Nabaz-e-punjab.com

ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਯੂਨਾਈਟਿਡ ਸਿੱਖ ਸੰਸਥਾ ਨਾਲ ਜੁੜੇ ਗੁਰਪ੍ਰੀਤ ਘੁੱਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਮਚੀ ਤਬਾਹੀ ਦਾ ਦਰਦ ਅੱਜ ਵੀ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬੀਆਂ ਦੇ ਚਿਹਰਿਆਂ ’ਤੇ ਸਾਫ਼ ਝਲਕ ਰਿਹਾ ਹੈ। ਪੰਜਾਬ ਦੇ ਕਮੇਡੀ ਕਲਾਕਾਰ ਅਤੇ ਅਦਾਕਾਰ ਗੁਰਪ੍ਰੀਤ ਘੁੱਗੀ ਵੀ ਯੂਨਾਈਟਿਡ ਸਿੱਖਜ਼ ਨਾਲ ਜੁੜ ਕੇ ਹੜ੍ਹ ਪੀੜਤਾਂ ਦੀ ਮਦਦ ਵਿੱਚ ਜੁੱਟ ਗਏ ਹਨ। ਇਸ ਗੱਲ ਦੀ ਪੁਸ਼ਟੀ ਸੰਸਥਾ ਦੇ ਕੌਮੀ ਡਾਇਰੈਕਟਰ ਜਸਮੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਪਰਮਿੰਦਰ ਸਿੰਘ ਨੇ ਲਿਖਤੀ ਬਿਆਨ ਵਿੱਚ ਕੀਤੀ। ਉਨ੍ਹਾਂ ਦੱਸਿਆ ਕਿ ਹਾਸਰਸ ਦੇ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਯੂਨਾਈਟਿਡ ਸਿੱਖਜ਼ ਦੇ ਨਾਲ ਜੁੜੇ ਹਨ। ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਕਾਰਜਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਅੱਜ ਵੀ ਉਨ੍ਹਾਂ ਨੇ ਸੰਸਥਾ ਨਾਲ ਮਿਲ ਕੇ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।
ਇਸ ਮੌਕੇ ਗੁਰਪ੍ਰੀਤ ਘੁੱਗੀ ਨੇ ਸਰਬੱਤ ਦੇ ਭਲੇ ਦੀ ਗੱਲ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਯੂਨਾਈਟਿਡ ਸਿੱਖਜ਼ ਵੱਲੋਂ ਜੋ ਕਾਰਜ ਕੀਤੇ ਜਾ ਰਹੇ ਹਨ, ਉਸ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਹੜ੍ਹ ਪੀੜਤਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਗਾ ਕੇ ਗੁਰੂ ਸਾਹਿਬਾਂ ਦੇ ਸੰਦੇਸ਼ ਅਤੇ ਉਪਦੇਸ਼ ’ਤੇ ਪਹਿਰਾ ਦਿੱਤਾ ਜਾ ਸਕੇ।
ਇਸ ਮੌਕੇ ਸੰਸਥਾ ਦੇ ਨੁਮਾਇੰਦੇ ਮੇਜਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਸ੍ਰੀ ਅਨੰਦਪੁਰ ਸਾਹਿਬ, ਸੁਲਤਾਨਪੁਰ ਲੋਧੀ, ਕਪੂਰਥਲਾ ਅਤੇ ਫਿਰੋਜ਼ਪੁਰ ਸਮੇਤ ਹੋਰ ਪਿੰਡਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਵੱਡੀ ਗਿਣਤੀ ਵਿੱਚ ਪੀੜਤ ਲੋਕ ਮਦਦ ਦੀ ਗੁਹਾਰ ਲਗਾ ਰਹੇ ਹਨ ਅਤੇ ਪਸ਼ੂਆਂ ਵੀ ਬਿਮਾਰ ਹਨ। ਪੀੜਤਾਂ ਦੀ ਸੇਵਾ ਲਈ ਯੂਨਾਈਟਿਡ ਸਿੱਖਜ਼ ਦੇ ਸੇਵਾਦਾਰਾਂ ਵੱਲੋਂ ਵੱਡੇ ਪੱਧਰ ਤੇ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਯੂਨਾਈਟਿਡ ਸਿੱਖਜ਼ ਵੱਲੋਂ ਵੱਖ-ਵੱਖ ਥਾਵਾਂ ’ਤੇ ਪਸ਼ੂਆਂ ਅਤੇ ਮਨੁੱਖਤਾ ਦੀ ਸੇਵਾ ਲਈ ਮੈਡੀਕਲ ਕੈਂਪ ਗਏ ਹਨ ਅਤੇ ਰਾਸ਼ਨ ਵੀ ਦਿੱਤਾ ਗਿਆ। ਹੁਣ ਯੂਨਾਈਟਿਡ ਸਿੱਖਜ਼ ਦਿੱਲੀ ਅਤੇ ਫਰੀਦਾਬਾਦ ਦੀ ਸੰਗਤ ਵੱਲੋਂ ਮੁਹਾਲੀ ਦੇ ਗੁਰਦੁਆਰਾ ਹਰਚਰਨ ਕਮਲ ਵਿੱਚ ਰਾਹਤ ਦਾ ਸਮਾਨ ਇਕੱਤਰ ਕਰਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਪੰਜਾਬ ਦੇ ਹੋਰ ਹੜ੍ਹ ਪੀੜਤ ਇਲਾਕਿਆਂ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…