Nabaz-e-punjab.com

ਸਿਵਲ ਸਰਜਨ ਵੱਲੋਂ ਪ੍ਰਕਾਸ਼ ਪੁਰਬ ਮੌਕੇ ਨਿਮਰਤਾ ਤੇ ਪਿਆਰ ਨਾਲ ਮਰੀਜ਼ਾਂ ਦੀ ਸੇਵਾ ਕਰਨ ਦਾ ਸੁਨੇਹਾ

ਡਾਕਟਰਾਂ ਤੇ ਹੋਰ ਸਟਾਫ਼ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
‘ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨਾਲ ਨਿਮਰਤਾ ਤੇ ਪਿਆਰ ਭਰਿਆ ਵਿਹਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਨਿਸ਼ਕਾਮ ਸੇਵਾ ਨੂੰ ਸਮਰਪਿਤ ਤੇ ਇਮਾਨਦਾਰੀ ਨਾਲ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਹੀ ਅਤੇ ਅਸਲ ਮਾਅਨਿਆਂ ਵਿੱਚ ਮਨਾਇਆ ਜਾ ਸਕੇ।’ ਇਹ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਅੱਜ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਡਾ. ਮਨਜੀਤ ਸਿੰਘ ਨੇ ਕਿਹਾ ਕਿ ਬਾਬੇ ਨਾਨਕ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ’ਤੇ ਹਰ ਕਿਸੇ ਨੂੰ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਡਾਕਟਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਧਰਮ-ਨਸਲ, ਜਾਤ-ਪਾਤ, ਰੰਗ-ਰੂਪ ਆਦਿ ਵਲਗਣਾਂ ਤੋਂ ਉੱਤੇ ਉੱਠ ਕੇ ਦੀਨ-ਦੁਖੀਆਂ ਦੀ ਤਨਦੇਹੀ ਤੇ ਲਗਨ ਨਾਲ ਸੇਵਾ ਕੀਤੀ ਜਾਵੇ। ‘ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆਂ ਤਤੁ’ ਦੇ ਮਹਾਂਵਾਕ ਦਾ ਹਵਾਲਾ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਹਰ ਕਿਸੇ ਦੀ ਜ਼ੁਬਾਨ ਵਿੱਚ ਮਿਠਾਸ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਮਰੀਜ਼ ਨਾਲ ਪਿਆਰ ਤੇ ਮਿਠਾਸ ਘੋਲਾਂਗੇ ਤਾਂ ਉਸ ਦਾ ਅੱਧਾ ਦੁੱਖ ਤਾਂ ਇੰਝ ਹੀ ਘੱਟ ਜਾਵੇਗਾ। ਉਨ੍ਹਾਂ ਕਿਹਾ ਕਿ ਅਣਸੁਖਾਵੀਂ ਸਥਿਤੀ ਪੈਦਾ ਹੋਣ ’ਤੇ ਮਰੀਜ਼ ਗੁੱਸੇ ਦਾ ਪ੍ਰਗਟਾਵਾ ਕਰਦੇ ਹਨ ਤਾਂ ਵੀ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਆਪਣਾ ਆਪਾ ਨਹੀਂ ਖੋਣਾ ਚਾਹੀਦਾ ਅਤੇ ਨਿਮਰਤਾ ਤੇ ਸਹਿਜਤਾ ਨਾਲ ਸਥਿਤੀ ਨੂੰ ਸੰਭਾਲਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਅੱਜ ਜਦ ਕੁਲ ਦੁਨੀਆਂ ਵਿੱਚ ਪੂਰੇ ਜਾਹੋ-ਜਲਾਲ ਤੇ ਸ਼ਰਧਾ-ਭਾਵਨਾ ਨਾਲ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਤਾਂ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਾਗੂ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਸਿੱਖਿਆਵਾਂ ਤੇ ਕੀਮਤੀ ਬੋਲ ਮਨੁੱਖਤਾ ਦੀਆਂ ਦੁੱਖ-ਤਕਲੀਫ਼ਾਂ ਦੂਰ ਕਰਨ ਅਤੇ ਉਸ ਦੀ ਭਲਾਈ ਤੇ ਖ਼ੁਸ਼ਹਾਲੀ ਲਈ ਹਨ। ਇਸ ਦੌਰਾਨ ਸਿਵਲ ਸਰਜਨ ਨੇ ਵੱਖ ਵੱਖ ਸਰਕਾਰੀ ਹਸਪਤਾਲਾਂ ਵਿੱਚ ਜੇਰੇ ਇਲਾਜ ਮਰੀਜ਼ਾਂ ਨੂੰ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਲੱਡੂ ਵੀ ਵੰਡੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…