Nabaz-e-punjab.com

ਸ਼ਾਸਤਰੀ ਮਾਡਲ ਸਕੂਲ ਵਿੱਚ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਇੱਥੋਂ ਦੇ ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿੱਚ ਮੈਨੇਜਿੰਗ ਕਮੇਟੀ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਅਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਪਹਿਲਾਂ ਦੇ ਸਮੇਂ ਤੋਂ ਲੈ ਕੇ ਅਤੇ ਗੁਰੂ ਜੀ ਦੇ ਅਵਤਾਰ ਧਾਰਨ, ਭੁੱਖੇ ਸਾਧੂਆਂ ਨੂੰ ਭੋਜਨ ਛਕਾ ਕੇ ਸੱਚਾ ਸੌਦਾ ਕਰਨ, ਗੁਰੂ ਜੀ ਦੀਆਂ ਚਾਰ ਉਦਾਸੀਆਂ, ਕਰਤਾਰਪੁਰ ਸਾਹਿਬ ਵਿੱਚ ਹੱਥੀ ਕਿਰਤ ਕਰਨ ਸਮੇਤ ਗੁਰੂ ਜੀ ਦੇ ਜੀਵਨ ਫ਼ਲਸਫ਼ੇ ਨਾਲ ਸਬੰਧਤ ਸਾਖੀਆਂ ’ਤੇ ਚਾਨਣਾ ਪਾਇਆ ਗਿਆ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦਾ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਗਿਆਨੀ ਜਸਵਿੰਦਰ ਸਿੰਘ ਨੇ ਕਥਾ ਅਤੇ ਭਾਈ ਤਵਨੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ, ਬਲਵਿੰਦਰ ਸਿੰਘ ਟੌਹੜਾ, ਭਾਜਪਾ ਕੌਂਸਲਰ ਅਰੁਣ ਸ਼ਰਮਾ, ਸੀਨੀਅਰ ਕਾਂਗਰਸ ਆਗੂ ਰਾਜਾ ਕੰਵਰਜੋਤ ਸਿੰਘ, ਮਨਜੀਤ ਸਿੰਘ ਭੱਲਾ, ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ ਤੇ ਪਰਮਜੀਤ ਸਿੰਘ ਕਾਹਲੋਂ ਅਤੇ ਗੁਰਮੀਤ ਕੌਰ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਸਕੂਲ ਦੇ ਮੈਨੇਜਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਗੁਰੂ ਜੀ ਦੇ ਅਸ਼ੀਰਵਾਦ ਨਾਲ ਅਕਾਦਮਿਕ ਸਾਲ 2018-19 ਵਿੱਚ ਅੱਵਲ ’ਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ ਭੇਂਟ ਕੀਤੇ ਗਏ। ਸਮਾਗਮ ਵਿੱਚ ਪੁੱਜੀਆਂ ਸਾਰੀਆਂ ਸੰਗਤਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਨਾਨਕ ਨਾਮ ਲੇਵਾ ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਪ੍ਰਿੰਸੀਪਲ ਸ੍ਰੀਮਤੀ ਆਰ ਬਾਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
(ਬਾਕਸ ਆਈਟਮ)
ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਐਤਵਾਰ ਨੂੰ
ਇੱਥੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਲਕੇ 3 ਨਵੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ (ਕਥਾ ਵਾਚਕ), ਭਾਈ ਲਖਵਿੰਦਰ ਸਿੰਘ (ਅੰਮ੍ਰਿਤਸਰ ਵਾਲੇ) ਅਤੇ ਭਾਈ ਬਲਵਿੰਦਰ ਸਿੰਘ ਰੰਗੀਲਾ (ਚੰਡੀਗੜ੍ਹ ਵਾਲੇ) ਸਮੇਤ ਭਾਈ ਮਨਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…