Nabaz-e-punjab.com

ਆਖਰਕਾਰ ਸੁਬਰਾਮਨੀਅਮ ਸੁਆਮੀ ਦੀ ਸਿੱਖ ਵਿਰੋਧੀ ਮਾਨਸਿਕਤਾ ਤੋਂ ਪਰਦਾ ਉਠਿਆ: ਅਕਾਲੀ ਦਲ (ਟਕਸਾਲੀ)

ਜੇਕਰ ਕਰਤਾਰਪੁਰ ਲਾਂਘੇ ਦਾ ਕੰਮ ਰੋਕਿਆ ਤਾਂ ਟਕਸਾਲੀ ਦਲ ਵੱਡੇ ਪੱਧਰ ’ਤੇ ਸੰਘਰਸ਼ ਕਰੇਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਸਕੱਤਰ ਜਰਨਲ ਅਤੇ ਮੁੱਖ ਬੁਲਾਰੇ ਜਥੇਦਾਰ ਸੇਵਾ ਸਿੰਘ ਸੇਖਵਾਂ, ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪ੍ਰੈਸ ਕਾਨਫਰੰਸ਼ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ ਰੋਕਣ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਮੇਂ ਸਵਾਮੀ ਵੱਲੋਂ ਸਿੱਖਾਂ ਦੇ ਹੱਕ ਵਿੱਚ ਬਿਆਨ ਦਿੱਤੇ ਗਏ ਪਰ ਅਖੀਰ ਉਨ੍ਹਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਤੋਂ ਪਰਦਾ ਉੱਠ ਹੀ ਗਿਆ। ਸਵਾਮੀ ਜੋ ਕੇ ਭਾਜਪਾ ਦੀ ਨੀਤੀ ਘਾੜੀ ਟੀਮ ਦੇ ਮੈਂਬਰ ਹਨ, ਉਨ੍ਹਾਂ ਵੱਲੋਂ ਇਸ ਤਰ੍ਹਾਂ ਦਾ ਬੇਤੁਕਾ ਬਿਆਨ ਦੇਣਾ ਭਾਜਪਾ ਦੀ ਕਹਿਣੀ ਤੇ ਕਥਨੀ ਤੇ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਵਾਮੀ ਦੀ ਇਸ ਬਿਆਨਬਾਜ਼ੀ ’ਤੇ ਭਾਜਪਾ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਆਗੂਆਂ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਤੋਂ ਸਿੱਖ ਸੰਗਤ ਦੀਆਂ ਬੇਅੰਤ ਅਰਦਾਸਾਂ ਤੋਂ ਬਾਅਦ ਕਰਤਾਰਪੁਰ ਲਾਂਘਾ ਹੁਣ ਜਦੋਂ ਆਖਰ ਬਣਨ ਹੀ ਵਾਲਾ ਸੀ, ਇਹੋਂ ਜਿਹੇ ਸਮੇਂ ਜਦੋਂ ਸਾਰੀ ਕੌਮ ਅਤੇ ਪੰਜਾਬੀ ਉਸ ਪਵਿੱਤਰ ਸਥਾਨ ਦੇ ਦਰਸ਼ਨਾਂ ਦੀਆਂ ਆਸਾਂ ਲਗਾਈ ਬੈਠੇ ਹਨ ਤਾਂ ਇਸ ਤਰ੍ਹਾਂ ਦੇ ਬਿਆਨ ਸ਼ਰਦਾ ਨੂੰ ਵੱਡੀ ਸੱਟ ਮਾਰਦੇ ਹਨ। ਭਾਵੇਂ ਕਿ ਪਾਕਿਸਤਾਨ ਨਾਲ ਭਾਰਤ ਦੇ ਸਬੰਧ ਸ਼ੁਰੂ ਤੋਂ ਹੀ ਅਣਸੁਖਾਵੇਂ ਰਹੇ ਹਨ ਪਰ ਵਪਾਰ ਅਤੇ ਹੋਰ ਲੈਣ-ਦੇਣ ਨਹੀਂ ਸੀ ਰੁਕਿਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਦੇ ਹਾਲਾਤਾਂ ਦੇ ਬਾਵਜੂਦ ਵੀ ਖੁਲਦਿਲੀ ਦਿਖਾਉਂਦੇ ਹੋਏ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਕੰਮ ਪਾਕਿਸਤਾਨ ਵੱਲੋਂ ਕਿਸੇ ਵੀ ਹਾਲ ਨਹੀਂ ਰੋਕਿਆ ਜਾਵੇਗਾ, ਇਹੀ ਗੁਰੂ ਨਾਨਕ ਸਾਹਿਬ ਨੂੰ ਉਨ੍ਹਾਂ ਦੀ ਸੱਚੀ ਸ਼ਰਧਾਂਜਲੀ ਹੈ। ਇਮਰਾਨ ਖਾਨ ਦੇ ਇਸ ਸਟੈਂਡ ਨੂੰ ਵੀ ਸੁਬਰਾਮਨੀਅਮ ਸਵਾਮੀ ਵੱਲੋਂ ਸ਼ੱਕੀ ਤੇ ਵਿਖਾਵੇ ਦੀ ਨਜ਼ਰ ਨਾਲ ਦੇਖਿਆ ਜਾ ਰਿਹਾ ਹੈ ਅਤੇ ਕਰਤਾਰਪੁਰ ਲਾਂਘਾ ਰੋਕਣ ਲਈ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾਏ ਜਾ ਰਹੇ ਹਨ। ਇਹ ਪੰਜਾਬ ਵਿੱਚ ਆ ਕੇ ਇਸ ਤਰ੍ਹਾਂ ਦੇ ਬਿਆਨ ਦੇ ਕੇ ਸਿੱਖਾਂ ਨੂੰ ਕੀ ਸਾਬਤ ਕਰਨਾ ਚਾਹੁੰਦੇ ਹਨ? ਆਜ਼ਾਦੀ ਤੋਂ ਲੈ ਕੇ ਪਿਛਲੇ ਸਮੇਂ ਤੱਕ ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਅਤੇ ਸਿੱਖਾਂ ਨਾਲ ਹਮੇਸ਼ਾਂ ਧੱਕਾ ਕੀਤਾ ਹੈ ਪਰ ਹੁਣ ਮਹਿਸੂਸ ਹੋ ਰਿਹਾ ਹੈ ਕਿ ਭਾਜਪਾ ਵੀ ਉਸੇ ਰਸਤੇ ਨਾ ਹੋ ਤੁਰੇ।
ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਕੇਂਦਰ ਸਰਕਾਰ ਨੂੰ ਸਾਵਧਾਨ ਕਰਦਾ ਹੈ ਕਿ ਉਹ ਆਪਣੇ ਜ਼ਿੰਮੇਵਾਰ ਆਗੂਆਂ ਨੂੰ ਇਹੋ ਜਿਹੇ ਬਿਆਨ ਦੇਣ ਤੋਂ ਰੋਕਣ। ਲਾਂਘੇ ਦਾ ਕੰਮ ਜੇਕਰ ਰੋਕਿਆ ਗਿਆ ਤਾਂ ਉਨ੍ਹਾਂ ਦੀ ਪਾਰਟੀ ਵੱਲੋਂ ਇਸ ਮਾਮਲੇ ’ਤੇ ਸਖ਼ਤ ਸਟੈਂਡ ਲਿਆ ਜਾਵੇਗਾ ਅਤੇ ਹਰ ਲੜਾਈ ਲੜੀ ਜਾਵੇਗੀ। ਇਸ ਮੌਕੇ ਸੀਨੀਅਰ ਯੂਥ ਆਗੂ ਸਾਹਿਬ ਸਿੰਘ ਬਡਾਲੀ, ਮੇਜਰ ਸਿੰਘ ਸੰਗਤਪੁਰਾ, ਮਨਦੀਪ ਸਿੰਘ ਖਿਜਰਾਬਾਦ, ਰਣਧੀਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਇਕਬਾਲ ਸਿੰਘ ਸਾਬਕਾ ਸਰਪੰਚ, ਰੁਪਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ …