Share on Facebook Share on Twitter Share on Google+ Share on Pinterest Share on Linkedin ਮੰਤਰੀ ਸਿੱਧੂ ਤੇ ਡੀਸੀ ਸਪਰਾ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਠਲਾਣਾ ਵਿੱਚ 550 ਪੌਦੇ ਲਾਉਣ ਦਾ ਕੀਤਾ ਆਗਾਜ਼ ਵਾਤਾਵਰਨ ਦੀ ਤਪਸ਼ ਘੱਟ ਕਰਨ ਤੇ ਸ਼ੁੱਧ ਆਬੋ-ਹਵਾ ਲਈ ਹਰੇਕ ਵਿਅਕਤੀ ਵੱਧ ਤੋਂ ਵੱਧ ਬੂਟੇ ਲਾਵੇ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ: ਵਾਤਾਵਰਣ ਦੀ ਤਪਸ਼ ਨੂੰ ਘੱਟ ਕਰਨ ਅਤੇ ਪਲੀਤ ਹੋ ਰਹੇ ਚੌਗਿਰਦੇ ਦੀ ਸ਼ੁੱਧਤਾ ਲਈ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਸਾਫ ਆਬੋ-ਹਵਾ ਵਿੱਚ ਸਾਹ ਲੈ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡਾਂ ਵਿੱਚ 550 ਬੂਟੇ ਲਾਉਣ ਦੀ ਲੜੀ ਤਹਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਇਕ ਸਾਲ ਪੂਰਾ ਹੋਣ ’ਤੇ ਪਿੰਡ ਬਠਲਾਣਾ ਦੀ ਪੰਚਾਇਤੀ ਜ਼ਮੀਨ ਵਿੱਚ 550 ਬੂਟੇ ਲਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਸ੍ਰੀ ਸਿੱਧੂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰਵਾਏ ਗਏ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਕਿਰਤ ਕਰੋ-ਨਾਮ ਜਪੋ-ਵੰਡ ਛਕੋ ਦੇ ਸਿਧਾਂਤ ’ਤੇ ਚੱਲਦਿਆਂ ਸੱਚੀ ਸੁੱਚੀ ਕਿਰਤ ਕਰਦਿਆਂ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਅਤੇ ਦਸਾਂ ਨਹੁੰਆਂ ਦੀ ਕਿਰਤ ਕਮਾਈ ਨੂੰ ਵੰਡ ਕੇ ਛਕਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਤੰਦਰੁਸਤ ਜੀਵਨ ਲਈ ਸ਼ੁੱਧ ਵਾਤਾਵਰਣ ਬੇਹੱਦ ਜ਼ਰੂਰੀ ਹੈ ਪਰ ਅੱਜ ਦੇ ਮਨੁੱਖ ਨੇ ਆਪਣੇ ਕਾਰ ਵਿਹਾਰਾਂ ਨਾਲ ਇਸ ਨੂੰ ਪਲੀਤ ਕਰ ਦਿੱਤਾ ਹੈ। ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ ਕਿਉਂਕਿ ਇਹੀ ਇਕ ਸਾਧਨ ਹੈ, ਜਿਸ ਰਾਹੀਂ ਆਲਮੀ ਤਪਸ਼ ਨੂੰ ਕੁਝ ਹੱਦ ਘਟਾਇਆ ਜਾ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਪਿੰਡ ਵਾਸੀਆਂ ਨੂੰ ਵਾਤਾਵਰਨ ਦੀ ਰਾਖੀ ਲਈ ਵੱਧ ਤੋਂ ਵੱਧ ਬੂਟੇ ਲਾਉਣ ਦਾ ਪ੍ਰਣ ਕਰਨ ਨੂੰ ਕਿਹਾ ਅਤੇ ਪਿੰਡ ਦੀਆਂ ਅੌਰਤਾਂ ਨੂੰ ਸੱਦਾ ਦਿੱਤਾ ਕਿਹਾ ਉਹ ਬੂਟੇ ਲਾਉਣ ਦੇ ਇਸ ਨੇਕ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਤੇ ਆਪੋ-ਆਪਣੇ ਘਰ ਵਿੱਚ ਇਕ-ਇਕ ਬੂਟਾ ਜ਼ਰੂਰ ਲਾਉਣ। ਉਨ੍ਹਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੀ ਪੰਚਾਇਤੀ ਜ਼ਮੀਨ ਵਿੱਚ ਲਾਏ ਬੂਟਿਆਂ ਦੀ ਦੇਖ-ਭਾਲ ਦਾ ਹਿੱਸਾ ਬਣਨ ਕਿਉਂਕਿ ਬੂਟੇ ਲਾਉਣ ਤੋਂ ਬਾਅਦ ਇਨ੍ਹਾਂ ਦੀ ਸਾਂਭ-ਸੰਭਾਲ ਵੀ ਬੇਹੱਦ ਜ਼ਰੂਰੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ ਨੇ ਕੈਬਨਿਟ ਮੰਤਰੀ ਸ੍ਰੀ ਸਿੱਧੂ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦਾ ਸਵਾਗਤ ਕੀਤਾ ਅਤੇ ਵਾਤਾਵਰਣ ਦਿਵਸ ਦੀ ਮਹੱਤਤਾ ਅਤੇ ਇਸ ਦੇ ਪਿਛੋਕੜ ’ਤੇ ਵੀ ਚਾਨਣਾ ਪਾਇਆ। ਇਸ ਦੌਰਾਨ ਇਲਾਕੇ ਦੇ ਪੰਚਾਂ/ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ/ਬਲਾਕ ਸਮਿਤੀ ਮੈਂਬਰਾਂ ਦੇ ਸਨਮਾਨ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਮਾਗਮ ਵਿੱਚ ਪੁੱਜਣ ’ਤੇ ਕੈਬਨਿਟ ਮੰਤਰੀ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਡੀਡੀਪੀਓ ਡੀ.ਕੇ. ਸਾਲਦੀ, ਐਸਡੀਐਮ ਜਗਦੀਪ ਸਹਿਗਲ, ਤਹਿਸੀਲਦਾਰ ਸੁਖਪਿੰਦਰ ਕੌਰ, ਬੀਡੀਪੀਓ ਰਣਜੀਤ ਸਿੰਘ, ਸੀਡੀਪੀਓ ਖਰੜ-2 ਸ੍ਰੀਮਤੀ ਰਵਿੰਦਰ ਕੌਰ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਛੱਜਾ ਸਿੰਘ ਸਰਪੰਚ ਕੁਰੜੀ, ਹਰਿੰਦਰ ਸਿੰਘ ਸਰਪੰਚ ਗਡਾਣਾ, ਮਨਜੀਤ ਸਿੰਘ ਤੰਗੌਰੀ ਮੈਂਬਰ ਬਲਾਕ ਸਮਿਤੀ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਰਜਿੰਦਰ ਸਿੰਘ ਰਾਏਪੁਰ ਕਲਾਂ ਮੈਂਬਰ ਬਲਾਕ ਸਮਿਤੀ, ਕਰਮਜੀਤ ਸਿੰਘ ਬਠਲਾਣਾ, ਸਿਮਰਨਜੀਤ ਕੌਰ ਸਰਪੰਚ ਬਠਲਾਣਾ, ਜਗਤਾਰ ਸਿੰਘ ਸਰਪੰਚ ਬਾਕਰਪੁਰ ਅਤੇ ਸਮਸ਼ੇਰ ਸਿੰਘ ਕੈਲੋਂ ਮੈਂਬਰ ਬਲਾਕ ਸਮਿਤੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ