Nabaz-e-punjab.com

ਕੈਬਨਿਟ ਮੰਤਰੀ ਬਲਬੀਰ ਸਿੱਧੂ ਵੱਲੋਂ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਲਿੰਕ ਸੜਕਾਂ ਦੀਆਂ ਬਰ੍ਹਮਾ ਮਜ਼ਬੂਤ ਬਣਾਉਣ ਦੇ ਹੁਕਮ

ਪਿੰਡਾਂ ਵਿੱਚ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਬਾਕੀ ਰਹਿੰਦੇ ਕੰਮਾਂ ਦੀ ਸਮੀਖਿਆ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਲਾਈਵ ਸਟਾਕ ਭਵਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਆਪਣੇ ਅਖ਼ਤਿਆਰੀ ਕੋਟੇ ’ਚੋਂ ਦਿੱਤੀਆਂ ਗਰਾਂਟਾਂ ਅਤੇ ਮਨਰੇਗਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸ੍ਰੀ ਸਿੱਧੂ ਨੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਅਖ਼ਤਿਆਰੀ ਕੋਟੇ ’ਚੋਂ ਪਿੰਡਾਂ ਨੂੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਸਨ। ਇਨ੍ਹਾਂ ਫੰਡਾਂ ਨਾਲ ਅੱਜ ਹਰੇਕ ਪਿੰਡ ਵਿੱਚ ਵਿਕਾਸ ਕੰਮ ਚੱਲ ਰਹੇ ਹਨ। ਮੰਤਰੀ ਨੇ ਪਿੰਡਾਂ ਦੇ ਵਿਕਾਸ ਕੰਮਾਂ ਦੀ ਸਮੀਖਿਆ ਵੀ ਕੀਤੀ।
ਸ੍ਰੀ ਸਿੱਧੂ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਸੁਧਾਰੀ ਜਾ ਰਹੀ ਹੈ ਪ੍ਰੰਤੂ ਜੇਕਰ ਬਰ੍ਹਮ ਮਜ਼ਬੂਤ ਨਹੀਂ ਹੋਣਗੀਆਂ ਤਾਂ ਸੜਕਾਂ ਛੇਤੀ ਟੁੱਟ ਜਾਣਗੀਆਂ। ਇਸ ਲਈ ਬਰ੍ਹਮਾ ਨੂੰ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਜਾਵੇ। ਮੀਟਿੰਗ ਵਿੱਚ ਗਰਾਮ ਸੇਵਕ ਹਰਮੇਸ਼ ਸਿੰਘ ਦੀ ਗ਼ੈਰ ਹਾਜ਼ਰੀ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਸਪੱਸ਼ਟ ਆਖਿਆ ਕਿ ਦਫ਼ਤਰੀ ਕੰਮ ਵਿੱਚ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵਾਰ ਵਾਰ ਕੋਤਾਹੀ ਕਰੇਗਾ। ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਸੀਚੇਵਾਲ ਮਾਡਲ ਅਪਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਤਾਂ ਕਿ ਛੱਪੜਾਂ ਦਾ ਪਿੰਡਾਂ ਨਾਲ ਗੂੜਾ ਨਾਤਾ ਹੈ। ਇਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਕੇ ਵਰਤੋਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਵਿੱਚ ਪੌਦੇ ਲਗਾਏ ਜਾਣ ਅਤੇ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸ਼ਮਸ਼ਾਨਘਾਟਾਂ ਦੀ ਚਾਰਦੀਵਾਰੀ ਕੀਤੀ ਜਾਵੇ ਅਤੇ ਪਿੰਡਾਂ ਨੇੜਿਓਂ ਲੰਘਦੇ ਚੋਆਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਹੜ੍ਹਾਂ ਦੌਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ।
ਮੀਟਿੰਗ ਵਿੱਚ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਮਨਦੀਪ ਸਿੰਘ ਗਿੱਲ, ਡੀਡੀਪੀਓ ਡੀਕੇ ਸਾਲਦੀ, ਬੀਡੀਪੀਓ ਰਣਜੀਤ ਸਿੰਘ ਅਤੇ ਬੀਡੀਪੀਓ ਮਾਜਰੀ ਹਿਤੇਨ ਕਪਿਲਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਦਸਵੀਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਦਸਵੀਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, …