Nabaz-e-punjab.com

ਡੀਸੀ ਵੱਲੋਂ ਮੁਹਾਲੀ ਜ਼ਿਲ੍ਹੇ ਦੀਆਂ 73 ਕੈਮੀਕਲ ਫੈਕਟਰੀਆਂ ਦੇ ਫਾਇਰ ਸੇਫ਼ਟੀ ਆਡਿਟ ਦੇ ਹੁਕਮ

15 ਦਿਨਾਂ ਦੀ ਸਮਾਂ ਹੱਦ ਨਿਰਧਾਰਿਤ, ਸੁਰੱਖਿਆ ਮਾਪਦੰਡਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਮੌਕ ਡਰਿੱਲ ਕਰਨ ਨੂੰ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਡੇਰਾਬੱਸੀ ਦੀਆਂ ਦੋ ਸਨਅਤੀ ਇਕਾਈਆਂ ਵਿੱਚ ਭਿਆਨਕ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮੁੱਚੇ ਜ਼ਿਲ੍ਹੇ ਅੰਦਰ 73 ਕੈਮੀਕਲ ਫੈਕਟਰੀਆਂ ਦੇ ਵਿਆਪਕ ਫਾਇਰ ਸੇਫ਼ਟੀ ਆਡਿਟ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਬਾਰੇ ਫੈਕਟਰੀ ਪ੍ਰਬੰਧਕਾਂ ਵੱਲੋਂ ਕੀਤੀਆਂ ਤਿਆਰੀਆਂ ਦਾ ਪਤਾ ਲਾਇਆ ਜਾ ਸਕੇ। ਇਸ ਸਬੰਧੀ ਡੀਸੀ ਨੇ 15 ਦਿਨਾਂ ਦੇ ਅੰਦਰ ਅੰਦਰ ਪਾਲਣਾ ਰਿਪੋਰਟ ਸੌਂਪਣ ਲਈ ਕਿਹਾ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸੈਕਟਰ-76 ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਵੱਖ ਵੱਖ ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਾਰੀ ਕੀਤੇ। ਮੀਟਿੰਗ ਵਿੱਚ ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਐਸਡੀਐਮ ਜਗਦੀਪ ਸਹਿਗਲ, ਡੇਰਾਬੱਸੀ ਦੀ ਐਸਡੀਐਮ ਪੂਜਾ ਗਰੇਵਾਲ ਅਤੇ ਖਰੜ ਦੇ ਐਸਡੀਐਮ ਵਿਨੋਦ ਬਾਂਸਲ ਅਤੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ।
ਡੇਰਾਬੱਸੀ ਦੀਆਂ ਦੋ ਸਨਅਤੀ ਇਕਾਈਆਂ ਵਿੱਚ ਅੱਗ ਲੱਗਣ ਦੀਆਂ ਹਾਲੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਡੀਸੀ ਨੇ ਕਿਹਾ ਕਿ ਇਸ ਫਾਇਰ ਸੇਫ਼ਟੀ ਆਡਿਟ ਨਾਲ ਸਨਅਤੀ ਇਕਾਈਆਂ ਦੀ ਅਜਿਹੀਆਂ ਘਟਨਾਵਾਂ ਨਾਲ ਨਜਿੱਠਣ ਦੀ ਤਿਆਰੀ ਦਾ ਪਤਾ ਚੱਲੇਗਾ ਅਤੇ ਇਹ ਗੱਲ ਵੀ ਸਾਹਮਣੇ ਆਵੇਗੀ ਕਿ ਸਨਅਤੀ ਇਕਾਈਆਂ ਦੀ ਮੈਨੇਜਮੈਂਟ ਨੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਕੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਨਅਤੀ ਇਕਾਈਆਂ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤਕਨੀਕੀ ਜਾਣਕਾਰੀ ਵੀ ਦਿੱਤੀ ਜਾਵੇਗੀ ਅਤੇ ਘਟਨਾਵਾਂ ਵਾਪਰਨ ਦੌਰਾਨ ਚੁੱਕੇ ਜਾਣ ਵਾਲੇ ਕਦਮਾਂ ਬਾਬਤ ਵੀ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸਨਅਤਕਾਰਾਂ ਨੂੰ ਇਕ ਸਵੈ ਘੋਸ਼ਣਾ ਪੱਤਰ ਵੀ ਦੇਣਾ ਪਵੇਗਾ ਕਿ ਉਨ੍ਹਾਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਲਏ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਇਸ ਕਵਾਇਦ ਦਾ ਮੰਤਵ ਅਜਿਹੇ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣਾ ਅਤੇ ਸਨਅਤੀ ਇਕਾਈਆਂ ਦੇ ਮਾਲਕਾਂ ਨੂੰ ਹੁੰਦੀ ਪ੍ਰੇਸ਼ਾਨੀ ਨੂੰ ਖਤਮ ਕਰਨ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨ ਨੂੰ ਇਸ ਸਬੰਧੀ ਇਕ ਚੈੱਕ ਲਿਸਟ ਬਣਾਉਣ ਅਤੇ ਸਨਅਤੀ ਮਾਲਕਾਂ ਨੂੰ ਭੇਜਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਨਅਤੀ ਇਕਾਈਆਂ ਵਿੱਚ ਮੌਕ ਡਰਿੱਲਾਂ ਕਰਵਾਈਆਂ ਜਾਣ ਤਾਂ ਕਿ ਉੱਥੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਅਜਿਹੀਆਂ ਘਟਨਾਵਾਂ ਸਮੇਂ ਜਾਨ ਤੇ ਮਾਲ ਦੀ ਰਾਖੀ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਜ਼ੀਰਕਪੁਰ ਤੇ ਖਰੜ ਦੇ ਫਾਇਰ ਸਟੇਸ਼ਨਾਂ ਨੂੰ ਹਾਲ ਹੀ ਵਿੱਚ ਅਲਾਟ ਹੋਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕਾਰਜਸ਼ੀਲ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…