Nabaz-e-punjab.com

ਸਿੱਖਿਆ ਵਿਭਾਗ ਵੱਲੋਂ ‘ਮਸ਼ਾਲ’ ਪ੍ਰਾਜੈਕਟ ਅਧੀਨ ਅਧਿਆਪਕਾਂ ਦੀ ਸਿਖਲਾਈ ਵਰਕਸ਼ਾਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਸਿੱਖਿਆ ਵਿਭਾਗ ਵੱਲੋਂ ‘ਮਸ਼ਾਲ’ ਪ੍ਰਾਜੈਕਟ ਅਧੀਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਦੀ ਇਕ ਰੋਜ਼ਾ ਗਾਈਡੈਂਸ ਅਤੇ ਕੌਂਸਲਿੰਗ ਸਿਖਲਾਈ ਵਰਕਸ਼ਾਪ ਸੋਮਵਾਰ ਨੂੰ ਮੁੱਖ ਦਫ਼ਤਰ ਵਿੱਚ ਲਗਾਈ ਗਈ। ਸੂਬਾ ਕੋਆਰਡੀਨੇਟਰ ਜਯੋਤੀ ਸੋਨੀ ਨੇ ਦੱਸਿਆ ਕਿ ਜਿਨ੍ਹਾਂ ਅਧਿਆਪਕਾਂ ਨੂੰ ਗਾਈਡੈਂਸ ਅਤੇ ਕੌਂਸਲਰ ਵਜੋਂ ਸਿਖਲਾਈ ਪ੍ਰਦਾਨ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਮਨੋਵਿਗਿਆਨਕ ਸੇਧ ਦੇਣ ਲਈ ਜੁਲਾਈ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ 14 ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਇਹ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਿਆਰਥੀ ਕਈ ਮਾਨਸਿਕ ਸਮੱਸਿਆਵਾਂ ਕਾਰਨ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਹੀ ਮਨੋਵਿਗਿਆਨਕ ਸੇਧ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਇਕ ਅਧਿਆਪਕ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਜੋ ਉਨ੍ਹਾਂ ਨੂੰ ਹਰ ਖੇਤਰ ਵਿੱਚ ਸਹੀ ਸੇਧ ਪ੍ਰਦਾਨ ਕਰਦਾ ਹੈ। ਇਸ ਲਈ ਵਿਭਾਗ ਵੱਲੋਂ ਅਧਿਆਪਕਾਂ ਨੂੰ ਇਸ ਸੰਬੰਧੀ ਸਿੱਖਿਅਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਸਿਖਲਾਈ ਪ੍ਰਾਪਤ ਅਧਿਆਪਕ ਆਪੋ-ਆਪਣੇ ਸਕੂਲਾਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਦੇਣਗੇ ਤਾਂ ਜੋ ਸਕੂਲਾਂ ਵਿੱਚ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਉਨ੍ਹਾਂ ਨੂੰ ਸਹੀ ਸੇਧ ਪ੍ਰਦਾਨ ਕੀਤੀ ਜਾ ਸਕੇ।
ਇਸ ਮੌਕੇ ਰਿਸੋਰਸ ਪਰਸਨ ਸਾਈਕੋਲੋਜਿਸਟ ਰਣਜੀਤ ਪਵਾਰ ਅਤੇ ਹਰਦੀਪ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਮਨੋਵਿਗਿਆਨਕ ਸਮੱਸਿਆਵਾਂ ਨੂੰ ਹੱਲ ਕਰਕੇ ਉਨ੍ਹਾਂ ਨੂੰ ਜੀਵਨ ਵਿੱਚ ਸਹੀ ਦਿਸ਼ਾ ਪ੍ਰਦਾਨ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਸ਼ਾਲ ਪ੍ਰਾਜੈਕਟ ਅਧੀਨ ਦਿੱਤੀ ਜਾ ਰਹੀ ਇਹ ਸਿਖਲਾਈ ਵਿਦਿਆਰਥੀਆਂ ਲਈ ਬਹੁਤ ਉਪਯੋਗੀ ਸਾਬਤ ਹੋਵੇਗੀ।
ਇਸ ਮੌਕੇ ਸੂਬਾ ਰਿਸੋਰਸ ਪਰਸਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਦੀਆਂ ਮਾਨਸਿਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਤੇ ਉਨ੍ਹਾਂ ਨੂੰ ਕਰੀਅਰ ਸਬੰਧੀ ਸਹੀ ਸੇਧ ਦੇਣ ਲਈ ਵੈੱਬਸਾਈਟ ਲਿੰਕ ਤਿਆਰ ਕੀਤਾ ਗਿਆ ਹੈ। ਜਿਸ ਨੂੰ ਅਧਿਆਪਕ ਸਿੱਖਿਆ ਵਿਭਾਗ ਦੀ ਵੈੱਬਸਾਈਟ ਤੋਂ ਲਾਗਇਨ ਕਰ ਸਕਦਾ ਹੈ ਅਤੇ ਵਿਦਿਆਰਥੀਆਂ ਨਾਲ ਸਬੰਧਤ ਸਮੱਸਿਆਵਾਂ ਦਰਜ ਕਰ ਸਕਦਾ ਹੈ। ਇਸ ਦਾ ਹੱਲ ਸਟੇਟ ਪੱਧਰ ’ਤੇ ਮਨੋਵਿਗਿਆਨਕਾਂ ਵੱਲੋਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਵਿਦਿਆਰਥੀ ਵੀ ਇਸ ਸਾਈਟ ਉੱਪਰ ਮੌਜੂਦ ਗੂਗਲ ਫਾਰਮ ਤੇ ਆਪਣੀਆਂ ਸਮੱਸਿਆਵਾਂ ਲਿਖ ਸਕਦਾ ਹੈ। ਜਿਸ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਸਟੇਟ ਪੱਧਰ ਤੇ ਮੌਜੂਦ ਮਨੋਵਿਗਿਆਨਕ ਵਿਦਿਆਰਥੀ ਦੀ ਸਮੱਸਿਆ ਦਾ ਸਮਾਧਾਨ ਲਿਖ ਕੇ ਦੇਣਗੇ। ਇਸ ਤੋਂ ਇਲਾਵਾ ਇਸ ਸਾਈਟ ’ਤੇ ਵੱਖ-ਵੱਖ ਕਿੱਤਿਆਂ ਸਬੰਧੀ ਜਾਣਕਾਰੀ, ਵੱਖ-ਵੱਖ ਕਾਲਜਾਂ ਅਤੇ ਕੋਰਸਾਂ ਸਬੰਧੀ ਜਾਣਕਾਰੀ ਵੀ ਉਪਲਬਧ ਰਹੇਗੀ, ਜਿਸ ਨੂੰ ਸਮੇਂ-ਸਮੇਂ ’ਤੇ ਅੱਪਡੇਟ ਕੀਤਾ ਜਾਂਦਾ ਰਹੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…