤੀਜਿਆਂ ਦੇ ਨਾਲ਼-ਨਾਲ਼ ਬੱਚੇ ਦਾ ਹਰ ਪੱਖੋਂ ਮਾਨਸਿਕ ਵਿਕਾਸ ਕਰਦਿਆਂ ਉਸ ਨੂੰ ਸਮੇਂ ਦੀ ਲੋੜ ਦਾ ਹਾਣੀ ਬਣਾਉਣਾ ਹੈਂ। ਅਧਿਆਪਕਾਂ ਨੂੰ ਚਾਹੀਦਾ ਹੈਂ ਕਿ ਉਹ ਬੱਚੇ ਨੂੰ ਪੜ੍ਹਾਈ ਦੀ ਲਿਵ ਲਾਉਣ ਤੇ ਪੜ੍ਹਾਈ ਦਾ ਆਦੀ ਬਣਾਉਣ। ਬੱਚਿਆਂ ਦਾ ਸਰਵਪੱਖੀ ਵਿਕਾਸ ਹਰੇਕ ਅਧਿਆਪਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬਿਹਤਰ ਨਤੀਜਿਆਂ ਵਾਲੇ ਸਕੂਲ ਮੁਖੀ ਆਪਣੀ ਕਾਮਯਾਬੀ ਦੀ ਮਹਿਕ ਨਾਲ ਆਪਣੇ ਆਲੇ-ਦੁਆਲੇ ਦੇ ਸਕੂਲਾਂ ਨੂੰ ਵੀ ਮਹਿਕਾਉਣ ਲਈ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਗਲੀ ਵਾਰ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਲਿਆਉਣ ਲਈ ਹੋਰ ਵੀ ਸਖ਼ਤ ਮਿਹਨਤ ਨਾਲ ਪੜ੍ਹਾਇਆ ਜਾਵੇ। ਕਿਉਂਕਿ ਅੱਜ ਵੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਮਿਆਰੀ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲੀ ਅਧਿਆਪਕ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਵਧੀਆ ਵਿਦਿਆਰਥੀਆਂ ਦੀ ਪਨੀਰੀ ਭੇਜਣ ਅਤੇ ਯੂਨੀਵਰਸਿਟੀਆਂ ਉਨ੍ਹਾਂ ਨੂੰ ਤਰਾਸ਼ ਕੇ ਸਮੇਂ ਦੇ ਹਾਣੀ ਬਣਾਉਣਗੀਆਂ।
ਜਿਨ੍ਹਾਂ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿੱਚ ਨੋਡਲ ਅਫ਼ਸਰ ਜ਼ਿਲ੍ਹਾ ਮਾਨਸਾ ਰੇਨੂੰ ਮਹਿਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸੁਭਾਸ਼ ਚੰਦਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਸਿੰਘ, ਭੁਪਿੰਦਰ ਸਿੰਘ ਪ੍ਰਿੰਸੀਪਲ ਡਾਇਟ ਮਾਨਸਾ, ਗੁਰਲਾਭ ਸਿੰਘ ਇੰਚਾਰਜ ਸਿੱਖਿਆ ਸੁਧਾਰ ਟੀਮ, ਤਰਸੇਮ ਸਿੰਘ ਜ਼ਿਲ੍ਹਾ ਸਾਇੰਸ ਮੈਂਟਰ, ਜਸਵਿੰਦਰ ਕੌਰ ਸੀਨੀਅਰ ਸੈਕੰਡਰੀ ਸਾਇੰਸ ਮੈਂਟਰ, ਰੁਪਿੰਦਰ ਸਿੰਘ ਜ਼ਿਲ੍ਹਾ ਮੈਂਟਰ ਗਣਿਤ ਅਤੇ ਬਲਜਿੰਦਰ ਜੌੜਕੀਆਂ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ, ਅਸ਼ੋਕ ਕੁਮਾਰ ਜ਼ਿਲ੍ਹਾ ਸਮਾਰਟ ਸਕੂਲ ਮੋਟੀਵੇਟਰ, ਅਮਰਜੀਤ ਸਿੰਘ ਰੱਲੀ ਸ਼ਾਮਲ ਹਨ।
ਇਸ ਤੋਂ ਪਹਿਲਾਂ ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਮਹਿਮਾਨਾਂ ਅਤੇ ਸਕੂਲ ਮੁਖੀਆਂ ਦਾ ਸਵਾਗਤ ਕੀਤਾ। ਸਮਾਗਮ ਵਿੱਚ ਸਿੱਖਿਆ ਵਿਭਾਗ ਦੇ ਡਿਪਟੀ ਐੱਸਪੀਡੀ ਸੁਭਾਸ਼ ਮਹਾਜਨ, ਮਨੋਜ ਕੁਮਾਰ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ ਸਕੂਲ ਪ੍ਰਬੰਧ, ਸੁਪਰਡੈਂਟ, ਸਮੂਹ ਨੋਡਲ ਅਫ਼ਸਰ, ਸਟੇਟ ਕੋਆਰਡੀਨੇਟਰ ਅਤੇ ਆਲਾ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…