Nabaz-e-punjab.com

ਭ੍ਰਿਸ਼ਟਾਚਾਰ ਦਾ ਮਾਮਲਾ: ਆਖਰਕਾਰ ਸੱਚ ਦੀ ਜਿੱਤ ਹੋਈ: ਕੈਪਟਨ ਅਮਰਿੰਦਰ ਸਿੰਘ

ਲੁਧਿਆਣਾ ਸਿਟੀ ਸੈਂਟਰ ਦੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮ ਬਾਇੱਜ਼ਤ ਬਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਲੁਧਿਆਣਾ, 27 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਸਿਰ੍ਹੇ ਤੋਂ ਖਾਰਜ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਲੜਾਈ ਦੀ ਜਿੱਤ ਦੱਸਿਆ ਹੈ। ਇਸ ਕੇਸ ’ਤੇ ਅਦਾਲਤ ਵੱਲੋਂ ਫੈਸਲਾ ਸੁਣਾਉਣ ਤੋਂ ਬਾਅਦ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਦੀ ਜਿੱਤ ਹੋਣ ਦੇ ਨਾਲ-ਨਾਲ ਸਿਆਸੀ ਤੌਰ ’ਤੇ ਪ੍ਰੇਰਿਤ ਦੋਸ਼ਾਂ ਵਿਰੁੱਧ ਉਨ੍ਹਾਂ ਦੇ ਸਟੈਂਡ ਦੀ ਵੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਮਾਮਲੇ ਵਿੱਚ ਵੀ ਮੁੱਖ ਮੰਤਰੀ ਨੂੰ ਬਾਇੱਜ਼ਤ ਬਰੀ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ ਵਿੱਚ ਉਨ੍ਹਾਂ ਅਤੇ ਪਰਿਵਾਰਕ ਮੈਂਬਰਾਂ ਦਾ ਕਾਨੂੰਨ ਅਤੇ ਅਦਾਲਤ ਵਿੱਚ ਹਮੇਸ਼ਾ ਹੀ ਅਟੁੱਟ ਵਿਸ਼ਵਾਸ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਜਿੱਤ ਲਈ 13 ਸਾਲ ਦਾ ਸਮਾਂ ਲੱਗਾ ਪਰ ਅਦਾਲਤ ਦੇ ਫੈਸਲੇ ਨੇ ਇਹ ਸਿੱਧ ਕਰ ਦਿੱਤਾ ਕਿ ਆਖ਼ਰ ਵਿੱਚ ਜਿੱਤ ਸਚਾਈ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਰਾਂ ਵੱਲੋਂ ਅਦਾਲਤ ਸਾਹਮਣੇ ਸਬੂਤਾਂ ਵਜੋਂ ਪੇਸ਼ ਕੀਤੇ ਮਨਘੜਤ ਝੂਠਾਂ ਦਾ ਕੋਈ ਵਜੂਦ ਨਹੀਂ ਸੀ ਅਤੇ ਨਿਰਲੱਜਤਾ ਨਾਲ ਮਾਰੇ ਗਏ ਝੂਠਾਂ ਤੋਂ ਪੂਰੀ ਤਰ੍ਹਾਂ ਪਰਦਾ ਚੁੱਕਿਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਪੀੜਤਾਂ ਨੂੰ ਵੀ ਕੀਮਤ ਚੁਕਾਉਣੀ ਪਈ ਕਿਉਂਕਿ ਉਨ੍ਹਾਂ ਨੂੰ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਮੁਕਤ ਹੋਣ ਅਤੇ ਸਾਖ ਦੀ ਬਹਾਲੀ ਲਈ ਉਡੀਕ ਕਰਨੀ ਪਈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ 36 ਮੁਲਜ਼ਮਾਂ ਵਿੱਚੋਂ ਪੰਜ ਮੁਲਜ਼ਮ, ਕੇਸ ਦੀ ਸੁਣਵਾਈ ਦੇ ਲੰਮੇ ਅਰਸੇ ਦੌਰਾਨ, ਇਸ ਘੁਟਾਲੇ ਵਿੱਚ ਆਪਣੀ ਸ਼ਮੂਲੀਅਤ ਹੋਣ ਦੇ ਦੋਸ਼ਾਂ ਦਾ ਦੁੱਖ ਲੈ ਕੇ ਇਸ ਦੁਨੀਆਂ ਤੋਂ ਚਲੇ ਗਏ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਲੋਕਾਂ ’ਤੇ ਲੱਗੇ ਦੋਸ਼ ਖਾਰਸ ਹੋ ਜਾਣ ਨਾਲ ਇਨ੍ਹਾਂ ਦੇ ਪਰਿਵਾਰਕ ਮੈਂਬਰ ਹੁਣ ਸ਼ਾਂਤੀ ਨਾਲ ਰਹਿ ਸਕਦੇ ਹਨ।
ਅਦਾਲਤ ਨੇ ਅੱਜ ਸਾਰੇ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਸੈਸ਼ਨ ਕੋਰਟ ਦੇ ਜੱਜ ਗੁਰਬੀਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਸਾਰੇ ਮੁਲਜ਼ਮਾਂ ਨੂੰ ਕਲੀਨ ਚਿੱਟ ਦੇਣ ਬਾਰੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਕਿਸੇ ਵੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਜੱਜ ਨੇ ਫੈਸਲਾ ਸੁਣਾਇਆ ਕਿ ਕਿਸੇ ਮੁਲਜ਼ਮ ਵਿਰੁੱਧ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਨਹੀਂ ਸੀ ਹਾਲਾਂਕਿ ਉਹ ਆਪਣੇ ਸੀਨੀਅਰ ਦੇ ਹੁਕਮਾਂ ਦੀ ਅਦੂਲੀ ਕੀਤੇ ਜਾਣ ਦਾ ਕਸੂਰਵਾਰ ਹੋ ਸਕਦਾ ਸੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…