Nabaz-e-punjab.com

ਅਧਿਆਪਕ ਦਿਵਸ ਦੇ ਮੌਕੇ ਦੇਸੂਮਾਜਰਾ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

ਸਥਾਨਕ ਪ੍ਰਸ਼ਾਸਨ ਦੇ ਭਰੋਸੇ ਉਪਰੰਤ ਦੇਰ ਸ਼ਾਮ 7:30 ਵਜੇ ਥੱਲੇ ਉੱਤਰੇ, ਹੇਠਾਂ ਧਰਨੇ ’ਤੇ ਬੈਠੇ ਅਧਿਆਪਕ ਪੁਲੀਸ ਨੇ ਚੁੱਕੇ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਸਤੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਇੱਕ ਪਾਸੇ ਮੁਹਾਲੀ ਵਿੱਚ ਅਧਿਆਪਕ ਦਿਵਸ ਦੇ ਮੌਕੇ ’ਤੇ ਸੂਬਾ ਪੱਧਰੀ ਸਮਾਗਮ ਆਯੋਜਿਤ ਕਰਕੇ ਸ਼ਲਾਘਾਯੋਗ ਸੇਵਾਵਾਂ ਬਦਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਸੀ, ਉਧਰ ਦੂਜੇ ਪਾਸੇ ਪੁਲੀਸ ਨੂੰ ਝਕਾਨੀ ਦੇ ਕੇ ਆਪਣੇ ਹੱਕਾਂ ਅਤੇ ਇਨਸਾਫ਼ ਪ੍ਰਾਪਤੀ ਲਈ ਬੇਰੁਜ਼ਗਾਰ ਬੀਐਡ ਟੈੱਟ ਪਾਸ ਅਧਿਆਪਕ ਪਿੰਡ ਦੇਸੂਮਾਜਰਾ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ। ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜੀਆਂ ਹੋਈਆਂ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਇਨ੍ਹਾਂ ਅਧਿਆਪਕਾਂ ਦੀ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਪੂਨਮ ਰਾਣੀ ਅਤੇ ਮੀਤ ਪ੍ਰਧਾਨ ਗਗਨਦੀਪ ਕੌਰ ਦੀ ਅਗਵਾਈ ਵਿੱਚ ਕੁੱਝ ਅਧਿਆਪਕ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਭਰੀਆਂ ਬੋਤਲਾਂ ਲੈ ਕੇ ਟੈਂਕੀ ਤੇ ਚੜ੍ਹ ਗਏ ਅਤੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਟੈਂਕੀ ਤੋਂ ਹੇਠਾਂ ਨਾ ਉਤਰਨ ਦਾ ਐਲਾਨ ਕੀਤਾ। ਜਦੋਂਕਿ ਟੈਂਕੀ ਦੇ ਥੱਲੇ ਧਰਨੇ ’ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲੀਸ ਫੋਰਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਗੱਲੀਬਾਤੀਂ ਸਮਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਲੇਕਿਨ ਉਹ ਨਹੀਂ ਮੰਨੇ। ਇਸ ਤੋਂ ਬਾਅਦ ਪੁਲੀਸ ਨੇ ਟੈਂਕੀ ਥੱਲੇ ਧਰਨੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਅਧਿਆਪਕਾਂ ਨੇ ਪੁਲੀਸ ਦੀ ਇਸ ਕਾਰਵਾਈ ਦਾ ਵਿਰੋਧ ਵੀ ਕੀਤਾ ਗਿਆ ਪ੍ਰੰਤੂ ਪੁਲੀਸ ਦੇ ਡੰਡੇ ਅੱਗੇ ਉਨ੍ਹਾਂ ਦੀ ਕੋਈ ਵਾਹ ਨਹੀਂ ਚੱਲੀ ਅਤੇ ਪੁਲੀਸ ਨੇ ਘੜੀਸ ਕੇ ਗੱਡੀਆਂ ਵਿੱਚ ਸੁੱਟ ਲਿਆ।
10 ਵਜੇ ਦੇ ਕਰੀਬ ਖਰੜ ਦੇ ਡੀਐਸਪੀ ਦੀਪ ਕਮਲ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਟੈਂਕੀ ਦੇ ਉੱਪਰ ਜਾ ਕੇ ਉੱਥੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੂੰ ਮਨਾ ਕੇ ਹੇਠਾਂ ਉਤਰਨ ਲਈ ਕਿਹਾ ਪ੍ਰੰਤੂ ਅਧਿਆਪਕ ਨਾ ਮੰਨੇ। 11 ਵਜੇ ਦੇ ਕਰੀਬ ਖਰੜ ਦੇ ਤਹਿਸੀਦਾਰ ਮਨਦੀਪ ਸਿੰਘ ਢਿੱਲੋਂ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੇ ਵੀ ਟੈਂਕੀ ਤੇ ਚੜ੍ਹ ਕੇ ਅਧਿਆਪਕਾਂ ਨੂੰ ਮਣਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਅਧਿਆਪਕ ਆਪਣੇ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਰਿਹਾਅ ਕਰਨ ਅਤੇ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਮੰਗ ’ਤੇ ਅੜੇ ਰਹੇ।
ਇਸ ਦੌਰਾਨ ਖਰੜ ਤੋਂ ਆਪ ਦੇ ਬਾਗੀ ਵਿਧਾਇਕ ਕੰਵਰ ਸੰਧੂ ਵੀ ਮੌਕੇ ’ਤੇ ਪਹੁੰਚ ਗਏ ਅਤੇ ਅਧਿਆਪਕਾਂ ਦੀ ਮੰਗ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾ ਪੂਰੀਆਂ ਕੀਤੀਆਂ ਜਾਣ।
ਇਸ ਮੌਕੇ ਟੈਂਕੀ ’ਤੇ ਚੜ੍ਹੀ ਬੇਰੁਜਗਾਰ ਅਧਿਆਪਕ ਯੂਨੀਅਨ ਦੀ ਪ੍ਰਧਾਨ ਪੂਨਮ ਰਾਣੀ ਅਤੇ ਮੀਤ ਪ੍ਰਧਾਨ ਗਗਨਦੀਪ ਕੌਰ ਨੇ ਫੋਨ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਲਮਬੇ ਸਮੇਂ ਤੋਂ ਝੂਠੇ ਲਾਰੇ ਲਗਾਏ ਜਾ ਰਹੇ ਸਨ ਅਤੇ ਅੱਜ ਉਹ ਆਰਪਾਰ ਦੀ ਲੜਾਈ ਕਰਨ ਲਈ ਇੱਥੇ ਆਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਟੈਂਕੀ ਦੇ ਹੇਠਾਂ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਕਿਸੇ ਅਣਦੱਸੀ ਥਾਂ ’ਤੇ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲੀਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਜੇਕਰ ਉਹ ਹੇਠਾਂ ਨਹੀਂ ਉਤਰੇ ਤਾਂ ਪੁਲੀਸ ਵੱਲੋਂ ਉਨ੍ਹਾਂ ਨੂੰ ਜਬਰੀ ਹੇਠਾਂ ਲਾਹਿਆ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲੀਸ ਵੱਲੋਂ ਉਨ੍ਹਾਂ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਹੇਠਾਂ ਛਾਲ ਮਾਰ ਦੇਣਗੇ। ਅਖੀਰ ਦੇਰ ਸ਼ਾਮ ਕਰੀਬ ਸਾਢੇ 7 ਵਜੇ ਤਹਿਸੀਲਦਾਰ ਦੇ ਭਰੋਸੇ ਉਪਰੰਤ ਟੈਂਕੀ ’ਤੇ ਬੇਰੁਜ਼ਗਾਰ ਅਧਿਆਪਕ ਥੱਲੇ ਉੱਤਰ ਆਏ।

Load More Related Articles
Load More By Nabaz-e-Punjab
Load More In General News

Check Also

Punjab Police’s AGTF in joint operation with UP Police arrested two shooters involved in separate sensational murder cases

Punjab Police’s AGTF in joint operation with UP Police arrested two shooters involve…