Nabaz-e-punjab.com

ਸਿਹਤ ਵਿਭਾਗ ਵੱਲੋਂ ਪੋਲੀਓ ਮੁਹਿੰਮ ਸਬੰਧੀ ਪਿੰਡ ਬਲੌਂਗੀ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ

ਪੰਜਾਬ ਭਰ ਵਿੱਚ ਲਗਭਗ 10 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ-ਰੋਕੂ ਬੂੰਦਾਂ: ਸਿੱਧੂ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇੱਥੋਂ ਦੇ ਕਸਬਾਨੁਮਾ ਪਿੰਡ ਬਲੌਂਗੀ ਦੇ ਗੁਰਦੁਆਰਾ ਸਾਹਿਬ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਇਸ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 0-5 ਸਾਲ ਤੱਕ ਦੇ ਲਗਭਗ 10 ਲੱਖ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਦੇਣ ਲਈ 8 ਹਜ਼ਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਨ੍ਹਾਂ ਦੀ ਸੁਪਰਵਿਜ਼ਨ ਕਰਨ ਲਈ 800 ਸੁਪਰਵਾਈਜ਼ਰ ਲਗਾਏ ਗਏ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਦੁਨੀਆ ਭਰ ਵਿੱਚ ਪੋਲੀਓ ਨੂੰ ਜੜ੍ਹੋਂ ਖ਼ਤਮ ਕਰਨ ਦਾ ਕੰਮ ਅੰਤਿਮ ਪੜਾਅ ਵਿੱਚ ਹੈ। ਪ੍ਰੰਤੂ ਕੋਈ ਵੀ ਲੜਾਈ ਉਦੋਂ ਤੱਕ ਨਹੀਂ ਜਿੱਤੀ ਨਹੀਂ ਜਾ ਸਕਦੀ ਜਦੋਂ ਤੱਕ ਆਮ ਲੋਕ ਪੂਰਾ ਸਹਿਯੋਗ ਨਾ ਦੇਣ। ਉਨ੍ਹਾਂ ਕਿਹਾ ਕਿ ਜਿੱਥੇ ਪੂਰੇ ਸੰਸਾਰ ਵਿੱਚ ਪੋਲੀਓ ਨੂੰ ਮੁਕਤ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਉੱਥੇ ਪਾਕਿਸਤਾਨ ਅਤੇ ਅਫਗਾਨਿਸਤਾਨ ਵਰਗੇ ਦੇਸ਼ ਹਾਲੇ ਵੀ ਪੋਲੀਓ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਪੋਲੀਓ ਸਮੇਤ ਹੋਰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੁਹਿੰਮ ਅਧੀਨ ਸੂਬੇ ਦੇ ਹਰੇਕ ਬੱਚੇ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਨੂੰ ਪੋਲੀਓ ਮੁਕਤ ਬਣਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਵਲੰਟੀਅਰਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਅਵਨੀਤ ਕੌਰ, ਟੀਕਾਕਰਨ ਅਫ਼ਸਰ ਪੰਜਾਬ ਡਾ. ਜੀਬੀ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਐਸਐਮਓ ਡਾ. ਕੁਲਜੀਤ ਕੌਰ, ਮਨਜੀਤ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ, ਬੀਰ ਸਿੰਘ ਬਾਜਵਾ, ਨਿਰਮਲਜੀਤ ਸਿੰਘ, ਸਾਬਕਾ ਸਰਪੰਚ ਭਿੰਦਰਜੀਤ ਕੌਰ ਤੇ ਬੀਸੀ ਪ੍ਰੇਮੀ ਅਤੇ ਪ੍ਰੇਮ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।
(ਬਾਕਸ ਆਈਟਮ)
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਅੱਜ ਪਹਿਲੇ ਦਿਨ ਮੁਹਾਲੀ ਜ਼ਿਲ੍ਹੇ ਵਿੱਚ 66 ਹਜ਼ਾਰ 340 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਅੱਜ ਕਿਸੇ ਕਾਰਨ ਪੋਲੀਓ ਦੀ ਖੁਰਾਕ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਭਲਕੇ ਸੋਮਵਾਰ ਅਤੇ ਮੰਗਲਵਾਰ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ 1 ਲੱਖ 45 ਹਜ਼ਾਰ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…