Nabaz-e-punjab.com

ਕਸ਼ਮੀਰ ਮੁੱਦਾ: ਪੰਜਾਬ ਸਰਕਾਰ ਦੀਆਂ ਰੋਕਾਂ ਦੇ ਬਾਵਜੂਦ ਸੈਂਕੜੇ ਪ੍ਰਦਰਸ਼ਨਕਾਰੀ ਪੁਲੀਸ ਨੂੰ ਝਕਾਨੀ ਦੇ ਕੇ ਮੁਹਾਲੀ ਪਹੁੰਚੇ

ਕਿਸਾਨ, ਮੁਲਾਜ਼ਮ ਤੇ ਮਜਦੂਰਾਂ ਨੇ ਮੁਹਾਲੀ ਰੇਲਵੇ ਸਟੇਸ਼ਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ, ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ

ਸਟੂਡੈਂਟਸ ਯੂਨੀਅਨ ਲਲਕਾਰ ਦੇ ਨੌਜਵਾਨ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚੇ, ਮਾਰਚ ਕਰਨ ਵੇਲੇ ਪੁਲੀਸ ਨੇ ਰਾਹ ਡੱਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ’ ਵਿੱਚ ਕਿਰਤੀ, ਕਿਸਾਨ, ਪੇਂਡੂ/ਖੇਤ ਮਜ਼ਦੂਰ, ਸਨਅਤੀ ਮਜ਼ਦੂਰ ਅਤੇ ਨੌਜਵਾਨਾਂ ਵੱਲੋਂ ਮੁਹਾਲੀ ਵਿੱਚ ਅੱਜ ਕੀਤੀ ਜਾਣ ਵਾਲੀ ਕੌਮੀ ਪੱਧਰੀ ਰੋਸ ਰੈਲੀ ਭਾਵੇਂ ਪੰਜਾਬ ਸਰਕਾਰ ਨੇ ਪੁਲੀਸ ਰੋਕਾਂ ਲਗਾ ਕੇ ਠੁੱਸ ਕਰ ਦਿੱਤੀ ਹੈ ਪ੍ਰੰਤੂ ਸਰਕਾਰੀ ਰੋਕਾਂ ਦੇ ਬਾਵਜੂਦ ਸੈਂਕੜੇ ਕਿਸਾਨ, ਮੁਲਾਜ਼ਮ, ਮਜਦੂਰ ਤੇ ਵਿਦਿਆਰਥੀ ਨੌਜਵਾਨ ਪੁਲੀਸ ਨੂੰ ਝਕਾਨੀ ਦੇ ਕੇ ਮੁਹਾਲੀ ਪਹੁੰਚਣ ਵਿੱਚ ਸਫਲ ਹੋ ਗਏ।
ਫਿਰੋਜ਼ਪੁਰ ਤੇ ਲੁਧਿਆਣਾ ਅਤੇ ਇਲਾਕਿਆਂ ’ਚੋਂ ਕਾਫ਼ੀ ਲੋਕ (ਜਿਨ੍ਹਾਂ ਵਿੱਚ ਕਿਸਾਨ, ਕਿਰਤੀ, ਖੇਤ ਤੇ ਸਨਅਤੀ ਮਜਦੂਰ ਅਤੇ ਮੁਲਾਜ਼ਮ ਸ਼ਾਮਲ ਸਨ) ਰੇਲ ਗੱਡੀ ਰਾਹੀਂ ਮੁਹਾਲੀ ਰੇਲਵੇ ਸਟੇਸ਼ਨ ’ਤੇ ਪਹੁੰਚ ਗਏ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਹਰਜਿੰਦਰ ਸਿੰਘ ਕਰ ਰਹੇ ਸੀ। ਇਹ ਲੋਕ ਜਿਵੇਂ ਹੀ ਰੇਲ ਗੱਡੀ ਤੋਂ ਉੱਤਰ ਕੇ ਸ਼ਹਿਰ ਵੱਲ ਵਧੇ ਤਾਂ ਰੇਲਵੇ ਸਟੇਸ਼ਨ ਦੇ ਬਾਹਰ ਤਾਇਨਾਤ ਐਸਪੀ (ਸਿਟੀ) ਹਰਵਿੰਦਰ ਸਿੰਘ ਅਤੇ ਡੀਐਸਪੀ (ਸਿਟੀ-2) ਰਮਨਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਤਾਇਨਾਤ ਪੁਲੀਸ ਨੇ ਉਨ੍ਹਾਂ ਦਾ ਡਾਹ ਡੱਕ ਲਿਆ। ਜਿਸ ਕਾਰਨ ਉਹ ਰੇਲਵੇ ਸਟੇਸ਼ਨ ਦੇ ਬਾਹਰ ਹੀ ਧਰਨਾ ਲਗਾ ਕੇ ਬੈਠ ਗਏ। ਇਸ ਦੌਰਾਨ ਪੁਲੀਸ ਨਾਲ ਖਿੱਚਧੂਹ ਦੇ ਬਾਵਜੂਦ ਪ੍ਰਦਰਸ਼ਨਕਾਰੀ ਆਪਣੀ ਗੱਲ ਕਹਿ ਕੇ ਹਟੇ ਪ੍ਰੰਤੂ ਬਾਅਦ ਵਿੱਚ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਚਾਰ ਸਕੂਲ ਬੱਸਾਂ ਵਿੱਚ ਬਿਠਾ ਕੇ ਸ਼ਹਿਰ ਤੋਂ ਬਾਹਰ ਲੈ ਗਈ। ਪਤਾ ਲੱਗਾ ਹੈ ਕਿ ਪੁਲੀਸ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸਰਹਿੰਦ ਰੇਲਵੇ ਸਟੇਸ਼ਨ ’ਤੇ ਲਿਜਾ ਕੇ ਲੁਧਿਆਣਾ ਜਾਣ ਵਾਲੀ ਗੱਡੀ ਵਿੱਚ ਚੜ੍ਹਾ ਦਿੱਤਾ।
ਇਸ ਬਾਰੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੀ ਰੈਲੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਕਿਸਾਨ ਸੰਘਰਸ਼ ਕਮੇਟੀ, ਖੇਤ ਮਜਦੂਰ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਹੋਰ ਬਹੁਤ ਸਾਰੀਆਂ ਜਥੇਬੰਦੀਆਂ ਦਾ ਭਰਪੂਰ ਸਮਰਥਨ ਸੀ ਪ੍ਰੰਤੂ ਪੰਜਾਬ ਸਰਕਾਰ ਨੇ ਸੰਘਰਸ਼ ਦੇ ਰਾਹ ਵਿੱਚ ਰੋਕਾਂ ਲਗਾ ਕੇ ਲੋਕਤੰਤਰ ਦਾ ਗਲਾ ਘੁਟਿਆ ਗਿਆ। ਉਨ੍ਹਾਂ ਦੱਸਿਆ ਕਿ ਇਕੱਲੇ ਮਾਲਵੇ ਖੇਤਰ ਵਿੱਚ 14 ਥਾਵਾਂ ’ਤੇ ਪੁਲੀਸ ਨੇ ਰੈਲੀ ਵਿੱਚ ਆ ਰਹੇ ਲੋਕਾਂ ਦਾ ਰਾਹ ਰੋਕਿਆ ਗਿਆ। ਇਸ ਤੋਂ ਇਲਾਵਾ ਮਾਂਝਾ ਅਤੇ ਦੁਆਬੇ ਵਿੱਚ ਵੀ ਕਾਫੀ ਥਾਵਾਂ ’ਤੇ ਲੋਕਾਂ ਨੂੰ ਰੋਕਿਆ ਅਤੇ ਮੋਹਰੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਦੋ ਦਿਨਾਂ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਾਫ਼ੀ ਆਗੂ ਪਹਿਲਾਂ ਹੀ ਆਪੋ ਆਪਣੇ ਘਰਾਂ ’ਚੋਂ ਰੁਪੋਸ਼ ਹੋ ਗਏ ਸੀ। ਉਨ੍ਹਾਂ ਦੱਸਿਆ ਕਿ ਮੁਹਾਲੀ ਸਮੇਤ ਹੋਰ ਜਿੱਥੇ ਕਿਤੇ ਵੀ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ। ਉੱਥੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕਈ ਥਾਵਾਂ ’ਤੇ ਪੁਤਲੇ ਵੀ ਸਾੜੇ ਗਏ ਹਨ।
ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਕਾਰਕੁਨਾਂ ਨੇ ਕਾਫਲੇ ਬਣਾ ਕੇ ਆਉਣ ਦੀ ਬਜਾਏ ਇਕੱਲੇ ਇਕੱਲੇ ਚੰਡੀਗੜ੍ਹ ਦੇ ਰਸਤੇ ਆਟੋ ਵਿੱਚ ਸਵਾਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚ ਗਏ। ਇਸ ਮਗਰੋਂ ਉਨ੍ਹਾਂ ਨੇ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅੰਬ ਸਾਹਿਬ ਦੇ ਬਾਹਰੋਂ ਹੀ ਪੁਲੀਸ ਨੇ ਉਨ੍ਹਾਂ ਦਾ ਰਾਹ ਡੱਕ ਲਿਆ। ਜਿਵੇਂ ਹੀ ਨੌਜਵਾਨਾਂ ਨੇ ਪੁਲੀਸ ਨਾਲ ਉਲਝਣ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਦਸਤੇ ਨੇ ਉਨ੍ਹਾਂ ਨੂੰ ਧੱਕੇ ਨਾਲ ਆਪਣੇ ਵਾਹਨਾਂ ਵਿੱਚ ਸੁੱਟ ਲਿਆ। ਪੁਲੀਸ ਨੇ ਇਨ੍ਹਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਬਾਅਦ ਵਿੱਚ ਹਰਿਆਣਾ ਦੇ ਬਾਰਡਰ ’ਤੇ ਲਿਜਾ ਕੇ ਛੱਡ ਦਿੱਤਾ।
ਇਸ ਮੌਕੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਮੁਹਾਲੀ ਪ੍ਰਸ਼ਾਸਨ ਨੇ ਬਿਨਾਂ ਕਿਸੇ ਠੋਸ ਅਧਾਰ ਤੋਂ ਰੈਲੀ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰਕੇ ਇਹ ਦਰਸਾ ਦਿੱਤਾ ਹੈ ਕਿ ਕਸ਼ਮੀਰੀ ਲੋਕਾਂ ਦੇ ਹੱਕ ਵਿੱਚ ਉੱਠ ਰਹੀ ਆਵਾਜ਼ ਨੂੰ ਦਬਾਉਣ ਵਿੱਚ ਕਾਂਗਰਸ ਵੀ ਭਾਜਪਾ ਤੋਂ ਕਿਸੇ ਗੱਲੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਦੇ ਕੌਮੀ ਤੇ ਪੰਜਾਬ ਦੇ ਆਗੂਆਂ ਵੱਲੋਂ ਧਾਰਾ 370 ਅਤੇ 35ਏ ਖਤਮ ਕਰਨ ਅਤੇ ਕਸ਼ਮੀਰ ਵਿੱਚ ਪਾਬੰਦੀਆਂ ਲਗਾਉਣ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਦੂਜੇ ਕੈਪਟਨ ਸਰਕਾਰ ਨੇ ਉਨ੍ਹਾਂ ਨੂੰ ਰੈਲੀ ਕਰਨ ਤੋਂ ਰੋਕ ਕੇ ਲੋਕਤੰਤਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।

Load More Related Articles
Load More By Nabaz-e-Punjab
Load More In Government

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…