Nabaz-e-punjab.com

ਸਵੈ ਰੁਜ਼ਗਾਰ ਲਈ ਨੌਜਵਾਨਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਏ ਜਾਣ: ਏਡੀਸੀ ਬੈਂਸ

ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਵਿੱਚ ਏਡੀਸੀ ਬੈਂਸ ਨੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ

ਬੈਂਕਾਂ ਨੂੰ ਏਟੀਐਮਜ਼ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਬੈਂਕਾਂ ਦੇ ਅੰਦਰ ਤੇ ਬਾਹਰ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਸਮੇਤ ਹੋਰ ਵੱਖ ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਸਵੈ ਰੁਜ਼ਗਾਰ ਲਈ ਲੋੜਵੰਦਾਂ ਨੂੰ ਘੱਟ ਵਿਆਜ ਅਤੇ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਸ੍ਰੀ ਬੈਂਸ ਨੇ 30 ਜੂਨ 2019 ਨੂੰ ਖ਼ਤਮ ਹੋਈ ਤਿਮਾਹੀ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਪੀਐਮਈਜੀਪੀ, ਨੈਸ਼ਨਲ ਅਰਬਨ ਲਾਈਵਲੀਹੁੱਡਜ਼ ਮਿਸ਼ਨ ਅਤੇ ਡੇਅਰੀ ਸਬੰਧੀ ਲੰਬਿਤ ਪਏ ਕੇਸਾਂ ਨੂੰ 30 ਸਤੰਬਰ ਤੱਕ ਨਿਬੇੜਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਹਰੇਕ ਬੈਂਕ ਬ੍ਰਾਂਚ ਨੂੰ ਮੁਦਰਾ ਸਕੀਮ ਤਹਿਤ ਸਵੈ ਰੁਜ਼ਗਾਰ ਲਈ ਘੱਟੋ ਘੱਟ 10 ਲੋਨ ਕਰਨ ਦਾ ਟੀਚਾ ਦਿੱਤਾ ਅਤੇ ਸਟੈਂਡ ਅਪ ਇੰਡੀਆ ਤਹਿਤ ਪ੍ਰਤੀ ਬ੍ਰਾਂਚ ਘੱਟੋ ਘੱਟ 2 ਲੋਨ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤਹਿਤ ਜਿਨ੍ਹਾਂ ਬੈਂਕਾਂ ਵੱਲੋਂ ਰੁਪਏ ਕਾਰਡ ਜਾਰੀ ਨਹੀਂ ਕੀਤੇ ਗਏ ਜਾਂ ਐਕਟੀਵੇਟ ਨਹੀਂ ਹੋਏ ਆਦਿ ਲੰਬਿਤ ਪਏ ਕੰਮ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਪ੍ਰਤੀ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਏਡੀਸੀ ਬੈਂਸ ਨੇ ਪ੍ਰਾਈਵੇਟ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਦਿੱਤੇ ਜਾਂਦੇ ਕਰਜ਼ਿਆਂ ਸਬੰਧੀ ਅੰਕੜੇ ਸਮੇਂ ਸਿਰ ਮੁਹੱਈਆ ਕਰਵਾਏ ਜਾਣ ਅਤੇ ਕੇਂਦਰ ਸਰਕਾਰ ਵੱਲੋਂ ਜੋ ਸਕੀਮਾਂ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਲਾਗੂ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਟੀਚਿਆਂ ਦੀ ਪ੍ਰਾਪਤੀ ਹੋ ਸਕੇ। ਇਸ ਦੌਰਾਨ ਸਮੂਹ ਬੈਂਕ ਅਧਿਕਾਰੀਆਂ ਨੂੰ ਆਪਣੇ ਬੈਂਕਾਂ ਦੇ ਏਟੀਐਮਜ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਏਟੀਐਮਾਂ ਅਤੇ ਬੈਂਕਾਂ ਦੇ ਅੰਦਰ ਤੇ ਬਾਹਰਲੀ ਸਾਈਡ ਸੀਸੀਟੀਵੀ ਕੈਮਰੇ ਲਾਉਣ ਅਤੇ ਇਨ੍ਹਾਂ ਕੈਮਰਿਆਂ ਦੀ ਸਮੇਂ ਸਮੇਂ ਸਿਰ ਮੁਰੰਮਤ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਚੀਫ਼ ਐਲਡੀਐਮ ਦਰਸ਼ਨ ਸੰਧੂ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਵੱਖ ਵੱਖ ਸਕੀਮਾਂ ਸਬੰਧੀ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਗਿਆ ਬੈਂਕਾਂ ਵੱਲੋਂ ਟੀਚੇ ਪੂਰੇ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿੱਚ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ, ਪੀਐਨਬੀ ਦੇ ਸਰਕਲ ਹੈੱਡ ਐਸਕੇ ਥਾਪਰ, ਨਾਬਾਰਡ ਦੇ ਡੀਡੀਐਮ ਸੰਜੀਵ ਸ਼ਰਮਾ, ਰਿਜ਼ਰਵ ਬੈਂਕ ਦੇ ਐਲਡੀਓ ਬਿਮਲ ਸ਼ਰਮਾ, ਡੀਐਸਪੀ ਹੈੱਡ ਕੁਆਰਟਰ ਦੀਪਕਮਲ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਪੇ-ਪੈਰਿਟੀ ਦੇ ਮੁੱਦੇ ’ਤੇ ਕੀ…