nabaz-e-punjab.com

ਅੰਮ੍ਰਿਤਸਰ ਬਹੁ ਕਰੋੜੀ ਹੈਰੋਇਨ ਤਸਕਰੀ ਮਾਮਲਾ: ਐਨਆਈਏ ਵੱਲੋਂ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮ ਵੱਲੋਂ ਐਨਆਈਏ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ, ਸ਼ੁੱਕਰਵਾਰ ਨੂੰ ਹੋਵੇਗੀ ਸੁਣਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਨੈਸ਼ਨਲ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਸਰ ਦੇ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਵਿੱਚ ਪ੍ਰੋਡਕਸ਼ਲ ਵਾਰੰਟ ’ਤੇ ਇਕ ਅੌਰਤ ਸਣੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਸੰਦੀਪ ਕੌਰ, ਨਿਰਮੈਲ ਸਿੰਘ, ਜਸਵੀਰ ਸਿੰਘ ਅਤੇ ਅਜੇ ਕੁਮਾਰ ਸ਼ਾਮਲ ਹਨ। ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਅੱਜ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ 10 ਅਕਤੂਬਰ ਤੱਕ ਨਿਆਇਕ ਹਿਰਾਸਤ ਅਧੀਨ ਮੁੜ ਜੇਲ੍ਹ ਭੇਜ ਦਿੱਤਾ।
ਉਧਰ, ਮਹਿਲਾ ਮੁਲਜ਼ਮ ਸੰਦੀਪ ਕੌਰ ਆਪਣੇ ਵਕੀਲ ਰਾਹੀਂ ਐਨਆਈਏ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ। ਅਦਾਲਤ ਨੇ ਇਸ ਅਰਜ਼ੀ ’ਤੇ ਸੁਣਵਾਈ ਲਈ ਭਲਕੇ 13 ਸਤੰਬਰ ਦਾ ਦਿਨ ਨਿਰਧਾਰਿਤ ਕੀਤਾ ਹੈ। ਮੁਲਜ਼ਮ ਦੀ ਜ਼ਮਾਨਤ ਅਰਜ਼ੀ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ 5836 ਕਿੱਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਦੋ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਅਨੁਸਾਰ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 2600 ਕਰੋੜ ਰੁਪਏ ਦੱਸੀ ਗਈ ਹੈ। ਦੱਸਿਆ ਗਿਆ ਹੈ ਕਿ ਏਨੀ ਵੱਡੀ ਮਾਤਰਾ ਵਿੱਚ ਨਸ਼ੇ ਦੀ ਖੇਪ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਲਿਆਂਦੀ ਜਾ ਰਹੀ ਸੀ। ਇਹ ਨਸ਼ੀਲੇ ਪਦਾਰਥ ਇਕ ਟਰੱਕ ਵਿੱਚ ਬੈਗਾਂ ਦੇ ਥੱਲੇ ਛੁਪਾ ਕੇ ਰੱਖੇ ਹੋਏ ਸੀ।
ਇਹ ਮਾਮਲਾ ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਅਤੇ ਤਾਰਿਕ ਅਹਿਮਦ ਵਾਸੀ ਹੰਦਵਾੜਾ (ਜੰਮੂ ਕਸ਼ਮੀਰ) ਦੇ ਖ਼ਿਲਾਫ਼ ਪਹਿਲਾਂ ਜ਼ਿਲ੍ਹਾ ਅੰਮ੍ਰਿਤਸਰ ਅਦਾਲਤ ਵਿੱਚ ਵਿਚਾਰ ਅਧੀਨ ਸੀ ਲੇਕਿਨ ਕੁਝ ਸਮਾਂ ਪਹਿਲਾਂ ਗੁਰਪਿੰਦਰ ਸਿੰਘ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਜਾਣ ਤੋਂ ਬਾਅਦ ਇਸ ਕੇਸ ਦੀ ਜਾਂਚ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੀ ਗਈ ਸੀ। ਐਨਆਈਏ ਨੇ ਵੱਖਰਾ ਕੇਸ ਦਰਜ ਕਰਕੇ ਵੱਖ ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੀਤੀ 29 ਜੂਨ ਨੂੰ ਉਸ ਸਮੇਂ ਆਪਣੀ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਉਹ ਅਟਾਰੀ ਬਾਰਡਰ ਦੇ ਰਾਹੀਂ ਟਰੱਕ ਵਿੱਚ ਸਮਾਨ ਲੈ ਕੇ ਪੰਜਾਬ ਆ ਰਿਹਾ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸੀ। ਪੁੱਛਗਿੱਛ ਦੌਰਾਨ ਗੁਰਪਿੰਦਰ ਦੀ ਨਿਸ਼ਾਨਦੇਹੀ ’ਤੇ ਕਸ਼ਮੀਰੀ ਨੌਜਵਾਨ ਤਾਰਿਕ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…