nabaz-e-punjab.com

ਪਾਕ ਡਰੋਨ ਮਾਮਲਾ: ਐਨਆਈਏ ਵੱਲੋਂ 3 ਮੁਲਜ਼ਮ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ

ਮੁਹਾਲੀ ਦੀ ਐਨਆਈਏ ਅਦਾਲਤ ਨੇ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਡਰੋਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਬਾਰੇ ਐਨਆਈਏ ਨੇ ਲਿਖਤੀ ਪੱਖ ਰੱਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵਾਲੇ ਪਾਸਿਓਂ ਹਥਿਆਰਾਂ ਦੀ ਤਸਕਰੀ ਲਈ ਵਰਤੇ ਗਏ ਡਰੋਨਾਂ ਦੀ ਬਰਾਮਦਗੀ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਅੱਜ ਖਾਲਿਸਤਾਨ ਜਿੰਦਾਬਾਦ ਫੋਰਸ ਨਾਲ ਸਬੰਧਤ 3 ਖਾੜਕੂ ਕਾਰਕੁਨਾਂ ਬਲਬੀਰ ਸਿੰਘ ਉਰਫ਼ ਬਿੰਦਾ, ਹਰਭਜਨ ਸਿੰਘ ਅਤੇ ਰੋਮਨਦੀਪ ਸਿੰਘ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕਰਕੇ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਐਨਆਈਏ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲੈਣ ਲਈ ਅਦਾਲਤ ਵਿੱਚ ਤਰਕ ਦਿੱਤਾ ਕਿ ਇਸ ਕੇਸ ਵਿੱਚ ਕੁਝ ਹੋਰ ਮਹੱਤਵਪੂਰਨ ਤੱਥ ਸਾਹਮਣੇ ਆਏ ਹਨ। ਜਿਨ੍ਹਾਂ ਪੁੱਛਗਿੱਛ ਕਰਨੀ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਦਿਆਂ ਮੁਲਜ਼ਮਾਂ ਨੂੰ 9 ਦਸੰਬਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਆਖਿਆ ਹੈ। ਇਸ ਮਾਮਲੇ ਵਿੱਚ ਐਨਆਈਏ ਵੱਲੋਂ ਬਾਬਾ ਬਲਵੰਤ ਸਿੰਘ, ਆਕਾਸ਼ਦੀਪ ਸਿੰਘ ਰੰਧਾਵਾ, ਸ਼ੁਭਦੀਪ ਸਿੰਘ, ਮਾਨ ਸਿੰਘ, ਸਾਜਨ ਪ੍ਰੀਤ ਸਿੰਘ ਅਤੇ ਗੁਰਦੇਵ ਸਿੰਘ ਪਹਿਲਾਂ ਹੀ ਨਿਆਇਕ ਹਿਰਾਸਤ ਅਧੀਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ। ਅੱਜ ਇਨ੍ਹਾਂ ਸਾਰੇ ਮੁਲਜ਼ਮਾਂ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਬਲਬੀਰ ਸਿੰਘ ਦਿਲ ਦਾ ਮਰੀਜ਼ ਹੈ। ਅਦਾਲਤ ਨੇ ਉਸ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
ਉਧਰ, ਮੁਲਜ਼ਮ ਆਕਾਸ਼ਦੀਪ ਸਿੰਘ ਰੰਧਾਵਾ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਪੰਜਾਬ ਪੁਲੀਸ ਵੱਲੋਂ ਸਰਹੱਦੀ ਇਲਾਕੇ ’ਚੋਂ ਬਰਾਮਦ ਡਰੋਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕਰਦਿਆਂ ਡਰੋਨਾਂ ਨਾਲ ਛੇੜਛਾੜ ਹੋਣ ਦਾ ਖ਼ਦਸ਼ਾਂ ਪ੍ਰਗਟ ਕੀਤਾ। ਇਸ ਸਬੰਧੀ ਐਨਆਈਏ ਨੇ ਅੱਜ ਕੇਸ ਦੀ ਸੁਣਵਾਈ ਦੌਰਾਨ ਆਪਣਾ ਪੱਖ ਰੱਖਦਿਆਂ ਕਿਹਾ ਕਿ ਡਰੋਨ ਅਤੇ ਅਸੈਸਰੀਜ਼ ਟਰਾਈਲ ਦੇ ਦੌਰਾਨ ਅਦਾਲਤ ਵਿੱਚ ਪੇਸ਼ ਕੀਤੇ ਜਾ ਸਕਦੇ ਹਨ ਲੇਕਿਨ ਹੁਣ ਨਹੀਂ। ਐਨਆਈਏ ਨੇ ਆਪਣੀ ਅਰਜ਼ੀ ਵਿੱਚ ਕਿਹਾ ਕਿ ਮੁਲਜ਼ਮ ਕਿਵੇਂ ਕਹਿ ਸਕਦਾ ਹੈ ਕਿ ਡਰੋਨ ਨਾਲ ਛੇੜਛਾੜ ਹੋ ਸਕਦੀ ਹੈ।
ਮੁਲਜ਼ਮ ਆਕਾਸ਼ਦੀਪ ਦੇ ਵਕੀਲ ਸਿਮਰਨਜੀਤ ਸਿੰਘ ਨੇ ਦਲੀਲ ਦਿੱਤੀ ਕਿ ਡਰੋਨ ਨਾਲ ਕੋਈ ਵੀ ਛੇੜਛਾੜ ਕੀਤੀ ਜਾ ਸਕਦੀ ਹੈ। ਉਸਨੇ ਕਿਹਾ ਕਿ ਕਦੇ ਪੁਲੀਸ ਇਕ ਡਰੋਨ ਦਾ ਜ਼ਿਕਰ ਕਰਦੀ ਹੈ ਅਤੇ ਕਦੇ ਤਿੰਨ ਡਰੋਨ ਤੋਂ ਜ਼ਿਆਦਾ ਹੋਣ ਦੀ ਗੱਲ ਕਹਿੰਦੀ ਹੈ। ਇਸ ਲਈ ਪੰਜਾਬ ਪੁਲੀਸ ਨੂੰ ਜਿੰਨੇ ਵੀ ਡਰੋਨ ਮਿਲੇ ਹਨ, ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਉਧਰ, ਇਸ ਮਾਮਲੇ ਵਿੱਚ ਨਾਮਜ਼ਦ ਮਲਕੀਤ ਸਿੰਘ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਵੱਖਰੀ ਅਰਜ਼ੀ ਦਾਇਰ ਕਰਕੇ ਪੰਜਾਬ ਪੁਲੀਸ ਵੱਲੋਂ ਬਰਾਮਦ ਕੀਤੇ ਗਏ ਡਰੋਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਹੈ। ਜਿਸ ’ਤੇ ਫੈਸਲਾ ਵਿਚਾਰ ਅਧੀਨ ਰੱਖਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਦੇ ਸਪੈਸ਼ਲ ਸੈਲ ਅੰਮ੍ਰਿਤਸਰ ਨੂੰ ਬੀਤੀ 22 ਸਤੰਬਰ ਨੂੰ ਸਰਹੱਦੋਂ ਪਾਰ ਆਏ ਡਰੋਨਾਂ ਰਾਹੀਂ ਕੁਝ ਮਾਰੂ ਹਥਿਆਰ ਬਰਾਮਦ ਹੋਏ ਸਨ। ਪੁਲੀਸ ਨੇ ਉਕਤ ਖਾੜਕੂਆਂ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਦੋਸ਼ ਲਗਾਇਆ ਸੀ ਕਿ ਪਾਕਿਸਤਾਨ ਵਿੱਚ ਬੈਠੇ ਰਣਜੀਤ ਸਿੰਘ ਨੀਟਾ ਦੇ ਹੁਕਮਾਂ ’ਤੇ ਡਰੋਨ ਰਾਹੀਂ ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਹਥਿਆਰ ਭੇਜੇ ਗਏ ਹਨ। ਉਕਤ ਸਾਰੇ ਖਾੜਕੂਆਂ ਖ਼ਿਲਾਫ਼ ਧਾਰਾ 489, 489ਏ, 489ਬੀ, 489ਸੀ, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…