Share on Facebook Share on Twitter Share on Google+ Share on Pinterest Share on Linkedin ਹੈਰੋਇਨ ਤਸਕਰੀ ਮਾਮਲਾ: ਐਨਆਈਏ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਅਦਾਲਤ ਦੇ ਬਾਹਰ ਆਪਣੀ ਸੱਸ ਤੇ ਦੋ ਛੋਟੇ ਬੱਚਿਆਂ ਨੂੰ ਗਲੇ ਮਿਲ ਕੇ ਭਾਵੁਕ ਹੋਈ ਮੁਲਜ਼ਮ ਸੰਦੀਪ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਦਸੰਬਰ: ਨੈਸ਼ਨਲ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਸਰ ਦੇ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਵਿੱਚ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਦੋ ਮੁਲਜ਼ਮਾਂ ਸੰਦੀਪ ਕੌਰ ਅਤੇ ਨਿਰਭੈਲ ਸਿੰਘ ਨੂੰ 5 ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਬੁੱਧਵਾਰ ਨੂੰ ਦੁਬਾਰਾ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ 18 ਦਸੰਬਰ ਤੱਕ ਜੇਲ੍ਹ ਭੇਜ ਦਿੱਤਾ। ਉਧਰ, ਮੁਲਜ਼ਮ ਸੰਦੀਪ ਕੌਰ ਦੀ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਮਹਿਲਾ ਮੁਲਜ਼ਮ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 16 ਦਸੰਬਰ ਤੱਕ ਅੱਗੇ ਟਾਲ ਦਿੱਤੀ ਹੈ। ਐਨਆਈਏ ਦੇ ਸੀਨੀਅਰ ਵਕੀਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਲੋੜੀਂਦੇ ਮੁੱਖ ਮੁਲਜ਼ਮ ਰਣਜੀਤ ਰਾਣਾ ਜੋ ਇਸ ਵੇਲੇ ਫਰਾਰ ਹੈ ਵੱਲੋਂ ਜ਼ਮੀਨ ਦੀ ਖ਼ਰੀਦੋ ਫ਼ਰੋਖ਼ਤ ਸਬੰਧੀ ਰਜਿਸਟਰੀ ਤੇ ਹੋਰ ਦਸਤਾਵੇਜ਼ ਸੰਦੀਪ ਕੌਰ ਦੇ ਘਰੋਂ ਮਿਲੇ ਸੀ। ਉਂਜ ਵੀ ਸੰਦੀਪ ਦੇ ਕਈ ਨਜ਼ਦੀਕੀ ਰਿਸ਼ਤੇਦਾਰ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਹਨ। ਇੱਥੋਂ ਤੱਕ ਕਿ ਉਸ ਦਾ ਪਤੀ ਵੀ ਗ੍ਰਿਫ਼ਤਾਰ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਸੰਦੀਪ ਕੌਰ ਦੀ ਜ਼ਮਾਨਤ ਦੀ ਅਰਜ਼ੀ ਉਕਤ ਅਦਾਲਤ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ। ਉਧਰ, ਅੱਜ ਅਦਾਲਤ ਦੇ ਬਾਹਰ ਮੁਲਜ਼ਮ ਸੰਦੀਪ ਕੌਰ ਦੇ ਨਰਸਰੀ ਕਲਾਸ ਵਿੱਚ ਪੜ੍ਹਦੇ ਦੋ ਬੱਚਿਆਂ ਅਤੇ ਉਸ ਦੀ ਸੱਸ ਜਸਬੀਰ ਕੌਰ ਨੇ ਵੀ ਮੁਲਾਕਾਤ ਕੀਤੀ ਤਾਂ ਸੰਦੀਪ ਕੌਰ ਆਪਣੇ ਬੱਚਿਆਂ ਨੂੰ ਗਲ ਨਾਲ ਲਗਾ ਕੇ ਭਾਵੁਕ ਹੋ ਗਈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ 5836 ਕਿੱਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਦੋ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 2600 ਕਰੋੜ ਰੁਪਏ ਦੱਸੀ ਗਈ ਹੈ। ਏਨੀ ਵੱਡੀ ਮਾਤਰਾ ਵਿੱਚ ਨਸ਼ੇ ਦੀ ਖੇਪ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਲਿਆਂਦੀ ਜਾ ਰਹੀ ਸੀ। ਇਹ ਨਸ਼ੀਲੇ ਪਦਾਰਥ ਇਕ ਟਰੱਕ ਵਿੱਚ ਬੈਗਾਂ ਦੇ ਥੱਲੇ ਛੁਪਾ ਕੇ ਰੱਖੇ ਹੋਏ ਸੀ। ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੀਤੀ 29 ਜੂਨ ਨੂੰ ਉਸ ਸਮੇਂ ਆਪਣੀ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਉਹ ਅਟਾਰੀ ਬਾਰਡਰ ਦੇ ਰਾਹੀਂ ਟਰੱਕ ਵਿੱਚ ਸਮਾਨ ਲੈ ਕੇ ਪੰਜਾਬ ਆ ਰਿਹਾ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸੀ। ਪੁੱਛਗਿੱਛ ਦੌਰਾਨ ਗੁਰਪਿੰਦਰ ਦੀ ਨਿਸ਼ਾਨਦੇਹੀ ’ਤੇ ਕਸ਼ਮੀਰੀ ਨੌਜਵਾਨ ਤਾਰਿਕ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ