Nabaz-e-punjab.com

ਡੀਸੀ ਵੱਲੋਂ ਦੰਗਾ ਪੀੜਤ ਪਰਿਵਾਰਾਂ ਨੂੰ ਮਕਾਨ ਅਲਾਟ ਕਰਨ ਲਈ 4 ਮੈਂਬਰੀ ਕਮੇਟੀ ਦਾ ਗਠਨ

ਕਮੇਟੀ ਦੀ ਸਰਵੇ ਰਿਪੋਰਟ ਮਿਲਣ ਤੋਂ ਬਾਅਦ ਮਕਾਨ ਅਲਾਟ ਕਰਨ ਦੀ ਸ਼ੁਰੂ ਹੋਵੇਗੀ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਮੁਹਾਲੀ ਦੇ ਵੱਖ ਵੱਖ ਫੇਜ਼ਾਂ ਅਤੇ ਸੈਕਟਰਾਂ ਵਿੱਚ ਸਰਕਾਰੀ ਮਕਾਨਾਂ ’ਤੇ ਕਾਬਜ਼ਕਾਰ 1984 ਦੇ ਸਿੱਖ ਦੰਗਾ ਪੀੜਤ ਪਰਿਵਾਰਾਂ ਨੂੰ ਜਲਦੀ ਹੀ ਸਬੰਧਤ ਮਕਾਨ ਅਲਾਟ ਹੋਣ ਦੀ ਆਸ ਬੱਝ ਗਈ ਹੈ। ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਜੋ ਕਿ ਦੰਗਾ ਪੀੜਤ ਅਲਾਟਮੈਂਟ ਕਮੇਟੀ ਦੇ ਚੇਅਰਮੈਨ ਵੀ ਹਨ ਨੇ ਸਿੱਖ ਦੰਗਾ ਪੀੜਤਾਂ ਦੇ ਨੁਮਾਇੰਦਿਆਂ ਨੂੰ ਆਪਣੇ ਦਫ਼ਤਰ ਵਿੱਚ ਸੱਦ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਗਮਾਡਾ ਦੇ ਅਧਿਕਾਰੀ ਵੀ ਸ਼ਾਮਲ ਹੋਏ। ਡੀਸੀ ਨੇ ਦੋਵਾਂ ਪੱਖਾਂ ਦੀ ਗੱਲ ਸੁਣਨ ਤੋਂ ਬਾਅਦ ਇਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਦੋ ਸਰਕਾਰੀ ਅਧਿਕਾਰੀ ਜਿਨ੍ਹਾਂ ਵਿੱਚ ਆਰਆਰਏ ਬ੍ਰਾਂਚ ਦਾ ਅਧਿਕਾਰੀ ਰਮਨਜੀਤ ਸਿੰਘ ਤੇ ਗਮਾਡਾ ਦਾ ਕਮਲ ਕੁਮਾਰ ਅਤੇ ਦੰਗਾ ਪੀੜਤਾਂ ਦੇ ਨੁਮਾਇੰਦੇ ਸੁਖਵਿੰਦਰ ਸਿੰਘ ਭਾਟੀਆ ਅਤੇ ਤੇਜਿੰਦਰ ਸਿੰਘ ਓਬਰਾਏ ਨੂੰ ਸ਼ਾਮਲ ਕੀਤਾ ਗਿਆ ਹੈ। ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ, ਅਸਟੇਟ ਅਫ਼ਸਰ (ਹਾਊਸਿੰਗ) ਮਹੇਸ਼ ਬਾਂਸਲ, ਸਹਾਇਕ ਕਮਿਸ਼ਨ (ਜਨਰਲ) ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ।
ਇਹ ਚਾਰ ਮੈਂਬਰੀ ਕਮੇਟੀ ਵੱਖ ਵੱਖ ਫੇਜ਼ਾਂ ਅਤੇ ਸੈਕਟਰਾਂ ਵਿਚਲੇ ਸਰਕਾਰੀ ਮਕਾਨਾਂ ਵਿੱਚ ਸਾਲ 2011 ਤੋਂ ਪਹਿਲਾਂ ਦੇ ਰਹਿ ਰਹੇ ਦੰਗਾ ਪੀੜਤਾਂ ਦੀ ਸ਼ਨਾਖ਼ਤ ਕਰੇਗੀ ਅਤੇ ਇਸ ਦੇ ਨਾਲ ਹੀ ਸਰਕਾਰੀ ਮਕਾਨਾਂ ਵਿੱਚ ਰਹਿੰਦੇ ਪੁੱਡਾ ਗਮਾਡਾ ਦੇ ਮੁਲਾਜ਼ਮਾਂ ਬਾਰੇ ਰਿਪੋਰਟ ਤਿਆਰ ਕਰਕੇ ਅਗਲੀ ਕਾਰਵਾਈ ਲਈ ਡੀਸੀ ਦਫ਼ਤਰ ਨੂੰ ਦਿੱਤੀ ਜਾਵੇਗੀ। ਅੱਜ ਹੋਈ ਇਸ ਸਾਂਝੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਸਬੰਧਤ ਦੰਗਾ ਪੀੜਤਾਂ ਨੂੰ ਮਕਾਨਾਂ ਦੀ ਅਲਾਟਮੈਂਟ ਬਾਰੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਕੁਝ ਦਿਨ ਪਹਿਲਾਂ ਹੀ ਸਿੱਖ ਕਤਲੇਆਮ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਪੀੜਤ ਪਰਿਵਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੂੰ ਜਲਦੀ ਮਕਾਨ ਅਲਾਟ ਕੀਤੇ ਜਾਣ। ਵਫ਼ਦ ਨੇ ਇਹ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਹਫ਼ਤੇ ਤੱਕ ਮਕਾਨਾਂ ਦੀ ਅਲਾਟਮੈਂਟ ਦੀ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ। ਅੱਜ ਪੀੜਤ ਪਰਿਵਾਰ ਆਏ ਤਾਂ ਧਰਨਾ ਦੇਣ ਸੀ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਇਸ ਜਾਇਜ਼ ਮੰਗ ’ਤੇ ਗੌਰ ਕਰਦਿਆਂ ਜਲਦੀ ਮਕਾਨ ਅਲਾਟ ਕਰਨ ਦਾ ਭਰੋਸਾ ਦਿੱਤਾ। ਜਿਸ ਕਾਰਨ ਧਰਨਾ ਮੁਲਤਵੀ ਕਰ ਦਿੱਤਾ ਗਿਆ। ਮੀਟਿੰਗ ਵਿੱਚ ਦੰਗਾ ਪੀੜਤ ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਬਬਲੂ, ਰਣਜੀਤ ਕੌਰ, ਦਵਿੰਦਰ ਸਿੰਘ ਅਤੇ ਹੋਰ ਪੀੜਤ ਪਰਿਵਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…