Share on Facebook Share on Twitter Share on Google+ Share on Pinterest Share on Linkedin ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਤੇ ਦਫ਼ਤਰਾਂ ਵਿੱਚ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ: ਡਾ. ਮਨਜੀਤ ਸਿੰਘ ਕਾਰਜਕਾਰੀ ਸਿਵਲ ਸਰਜਨ ਨੇ ਮੁਹਾਲੀ ਵਾਸੀਆਂ ਨੂੰ ਸੁਚੇਤ ਰਹਿਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕਾਰਜਕਾਰੀ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਇਸ ਸਬੰਧੀ ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀ ਵਰਤਨ ਅਤੇ ਆਪਣੇ ਘਰਾਂ ਅਤੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਕਿਉਂਕਿ ਸਾਫ਼ ਖੜੇ ਪਾਣੀ ਵਿੱਚ ਹੀ ਡੇਂਗੂ ਦਾ ਲਾਰਵਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਇਹ ਮੱਛਰ ਪੈਦਾ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਹੁੰਦਾ ਹੈ ਪ੍ਰੰਤੂ ਇਨੀ ਦਿਨੀਂ ਡੇਂਗੂ ਦਾ ਮੱਛਰ ਜ਼ਿਆਦਾ ਫੈਲਦਾ ਹੈ। ਇਸ ਲਈ ਹਰ ਕਿਸੇ ਨੂੰ ਸਾਵਧਾਨੀ ਅਤੇ ਚੌਕਸੀ ਵਰਤਣ ਦੀ ਲੋੜ ਹੈ। ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਲਾਰਵਾ ਚੈੱਕ ਕਰਨ ਲਈ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਸਮੁੱਚੇ ਜ਼ਿਲ੍ਹੇ ਵਿੱਚ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ। ਜਿੱਥੇ ਕਿਤੇ ਵੀ ਲਾਰਵਾ ਮਿਲਦਾ ਹੈ, ਉੱਥੇ ਸਬੰਧਤ ਵਿਅਕਤੀ ਦਾ ਚਲਾਨ ਕੀਤਾ ਜਾਂਦਾ ਹੈ ਅਤੇ ਅੱਗੇ ਤੋਂ ਸਾਵਧਾਨੀ ਵਰਤਣ ਲਈ ਕਿਹਾ ਜਾਂਦਾ ਹੈ। ਉਨ੍ਹਾਂ ਮੁਹਾਲੀ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਮੁਹਿੰਮ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨੇਪਰੇ ਨਹੀਂ ਚੜ੍ਹਦੀ ਹੈ। ਉਨ੍ਹਾਂ ਕਿਹਾ ਕਿ ਹਫ਼ਤੇ ਵਿੱਚ ਘੱਟੋ-ਘੱਟ ਇਕ ਵਾਰ ਕੂਲਰਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਖਾਲੀ ਕਰ ਕੇ ਸੁਕਾਉਣ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਸਮੇਤ ਘਰਾਂ ਅਤੇ ਦਫ਼ਤਰਾਂ ਵਿੱਚ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਕਾਰਜਕਾਰੀ ਸਿਵਲ ਸਰਜਨ ਨੇ ਕਿਹਾ ਕਿ ਮੱਛਰਾਂ ਦੀ ਰੋਕਥਾਮ ਦੀ ਸ਼ੁਰੂਆਤ ਘਰ ਤੋਂ ਹੀ ਹੋਣੀ ਚਾਹੀਦੀ ਹੈ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ। ਹਰੇਕ ਵਿਅਕਤੀ ਨੂੰ ਪੂਰਾ ਸਰੀਰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਤੇਜ਼ ਬੁਖ਼ਾਰ ਹੋਣ ਦੀ ਹਾਲਤ ਵਿੱਚ ਤੁਰਤ ਨੇੜਲੇ ਹਸਪਤਾਲ/ਡਿਸਪੈਂਸਰੀ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਸਮੇਤ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਡੇਂਗੂ ਪੀੜਤ ਮਰੀਜ਼ਾਂ ਲਈ ਵੱਖਰੇ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਜ਼ਿਲ੍ਹਾ ਹਸਪਤਾਲ ਵਿੱਚ ਡੇਂਗੂ ਬੁਖ਼ਾਰ ਦੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ’ਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ