Nabaz-e-punjab.com

ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅਹੁਦਾ ਸੰਭਾਲਿਆ

ਜ਼ਿਲ੍ਹਾ ਪ੍ਰਸ਼ਾਸਨ, ਗਮਾਡਾ, ਪੁੱਡਾ, ਨਗਰ ਨਿਗਮ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਉਹ 2011 ਬੈਚ ਦੇ ਆਈਏਐਸ ਅਫ਼ਸਰ ਹਨ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਸਨ। ਸੀਈਓ ਸਮਾਰਟ ਸਿਟੀ ਜਲੰਧਰ ਅਤੇ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਜਦੋਂਕਿ ਮੁਹਾਲੀ ਦੇ ਪਹਿਲੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਇੱਥੋਂ ਬਦਲ ਕੇ ਸਮਾਜਿਕ ਸੁਰੱਖਿਆ ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਨਵੇਂ ਡੀਸੀ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਰਦਰਸ਼ੀ ਪਹੁੰਚ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਲਈ ਆਉਂਦਾ ਹੈ, ਉਸ ਨਾਲ ਹਮਦਰਦੀ ਨਾਲ ਗੱਲ ਕੀਤੀ ਜਾਵੇ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਉਸ ਦੀ ਜਿੰਨੀ ਵੀ ਮਦਦ ਹੋ ਸਕੇ ਕੀਤੀ ਜਾਵੇ। ਮੁਹਾਲੀ ਦੇ ਵਿਕਾਸ ਦੀ ਗੱਲ ਕਰਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਬੁਨਿਆਦੀ ਢਾਂਚੇ ਅਤੇ ਨਿਵੇਸ਼ ਪੱਖੋਂ ਪੰਜਾਬ ਤਾਂ ਕਿ ਸਗੋਂ ਪੂਰੇ ਉੱਤਰ ਭਾਰਤ ਦਾ ਵਿਕਾਸ ਦਾ ਇੰਜਣ ਬਣਦਾ ਜਾ ਰਿਹਾ ਹੈ। ਇਸ ਜ਼ਿਲ੍ਹੇ ਨੂੰ ਹੋਰ ਬਿਹਤਰ ਬਣਾਉਣ ਅਤੇ ਪਹਿਲੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਵੀ ਅੱਗੇ ਲਿਜਾਇਆ ਜਾਵੇਗਾ।
ਅਹੁਦਾ ਸੰਭਾਲਣ ਤੋਂ ਬਾਅਦ ਨਵੇਂ ਡੀਸੀ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ, ਗਮਾਡਾ, ਪੁੱਡਾ ਅਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ ਧੀਮਾਨ, ਪੁੱਡਾ ਦੀ ਵਧੀਕ ਮੁੱਖ ਪ੍ਰਸ਼ਾਸਕ ਲਵਜੀਤ ਕਲਸੀ, ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਐਸਡੀਐਮ ਵਿਨੋਦ ਬਾਂਸਲ, ਡੇਰਾਬੱਸੀ ਦੇ ਐਸਡੀਐਮ ਪੂਜਾ ਸਿਆਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡੀਸੀ ਨੇ ਅਧਿਕਾਰੀਆਂ ਤੋਂ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕਰਨ ਉਪਰੰਤ ਆਖਿਆ ਕਿ ਅਗਲੀ ਮੀਟਿੰਗ ਸਬੰਧਤ ਅਧਿਕਾਰੀ ਆਪੋ ਆਪਣੇ ਦਫ਼ਤਰਾਂ ਦੀ ਪ੍ਰਗਤੀ ਰਿਪੋਰਟ ਲੈ ਕੇ ਮੀਟਿੰਗ ਵਿੱਚ ਆਉਣ।
ਸ੍ਰੀ ਦਿਆਲਨ ਨੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਫ਼ਸਰਾਂ ਨੂੰ ਇਕ ਟੀਮ ਵਜੋਂ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਆਪਸੀ ਸਹਿਯੋਗ ਨਾਲ ਟੀਚੇ ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਨਤਕ ਸ਼ਿਕਾਇਤਾਂ ਦੇ ਛੇਤੀ ਨਿਬੇੜੇ ਲਈ ਢਾਂਚਾ ਕਾਇਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੌਰਤਾਂ ਦੀ ਸੁਰੱਖਿਆ ਲਈ ਢੁਕਵੇਂ ਅਤੇ ਠੋਸ ਕਦਮ ਚੁੱਕੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…