Nabaz-e-punjab.com

ਸਿਹਤ ਵਿਭਾਗ ਨੇ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਵਿੱਚ ਡੇਂਗੂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਡੇਂਗੂ ਬਾਰੇ ਕੀਤਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਮੁਹਾਲੀ ਸ਼ਹਿਰ ਦੀਆਂ ਵੱਖ ਵੱਖ ਪ੍ਰਮੁੱਖ ਮਾਰਕੀਟਾਂ ਵਿੱਚ ਡੇਂਗੂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦਿੰਦਿਆਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਇੱਥੋਂ ਦੇ ਫੇਜ਼-3ਬੀ2 ਅਤੇ ਫੇਜ਼-7 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਡੇਂਗੂ ਬੁਖ਼ਾਰ ਬਾਰੇ ਜਾਗਰੂਕ ਕਰਦਿਆਂ ਡੇਂਗੂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਪੈਂਫ਼ਲੈਂਟ ਵੰਡੇ ਗਏ। ਇਸ ਮੌਕੇ ਐਸਐਮਓ ਡਾ. ਵਿਜੈ ਭਗਤ, ਡਾ. ਕੁਲਦੀਪ ਸਿੰਘ, ਡਾ. ਨਿਧੀ, ਡਾ. ਕੁਲਜੀਤ ਕੌਰ, ਡਾ. ਦਲਬਾਗ਼ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਸੁਰਿੰਦਰ ਸਿੰਘ, ਡਾ. ਹਰਮਨਦੀਪ ਕੌਰ ਸਮੇਤ ਸਾਰੇ ਹੈਲਥ ਸੁਪਰਵਾਈਜ਼ਰ, ਸਿਹਤ ਵਰਕਰ ਵੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਦੌਰਾਨ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਰੈਲੀ ਦਾ ਮੁੱਖ ਮੰਤਵ ਦੁਕਾਨਦਾਰਾਂ ਅਤੇ ਆਮ ਸ਼ਹਿਰੀਆਂ ਨੂੰ ਡੇਂਗੂ ਬੁਖ਼ਾਰ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ ਅਤੇ ਇਸ ਕੰਮ ਲਈ ਸ਼ਹਿਰ ਦੇ ਮੁੱਖ ਬਾਜ਼ਾਰਾਂ ਦੀ ਚੋਣ ਕੀਤੀ ਗਈ ਕਿਉਂਕਿ ਇਨ੍ਹਾਂ ਮਾਰਕੀਟਾਂ ਵਿੱਚ ਲੋਕਾਂ ਦੀ ਜ਼ਿਆਦਾ ਆਵਾਜਾਈ ਹੋਣ ਕਾਰਨ ਡੇਂਗੂ ਵਿਰੁੱਧ ਸੁਨੇਹਾ ਕਾਫੀ ਅਸਰਦਾਰ ਢੰਗ ਨਾਲ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਲਗਾਤਾਰ ਚੈਕਿੰਗ ਕਰ ਰਹੀਆਂ ਹਨ ਅਤੇ ਚਾਲਾਨ ਵੀ ਕੱਟੇ ਜਾਂਦੇ ਹਨ ਪਰ ਇਸ ਰੈਲੀ ਰਾਹੀਂ ਉਨ੍ਹਾਂ ਲੋਕਾਂ ਨੂੰ ਖ਼ੁਦ ਹੀ ਇਸ ਮਾਰੂ ਬੁਖ਼ਾਰ ਤੋਂ ਬਚਣ ਲਈ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਚਾਲਾਨ ਦਾ ਕੰਮ ਆਪਣੀ ਥਾਂ ਹੁੰਦਾ ਰਹਿੰਦਾ ਹੈ ਪਰ ਜਾਗਰੂਕਤਾ ਜ਼ਿਆਦਾ ਜ਼ਰੂਰੀ ਹੈ। ਕਿਉਂਕਿ ਜੇ ਲੋਕ ਜਾਗਰੂਕ ਹੋਣਗੇ ਤਾਂ ਉਹ ਖ਼ੁਦ ਆਪਣੇ ਘਰਾਂ ਜਾਂ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਹੀਂ ਹੋਣ ਦੇਣਗੇ। ਜਿਸ ਨਾਲ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਪੈਦਾ ਹੀ ਨਹੀਂ ਹੋਵੇਗਾ।
ਸਿਵਲ ਸਰਜਨ ਨੇ ਕਿਹਾ ਕਿ ਇਹ ਬਿਮਾਰੀ ਸਾਡੇ ਰਹਿਣ-ਸਹਿਣ ਅਤੇ ਆਦਤਾਂ ਦੀ ਬਿਮਾਰੀ ਹੈ। ਜੇ ਅਸੀਂ ਸਾਰੇ ਚੌਕਸ ਰਹੀਏ ਅਤੇ ਜ਼ਰੂਰੀ ਸਾਵਧਾਨੀਆਂ ਵਰਤੀਏ ਤਾਂ ਇਸ ਤੋਂ ਆਰਾਮ ਨਾਲ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬਿਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿੱਚ, ਪਾਣੀ ਦੀਆਂ ਟੈਂਕੀਆਂ ਵਿੱਚ, ਫੁੱਲਾਂ ਦੇ ਗਮਲਿਆਂ, ਫਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਂਜ ਤਾਂ ਡੇਂਗੂ ਮੱਛਰ ਕਿਸੇ ਵੀ ਸਮੇਂ ਪੈਦਾ ਹੋ ਸਕਦਾ ਹੈ ਪਰ ਡੇਂਗੂ ਦਾ ਸੀਜ਼ਨ ਆਮ ਤੌਰ ’ਤੇ ਜੁਲਾਈ ਤੋਂ ਨਵੰਬਰ ਤੱਕ ਮੰਨਿਆ ਜਾਂਦਾ ਹੈ। ਇਸ ਲਈ ਇਨ੍ਹਾਂ ਦਿਨਾਂ ਵਿੱਚ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …