Nabaz-e-punjab.com

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਦਾ ਦਰਿਆ ਵੱਗਿਆ। ਬੀਬੀ ਸੰਦੀਪ ਕੌਰ ਖਾਲਸਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੀਰੀ ਅਤੇ ਪੀਰੀ ਦੀਆਂ ਦੋ ਕ੍ਰਿਪਾਨਾ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਛੇਵੇਂ ਪਾਤਸ਼ਾਹ ਦੇ ਪੂਰੇ ਜੀਵਨ ਬ੍ਰਿਤਾਂਤ ਬਾਰੇ ਦੱਸਿਆ। ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਅਮਰਜੀਤ ਸਿੰਘ ਖਾਲਸਾ, ਅੰਬਾਲੇ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਸੋਲਖੀਆਂ ਸਾਹਿਬ ਵਾਲੇ, ਭਾਈ ਧਰਮ ਸਿੰਘ ਮਾਹੀ, ਬੀਬੀ ਰਵਿੰਦਰ ਕੌਰ ਖਾਲਸਾ, ਭਾਈ ਜੁਝਾਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਭਾਈ ਓਂਕਾਰ ਸਿੰਘ, ਭਾਈ ਸੁਖਵਿੰਦਰ ਸਿੰਘ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਬਾਖੂਬੀ ਨਾਲ ਨਿਭਾਈ। ਸਮਾਗਮ ਦੌਰਾਨ ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 16 ਜੁਲਾਈ ਨੂੰ ਸਿੱਖੀ ਸਿਦਕ ਕੇਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਭਾਈ ਸੁਖਵਿੰਦਰ ਸਿੰਘ ਕੁੱਬਾਹੇੜੀ ਵਾਲਿਆਂ ਦਾ ਢਾਡੀ ਜਥਾ, ਭਾਈ ਸਵਿੰਦਰ ਸਿੰਘ ਜੀ ਮੁੰਬਈ ਵਾਲੇ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਗੁਰਬਾਣੀ ਦਾ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…